ਜਲੰਧਰ/ਚੰਡੀਗੜ੍ਹ, 29 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਾਈਵੇਟ ਖੰਡ ਮਿੱਲਾਂ ਦੇ ਮਾਲਕਾਂ ਵੱਲ ਗੰਨਾ ਉਤਪਾਦਕਾਂ ਦੇ ਖੜ੍ਹੇ ਬਕਾਏ ਦੀ ਅਦਾਇਗੀ ਨਾ ਹੋਣ ਦੇ ਸਾਰੇ ਪੱਖਾਂ ਦਾ ਡੂੰਘਾਈ ਨਾਲ ਜਾਇਜ਼ਾ ਲੈਣ ਤੋਂ ਇਲਾਵਾ ਪਿੜਾਈ ਦੇ ਚਾਲੂ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਇਸ ਦੇ ਢੁਕਵਾਂ ਹੱਲ ਤਲਾਸ਼ਣ ਵਾਸਤੇ ਸੂਬੇ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ (ਵਿਕਾਸ), ਪ੍ਰਮੁੱਖ ਸਕੱਤਰ ਵਿੱਤ ਅਤੇ ਪ੍ਰਮੁੱਖ ਸਕੱਤਰ ਸਹਿਕਾਰਤਾ ’ਤੇ ਅਧਾਰਿਤ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇਸ ਬਾਰੇ ਫੈਸਲਾ ਮੁੱਖ ਮੰਤਰੀ ਨੇ ਬੀਤੀ ਦੇਰ ਸ਼ਾਮ ਆਪਣੀ ਰਿਹਾਇਸ਼ ’ਤੇ ਸੂਬੇ ਵਿੱਚ ਗੰਨੇ ਦੇ ਮੌਜੂਦਾ ਸੰਕਟ ਦੇ ਸੰਬਧ ਵਿੱਚ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਮੇਟੀ ਨੂੰ ਇਕ ਹਫ਼ਤੇ ਵਿੱਚ ਮੁੱਖ ਮੰਤਰੀ ਨੂੰ ਵਿਸਥਾਰਤ ਰਿਪੋਰਟ ਸੌਂਪਣ ਤੋਂ ਇਲਾਵਾ ਪ੍ਰਾਈਵੇਟਖੰਡ ਮਿੱਲਾਂ ਵੱਲ ਗੰਨਾ ਉਤਪਾਦਕਾਂ ਦੀ ਬਕਾਇਆ ਅਦਾਇਗੀ ਦਾ ਨਿਬੇੜਾ ਕਰਨ ਦੀ ਪ੍ਰਕ੍ਰਿਆ ਤੇਜ਼ ਕਰਨ ਵਾਸਤੇ ਰੂਪ-ਰੇਖਾ ਉਲੀਕਣ ਲਈ ਆਖਿਆ ਗਿਆ ਹੈ। ਇਸੇ ਤਰ੍ਹਾਂ ਕਮੇਟੀ ਨੂੰ ਗੰਨੇ ਦੀ ਪਿੜਾਈ ਦੇ ਮੌਜੂਦਾ ਸੀਜ਼ਨ ਨੂੰ ਨਿਰਵਿਘਨ ਚਲਾਉਣ ਲਈ ਆਪਣੇ ਸੁਝਾਅ ਦੇਣ ਤੋਂ ਇਲਾਵਾ ਕਿਸਾਨਾਂ ਵੱਲੋਂ ਪ੍ਰਾਈਵੇਟ ਤੇ ਸਹਿਕਾਰੀ ਖੰਡ ਮਿੱਲਾਂ ਨੂੰ ਸਪਲਾਈ ਕੀਤੇ ਜਾਂਦੇ ਗੰਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਢੰਗ-ਤਰੀਕਾ ਲੱਭਣ ਲਈ ਕਿਹਾ ਗਿਆ ਹੈ। ਇਹ ਜ਼ਿਕਰਯੋਗ ਹੈ ਕਿ ਸਹਿਕਾਰੀ ਖੰਡ ਮਿਲਾਂ ਵੱਲ 540 ਕਰੋੜ ਰੁਪਏ ਦਾ ਬਕਾਇਆ ਸੀ ਅਤੇ ਇਸ ਵਿੱਚੋਂ ਸਹਿਕਾਰੀ ਖੰਡ ਮਿੱਲਾਂ ਅਤੇ ਸਰਕਾਰ ਨੇ ਕ੍ਰਮਵਾਰ 210 ਕਰੋੜ ਰੁਪਏ ਅਤੇ 240 ਕਰੋੜ ਰੁਪਏ ਅਦਾ ਕਰ ਦਿੱਤੇ ਹਨ। ਸੂਬਾ ਸਰਕਾਰ ਵੱਲੋਂ 90 ਕਰੋੜ ਰੁਪਏ ਦਾ ਬਾਕੀ ਬਕਾਇਆ ਸਤੰਬਰ, 2015 ਵਿੱਚ ਅਦਾ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਨਿੱਜੀ ਖੰਡ ਮਿੱਲਾਂ ਵੱਲ 1123 ਕਰੋੜ ਰੁਪਏ ਦਾ ਕੁੱਲ ਬਕਾਇਆ ਸੀ ਜਿਸ ਵਿੱਚੋਂ 900 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਅਤੇ 223 ਕਰੋੜ ਰੁਪਏ ਦਾ ਭੁਗਤਾਨ ਅਜੇ ਵੀ ਕਿਸਾਨਾਂ ਨੂੰ ਕੀਤਾ ਜਾਣਾ ਬਾਕੀ ਹੈ। ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਐਸ.ਕੇ.ਸੰਧੂ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਡੀ.ਪੀ.ਰੈਡੀ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਗਗਨਦੀਪ ਸਿੰਘ ਬਰਾੜ ਹਾਜ਼ਰ ਸਨ।



