ਜਲੰਧਰ/ਧੂਰੀ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਦੇਸ਼ ਭਰ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਅੱਜ ਇਥੇ ਧੂਰੀ ਵਿਧਾਨ ਸਭਾ ਹਲਕੇ ਦੇ ਧੰਨਵਾਦੀ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਕੈਦੀਆਂ ਦੀ ਰਿਹਾਈ ਲਈ ਭਰਪੂਰ ਯਤਨ ਕਰ ਰਹੀ ਹੈ ਜੋ ਸ਼ਜਾ ਪੂਰੀ ਹੋਣ ਉਪਰੰਤ ਵੀ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੰਚ ਬੰਦ ਹਨ। ਸ. ਬਾਦਲ ਨੇ ਕਿਹਾ ਕਿ ਇਹ ਇਕ ਸੰਵੇਦਨਸ਼ੀਲ ਮਸਲਾ ਹੈ ਤੇ ਸੂਬਾ ਸਰਕਾਰ ਇਸ ਨਾਲ ਪੈਦਾ ਹੋਏ ਹਲਾਤਾਂ ਤੇ ਪੈਨੀ ਨਜ਼ਰ ਰੱਖੀ ਬੈਠੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਸਲੇ ਨੂੰ ਚੰਗੀ ਤਰ੍ਹਾਂ ਨਾਲ ਸਮਝੇ ਬਗੈਰ ਕੋਈ ਵੀ ਕਦਮ ਨਾ ਚੁੱਕਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਵਿਕਅਤੀ ਨੂੰ ਸੂਬੇ ਦੀ ਸਾਂਤੀ ਭੰਗ ਕਰਨ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਸੂਬੇ ਵਿੱਚ ਸਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸ. ਬਾਦਲ ਨੇ ਖਾਸ ਤੌਰ ਤੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਹੈ ਕਿ ਉਹ ਸੂਬੇ ਵਿੱਚ ਫਿਰਕੂ ਸੰਦਭਾਵਨਾਂ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।
ਅਮਰੀਕਾ ਵਿੱਚ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਖਿਲਾਫ਼ ਹੋਏ ਰੋਸ਼ ਮੁਜ਼ਾਹਰੇ ਦੀ ਭਰਪੂਰ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੇ ਹਿੱਤਾਂ ਦਾ ਨੁਕਸਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕੁੱਝ ਅਜਿਹੇ ਲੋਕ ਜਿਨ੍ਹਾਂ ਨੂੰ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਜਾਣਕਾਰੀ ਨਹੀ ਹੈ ਉਹ ਅਜਿਹੇ ਕਾਰੇ ਕਰਦੇ ਹਨ ਜੋ ਕਿ ਬਿਲਕੁੱਲ ਗਲਤ ਹਨ ਕਿਉਂਕਿ ਪਹਿਲਾ ਵੀ ਅਜਿਹੀਆਂ ਘਟਨਾਵਾਂ ਕਾਰਨ ਪੰਜਾਬ ਨੇ ਬਹੁਤ ਸੰਤਾਪ ਭੋਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਸਮਰੱਥਕ ਮੁੜ ਪੰਜਾਬ ਵਿੱਚ ਕਾਲੇ ਦਿਨ ਲਿਆਉਣਾ ਚਾਹੁੰਦੇ ਹਨ।
ਘੱਗਰ ਦਰਿਆ ਦੇ ਕਾਰਨ ਸੂਬੇ ਵਿੱਚ ਹੁੰਦੀ ਤਬਾਹੀ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਮੁੰਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਇਸ ਜਟਿੱਲ ਸਮ੍ਯੱਸਿਆ ਦੇ ਸਮਾਧਾਨ ਲਈ ਵਚਨਬੱਧ ਹੈ ਅਤੇ ਇਹ ਮਸਲਾ ਇਕ ਸਾਲ ਦੇ ਵਿੱਚ ਵਿੱਚ ਹਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਪਾਸ ਚੁੱਕ ਰਹੇ ਹਨ ਤਾਂ ਜੋ ਇਸਦਾ ਫੌਰੀ ਹਲ ਕੀਤਾ ਜਾ ਸਕੇ। ਇਸ ਮੌਕੇ ਤੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਹਲਕਾ ਵਿਧਾਇਕ ਅਮਰਗੜ ਸ. ਇਕਬਾਲ ਸਿੰਘ ਝੂੰਦਾਂ, ਹਲਕਾ ਵਿਧਾਇਕ ਧੂਰੀ ਸ. ਗੋਬਿੰਦ ਸਿੰਘ ਲੌਗੋਵਾਲ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੱਖ ਸਕੱਤਰ ਸ. ਕੇ.ਜੀ.ਐਸ.ਚੀਮਾ, ਸ. ਤੇਜਾ ਸਿੰਘ ਕਮਾਲਪੁਰਾ, ਸ. ਸੁਰਿੰਦਰ ਸਿੰਘ ਭਲਵਾਨ ਮੈਂਬਰ ਐਸ.ਜੀ.ਪੀ.ਸੀ, ਡਿਪਟੀ ਕਮਿਸ਼ਨਰ ਸ.ਅਰਸ਼ਦੀਪ ਸਿੰਘ ਥਿੰਦ, ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਦੀਪ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।



