ਚੰਡੀਗੜ੍ਹ, 24 ਜੁਲਾਈ (ਪੀ.ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਮਨੀਕਰਨ ਸਾਹਿਬ ਜਾ ਰਹੀ ਬੱਸ ਪਾਰਬਤੀ ਦਰਿਆ ਵਿਚ ਡਿੱਗਣ ਨਾਲ 9 ਵਿਅਕਤੀਆਂ ਦੀ ਮੌਤ ਹੋ ਜਾਣ, 17 ਦੇ ਜ਼ਖਮੀ ਹੋਣ ਅਤੇ 30 ਵਿਅਕਤੀਆਂ ਦੇ ਲਾਪਤਾ ਹੋਣ ਦੀ ਦੁਖਦਾਇਕ ਘਟਨਾ ’ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਬੱਸ ਵਿਚ ਮਾਨਸਾ, ਬਰਨਾਲਾ ਅਤੇ ਬਠਿੰਡਾ ਜ਼ਿਲ੍ਹੇ ਦੇ ਸ਼ਰਧਾਲੂ ਵੀਰਵਾਰ ਨੂੰ ਮਨੀਕਰਨ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁੱਖ ’ਚ ਡੁੱਬੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਅਕਾਲ ਪੁਰਖ
ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿਛੇ ਪਰਿਵਾਰਕ ਜੀਆਂ ਨੂੰ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖਸ਼ਣ। ਇਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸੂਬਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸੂਬੇ ਵਿਚ ਆ ਰਹੇ ਸਾਰੇ ਜਖ਼ਮੀਆਂ ਨੂੰ ਇਲਾਜ ਮੁਫਤ ਮੁਹੱਈਆ ਕਰਵਾਇਆ ਜਾਵੇ।
ਇਸ ਦੌਰਾਨ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਸ੍ਰੀ ਰਾਕੇਸ਼ ਚੰਦਰਾ ਨੂੰ ਫੌਰੀ ਤੌਰ ’ਤੇ ਘਟਨਾ ਸਥਾਨ ਦਾ ਦੌਰਾ ਕਰਕੇ ਚਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਤੋਂ ਇਲਾਵਾ ਦੁਖੀ ਪਰਿਵਾਰ ਦੇ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਵਾਸਤੇ ਤਾਇਨਾਤ ਕੀਤਾ ਗਿਆ ਹੈ।



