Skip to content
Independent perspectives. Global stories.
BREAKING

ਸਾਬਕਾ ਰਾਸ਼ਟਰਪਤੀ ਕਲਾਮ ਨੂੰ ਰਾਮੇਸ਼ਵਰਮ ਵਿਖੇ ਕੱਲ੍ਹ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ

Share this story

ਨਵੀਂ ਦਿੱਲੀ, 28 ਜੁਲਾਈ (ਪੀ.ਟੀ.ਲਾਇਵ)- ਮਰਹੂਮ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਵੀਰਵਾਰ 30 ਜੁਲਾਈ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਰਾਮੇਸ਼ਵਰਮ ਵਿਖੇ ਸਵੇਰੇ 11ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਪੁਰਦ-ਏ-ਖਾਕ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਡਾ. ਕਲਾਮ ਦੀ ਮ੍ਰਿਤਕ ਦੇਹ ਨੂੰ ਏਅਰ ਫੋਰਸ ਦੇ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਗੁਹਾਟੀ ਤੋਂ ਦਿੱਲੀ ਲਿਆਂਦਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨ ਲਈ ਡਾ. ਕਲਾਮ ਦੇ ਸਰਕਾਰੀ ਨਿਵਾਸ ’ਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ’ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਗੋਆ ਦੀ ਰਾਜਪਾਲ ਮ੍ਰਿਦੁਲਾ ਸਿਨਹਾ, ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੋੜਾ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਭਾਜਪਾ ਪ੍ਰਧਾਨ

ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ, ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਸਮਾਜਵਾਦੀ ਪਾਰਟੀ ਸੁਪਰੀਮੋ ਮੁਲਾਇਮ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਵੀ ਸ਼ਾਮਿਲ ਸਨ। ਉਨ੍ਹਾਂ ਦੇ ਸਰਕਾਰੀ ਨਿਵਾਸ ਵਿਖੇ ਮ੍ਰਿਤਕ ਦੇਹ ਨੂੰ ਪਾਲਮ ਹਵਾਈ ਅੱਡੇ ਤੋਂ ਲਿਆਉਣ ਸਮੇਂ ਰਸਤੇ ਵਿੱਚ ਸੜਕ ਕਿਨਾਰੇ ਖੜ੍ਹੇ ਆਮ ਲੋਕਾਂ ਅਤੇ ਬੱਚਿਆਂ ਨੇ ਉਨ੍ਹਾਂ ਨੂੰ ਨਮਨ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਦੀ ਮ੍ਰਿਤਕ ਦੇਹ ਨੂੰ ਗੁਹਾਟੀ ਤੋਂ ਪਾਲਮ ਹਵਾਈ ਅੱਡਾ ਲਿਆਂਦੇ ਜਾਣ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉੱਪ ਰਾਸ਼ਟਰਪਤੀ ਹਾਮਿਦ ਅਨਸਾਰੀ ਅਤੇ ਫਿਰ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਰੀਥ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਵਾਲਿਆਂ ’ਚ ਦਿੱਲੀ ਦੇ ਪੁਲਿਸ ਕਮਿਸ਼ਨਰ ਬੀ.ਐਸ. ਬੱਸੀ, ਤਿੰਨਾਂ ਸੈਨਾਵਾਂ ਦੇ ਮੁਖੀ, ਹਵਾਈ ਫੌਜ ਦੇ ਸਾਬਕਾ ਮੁਖੀ ਏਅਰ ਮਾਰਸ਼ਲ ਅਰਜਨ ਸਿੰਘ, ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉੱਪ ਰਾਜਪਾਲ ਨਜੀਬ ਜੰਗ ਅਤੇ ਰੱਖਿਆ ਮੰਤਰੀ ਮਨੋਹਰ ਪਾਰੀਕਰ ਵੀ ਸ਼ਾਮਿਲ ਸਨ।
ਜ਼ਿਕਰਯੋਗ ਹੈ ਕਿ ਮਿਜ਼ਾਇਲ ਮੈਨ ਦੇ ਨਾਂਅ ਨਾਲ ਮਸ਼ਹੂਰ ਸਾਬਕਾ ਰਾਸ਼ਟਰਪਤੀ ਅਤੇ ਪ੍ਰਸਿੱਧ ਵਿਗਿਆਨੀ ਡਾ. ਅਬੁਲ ਪਾਕਿਰ ਜੈਨੁਲਆਬਦੀਨ ਅਬਦੁਲ ਕਲਾਮ ਦਾ ਸੋਮਵਾਰ ਨੂੰ ਸ਼ਿਲਾਂਗ ਵਿਖੇ 83 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਉੱਥੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਵਿਖੇ ਲੈਕਚਰ ਦੇਣ ਗਏ ਸਨ। ਇਸੇ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

WRITTEN BY