Skip to content
Independent perspectives. Global stories.
BREAKING

ਦੀਨਾਨਗਰ ਹਮਲਾ ਸਰਕਾਰ ਦੀ ਢਿੱਲਮੱਠ ਦਾ ਨਤੀਜਾ : ਕੈਪਟਨ ਅਮਰਿੰਦਰ ਸਿੰਘ

Share this story

ਮੁਕੇਰੀਆਂ, 28 ਜੁਲਾਈ (ਪੀ. ਟੀ.)- ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਗਾਹ ਕਰਨ ਦੇ ਬਾਵਜੂਦ ਵੀ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਕਰ ਕੇ ਦੀਨਾਨਗਰ ਵਿਖੇ ਦੁਖਦਾਈ ਕਾਂਡ ਵਾਪਰਿਆ ਹੈ। ਜਿਸ ਵਿਚ ਇੱਕ ਐਸ. ਪੀ. ਸਮੇਤ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਰੈਸਟ ਹਾਊਸ ਮੁਕੇਰੀਆਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਮੇਂ ਸਿਰ ਬਾਰਡਰ ਸੀਲ ਕੀਤਾ ਹੁੰਦਾ ਅਤੇ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਹਥਿਆਰ ਦੇ ਕੇ ਲੈਸ ਕੀਤਾ ਹੁੰਦਾ ਤਾਂ ਇਹ ਕਾਂਡ ਵਾਪਰਨ ਤੋਂ ਟੱਲ ਸਕਦਾ ਸੀ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਕੋਲ ਪੰਜਾਬ ਦੀ ਸੁਰੱਖਿਆ ਵੱਲ ਧਿਆਨ ਦੇਣ ਦਾ ਸਮਾਂ ਨਹੀਂ ਹੈ ਕਿਉਂਕਿ ਉਹ ਆਪਣੇ ਨਿੱਜੀ ਕਾਰੋਬਾਰਾਂ ਵਿਚ ਹੀ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਸਮੇਂ ਦੀ ਲੋੜ ਹੈ ਬਾਰਡਰ ਨੂੰ ਸਖ਼ਤੀ ਨਾਲ ਸੀਲ ਕਰ ਕੇ ਪੰਜਾਬ ਪੁਲਿਸ ਨੂੰ ਆਧੁਨਿਕ ਸਾਜੋ-ਸਮਾਨ ਨਾਲ ਲੈਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰੇਲਵੇ ਸੁਰੱਖਿਆ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਸਾਜੋ-ਸਮਾਨ ਨਾਲ ਲੈਸ ਕਰਨ ਲਈ ਵੱਖਰਾ ਬਜਟ ਰੱਖਿਆ ਜਾਣਾ ਚਾਹੀਦਾ ਹੈ। ਇਸ ਸਮੇਂ ਉਨ੍ਹਾਂ ਪੰਜਾਬ ਪੁਲਿਸ ਦੀ ਬਹਾਦਰੀ ਦੀ ਤਾਰੀਫ਼ ਕਰਦਿਆਂ ਕਿਹਾ ਬੇਸ਼ੱਕ ਪੁਲਿਸ ਕੋਲ ਸਾਜੋ-ਸਮਾਨ ਦੀ ਘਾਟ ਸੀ ਪਰ ਫਿਰ ਵੀ ਉਹ ਬੜੀ ਬਹਾਦਰੀ ਨਾਲ ਲੜੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਤੇ ਆਮ ਲੋਕਾਂ ਨੂੰ ਦਿੱਤੀ ਗਈ ਰਾਹਤ ਰਾਸ਼ੀ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਤੋਂ ਵੀ ਜ਼ਰੂਰੀ ਸੂਬੇ ਦੀ ਸੁਰੱਖਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਆਪਣੇ ਚੰਡੀਗੜ੍ਹ ਵਿਖੇ ਸਥਿਤ ਹੋਟਲ ‘ਤੇ ਕਰੋੜਾਂ ਰੁਪਏ ਸਰਕਾਰੀ ਖ਼ਰਚ ਕੇ ਹੋਟਲ ਦੀ ਸੜਕ ਬਣਾਈ ਜਾ ਰਹੀ ਹੈ, ਜੇਕਰ ਇਹੋ ਪੈਸਾ ਪੰਜਾਬ ਪੁਲਿਸ ਦੀ ਸੁਰੱਖਿਆ ਤੇ ਖ਼ਰਚਿਆ ਹੁੰਦਾ ਤਾਂ ਅੱਜ ਇਹ ਹਾਲਾਤ ਨਾ ਹੁੰਦੇ। ਇਸ ਤੋਂ ਪਹਿਲੇ ਕੈਪਟਨ ਅਮਰਿੰਦਰ ਸਿੰਘ ਦੇ ਮੁਕੇਰੀਆਂ ਪਹੁੰਚਣ ਤੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਬੱਬੀ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਸਮੇਂ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ, ਵਿਧਾਇਕ ਸ਼ਾਮ ਸੁੰਦਰ ਅਰੋੜਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

WRITTEN BY