ਅੰਮ੍ਰਿਤਸਰ, 16 ਅਗਸਤ (ਪੀ. ਟੀ.)- ਭਾਰਤ ਦੀ ਅਜ਼ਾਦੀ ਦਾ 69ਵਾਂ ਦਿਹਾੜਾ ਅੱਜ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ ਵੀ ਉਨ੍ਹਾਂ ਦੇ ਨਾਲ ਸਨ। ਪਰੇਡ ਕਮਾਂਡਰ ਏ. ਸੀ. ਪੀ ਟ੍ਰੈਫਿਕ ਡਾ. ਬੀ. ਕੇ ਸਿੰਗਲਾ ਦੀ ਅਗਵਾਈ ਵਿਚ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ, ਐਨ. ਐਸ. ਐਸ ਦੇ ਬੱਚਿਆਂ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਜਦ ਕਿ ਕਈ ਸਕੂਲਾਂ ਨੇ ਬੈਂਡ ਦੀਆਂ ਧੁਨਾਂ ਵਜਾ ਕੇ ਸਮਾਗਮ ਨੂੰ ਸੰਗੀਤਕ ਰੰਗਤ ਦਿੱਤੀ। ਉਨ੍ਹਾਂ ਕਿਹਾ ਕਿ ਮੁਲਕ ਨੂੰ ਮਜ਼ਬੂਤ ਕਰਨ ਲਈ ਸੂਬਿਆਂ ਨੂੰ ਤਕੜਾ ਕਰਨਾ ਹੋਵੇਗਾ। ਸ. ਮਜੀਠੀਆ ਨੇ ਕਿਹਾ ਕਿ ਕੇਂਦਰ ਨੂੰ ਸਰਹੱਦਾਂ ਨਾਲ ਲਗਦੇ ਸੂਬਿਆਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ
ਕਿ ਮੁਲਕ ਅਤੇ ਸੂਬੇ ਦੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਸ. ਮਜੀਠੀਆ ਨੇ ਕਿਹਾ ਕਿ ਸਰਕਾਰ ਦਾ ਸਭ ਤੋਂ ਵੱਡਾ ਕੰਮ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੌਰ ਊਬਰਾ ਦੇ ਖੇਤਰ ਵਿਚ 4000 ਕਰੋੜ ਰੁਪਏ ਨਿਵੇਸ਼ ਕੀਤੇ ਗਏ ਹਨ ਅਤੇ ਕਿਸਾਨਾਂ ਲਈ 500 ਮੈਗਾਵਾਟ ਤੱਕ ਦੇ ਟੈਂਡਰ ਜਲਦੀ ਪਾਸ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਮਾਈ ਭਾਗੋ ਵਿਦਿਆ ਸਕੀਮ ਦੀ ਸੁਰੂਆਤ ਕਰਦਿਆਂ 200 ਵਿਦਿਆਰਥਣਾਂ ਨੂੰ ਸਾਈਕਲ ਵੀ ਤਕਸੀਮ ਕੀਤੇ। ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖਸੀਅਤਾਂ, ਪੜ੍ਹਾਈ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਹੋਇਆ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ, ਚੇਅਰਮੈਨ ਸ. ਉਪਕਾਰ ਸਿੰਘ ਸੰਧੂ, ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ, ਏ. ਡੀ. ਸੀ ਸ. ਤਜਿੰਦਰਪਾਲ ਸਿੰਘ ਸੰਧੂ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ, ਡਿਪਟੀ ਮੇਅਰ ਸ੍ਰੀ ਅਵਿਨਾਸ਼ ਜੌਲੀ, ਸਾਬਕਾ ਰਾਜ ਸਭਾ ਮੈਂਬਰ ਸ. ਰਾਜਮਹਿੰਦਰ ਸਿੰਘ ਮਜੀਠੀਆ, ਭਾਈ ਮਨਜੀਤ ਸਿੰਘ, ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਨਵਦੀਪ ਗੋਲਡੀ, ਸ੍ਰੀ ਕਿਰਨਪ੍ਰੀਤ ਸਿੰਘ, ਸ. ਸੁਰਿੰਦਰ ਸਿੰਘ ਸੁਲਤਾਨਵਿੰਡ ਤੋਂ ਇਲਾਵ ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ, ਸ੍ਰ੍ਰੋਮਣੀ ਕਮੇਟੀ ਦੇ ਮੈਂਬਰ ਤੇ ਸਮੂਹ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।



