ਪੱਖੋ ਕਲਾਂ, 19 ਅਗਸਤ (ਇੰਦਰਜੀਤ)- ਅਜੀਤ ਰੂਰਲ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸ. ਰਵਿੰਦਰਜੀਤ ਸਿੰਘ ਬਿੰਦੀ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਜੋਧਪੁਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਮਰ ਸ਼ਹੀਦ ਸੰਤ ਬਾਬਾ ਹਰਚੰਦ ਸਿੰਘ ਲੌਂਗੋਵਾਲ ਜੀ ਹਿੰਦੂ ਅਤੇ ਸਿੱਖ ਧਰਮ ਦੇ ਵਿੱਚ ਬਰਾਬਰਤਾ ਲਿਆਉਣ ਦੇ ਲਈ ਕਾਲੇ ਦੌਰ ਵਿੱਚ ਮਸੀਹਾ ਵਜੋਂ ਉਭਰ ਕੇ ਸਾਹਮਣੇ ਆਏ। ਉਨ੍ਹਾਂ ਨੇ ਦੇਸ਼ ਵਿਚ ਅਮਨ-ਅਮਾਨ ਅਤੇ ਸ਼ਾਂਤੀ ਲਈ ਰਾਜੀਵ ਸਮਝੌਤਾ ਕਰਵਾਇਆ।ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸੰਤ ਬਾਬਾ ਹਰਚੰਦ ਸਿੰਘ ਲੌਂਗੋਵਾਲ ਜੀਨੀਅਸ ਐਵਾਰਡ ਹਰ ਸਾਲ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਪ੍ਰੀਖਿਆ ਦੇ ਮੁਕਾਬਲੇ ਲਈ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਅਤੇ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੈਂਟਰ ਸਥਾਪਿਤ ਕੀਤੇ ਗਏ ਹਨ। ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੰਤਵ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀਆਂ ਧਾਰਨਾਵਾਂ ਅਤੇ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਪ੍ਰਤੀ ਜਾਗਰੂਕ ਕਰਨ ਸੰਬੰਧੀ ਅਹਿਦ ਕੀਤਾ ਗਿਆ ਹੈ।



