ਜਲੰਧਰ/ਨਵੀਂ ਦਿੱਲੀ, 31 ਅਗਸਤ-ਖੇਤੀਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਸਵਾਮੀਨਾਥਨ ਦੇ ਫਾਰਮੂਲੇ ਦੇ ਅਧਾਰ ਉਤੇ ਨਿਰਧਾਰਤ ਕਰਨ ਦੀ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ। ਸ. ਬਾਦਲ ਅੱਜ ਸਵੇਰੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 7-ਆਰ.ਸੀ.ਆਰ ਵਿਖੇ ਮਿਲੇ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਉੱਘੇ ਖੇਤੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਫਾਰਮੂਲੇ ਦੇ ਅਧਾਰ ਉਤੇ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਜ਼ੋਰ ਪਾਇਆ ਹੈ ਜਿਨ੍ਹਾਂ ਨੇ ਕਿ ਫਸਲ ਦੀ ਲਾਗਤ ਤੋਂ ਇਲਾਵਾ 50 ਫੀਸਦੀ ਲਾਭ ਕਿਸਾਨਾਂ ਨੂੰ ਦੇਣ ਦਾ ਸੁਝਾਅ ਦਿੱਤਾ ਹੈ। ਸ. ਬਾਦਲ ਨੇ ਉਮੀਦ ਪ੍ਰਗਟ ਕੀਤੀ ਕਿ
ਇਸ ਨਾਲ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ। ਫਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਖੇਤੀਬਾੜੀ ਵਿਭਿੰਨਤਾ ਵਿਚ ਤਬਦੀਲ ਕਰਨ ਦੇ ਇੱਕ ਹੋਰ ਮੁੱਦੇ ਨੂੰ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਸੂਬਿਆਂ ਨੂੰ ਆਪਣੀਆਂ ਜ਼ਮੀਨੀ ਹਕੀਕਤਾਂ ਅਤੇ ਸਥਾਨਕ ਜ਼ਰੂਰਤਾਂ ਦੇ ਅਨੁਸਾਰ ਖੇਤੀਬਾੜੀ ਵਿਭਿੰਨਤਾ ਪ੍ਰੋਗਰਾਮ ਲਾਗੂ ਕਰਨ ਦੀ ਆਗਿਆ ਦੇਣ ਵਾਸਤੇ ਸ੍ਰੀ ਮੋਦੀ ’ਤੇ ਜ਼ੋਰ ਪਾਇਆ। ਸੂਬੇ ਦੇ ਪਸ਼ੂ ਧੰਨ ਸੈਕਟਰ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਨੇ ਪਸ਼ੂ ਪਾਲਣ ਅਤੇ ਡੇਅਰੀ, ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਸ਼ਹਿਦ ਦੀਆਂ ਮੱਖੀਆਂ ਪਾਲਣ ਆਦਿ ਵਰਗੀਆਂ ਸਰਗਰਮੀਆਂ ਨੂੰ ਆਮਦਨ ਕਰ, ਵਿਆਜ ਦਰਾਂ ਆਦਿ ਵਰਗੀਆਂ ਛੋਟਾਂ ਦੇਣ ਵਾਸਤੇ ਇਨ੍ਹਾਂ ਨੂੰ ਖੇਤੀਬਾੜੀ ਦੇ ਬਰਾਬਰ ਰੱਖਣ ਦੀ ਸ੍ਰੀ ਮੋਦੀ ਨੂੰ ਅਪੀਲ ਕੀਤੀ। ਉਨ੍ਹਾਂ ਨੇ ਡੇਅਰੀ ਫਾਰਮਿੰਗ ਲਈ ਮਸ਼ੀਨਰੀ ਦੀ ਦਰਾਮਦ ਕਰਨ ਵਾਸਤੇ ਕਸਟਮ ਡਿਊਟੀ ਤੋਂ ਛੋਟ ਦੇਣ ਦੀ ਵੀ ਮੰਗ ਕੀਤੀ। ਸ. ਬਾਦਲ ਨੇ ਸਹਿਕਾਰੀ ਬੈਂਕਾਂ ਨੂੰ ਨਬਾਰਡ ਵੱਲੋਂ ਮੁੜ ਫਾਇਨਾਂਸ ਬਹਾਲ ਕਰਨ ਵਾਸਤੇ ਸ੍ਰੀ ਮੋਦੀ ਨੂੰ ਬੇਨਤੀ ਕੀਤੀ ਜੋ ਕਿ 2014-15 ਦੇ 6300 ਕਰੋੜ ਰੁਪਏ ਦੇ ਮੁਕਾਬਲੇ ਹੁਣ ਚਾਲੂ ਵਿੱਤੀ ਸਾਲ ਦੌਰਾਨ ਘਟਾ ਕੇ 4600 ਕਰੋੜ ਰੁਪਏ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਨੂੰ ਵਧਾ ਕੇ ਤੁਰੰਤ 7000 ਕਰੋੜ ਰੁਪਏ ਕਰਨ ਦੀ ਬੇਨਤੀ ਕੀਤੀ। ਸੂਬੇ ਦੇ ਉਦਯੋਗ ਨੂੰ ਇਕਸਾਰ ਮੌਕੇ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸ. ਬਾਦਲ ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਗੁਵਾਂਢੀ ਸੂਬਿਆਂ ਨੂੰ ਦਿੱਤੀਆਂ ਗਈਆਂ ਰਿਆਇਤਾਂ ਪੰਜਾਬ ਨੂੰ ਵੀ ਦੇਣ ਦੀ ਸ੍ਰੀ ਮੋਦੀ ਨੂੰ ਬੇਨਤੀ ਕੀਤੀ ਹੈ। ਸ. ਬਾਦਲ ਨੇ ਸਤਲੁਜ ਦਰਿਆ ਵਿਚੋਂ ਨਿਕਲਦੀਆਂ ਨਹਿਰਾਂ ਦੀ ਪੁਨਰ ਸੁਰਜੀਤੀ, ਪਸਾਰ ਅਤੇ ਆਧੁਨਿਕੀਕਰਨ ਲਈ 918 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਪ੍ਰਵਾਨ ਅਤੇ ਜਾਰੀ ਕਰਨ ਦੀ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਸ. ਬਾਦਲ ਨੇ ਫੀਲਡ ਚੈਨਲਾਂ ਦੇ ਕਿਨਾਰੇ ਇੱਟਾਂ ਨਾਲ ਪੱਕੇ ਕਰਨ ਦੇ ਮਾਮਲੇ ਵਿਚ ਨਿਸ਼ਚਤ ਕੀਤੀ ਲਾਗਤ 25,050 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਹੈਕਟੇਅਰ ਕੀਤੇ ਜਾਣ ਦਾ ਮੁੱਦਾ ਉਠਾਇਆ। ਸਾਲ 1980 ਤੋਂ 1995 ਦੇ ਸਮੇਂ ਦੌਰਾਨ ਅੱਤਵਾਦ ਵਿਰੁੱਧ ਲੜਾਈ ਦੌਰਾਨ ਪੰਜਾਬ ਵੱਲੋਂ 5800 ਕਰੋੜ ਰੁਪਏ ਦਾ ਪਹਿਲਾਂ ਹੀ ਭੁਗਤਾਨ ਕੀਤਾ ਗਿਆ ਵਿਸ਼ੇਸ਼ ਮਿਆਦੀ ਕਰਜਾ ਜੋ ਕਿ ਭਾਰਤ ਸਰਕਾਰ ਵੱਲੋਂ ਮਾਫ ਕਰ ਦਿੱਤਾ ਗਿਆ ਸੀ ਉਸ ਵਿਚੋਂ 2694 ਕਰੋੜ ਰੁਪਏ ਦਾ ਸੂਬੇ ਨੂੰ ਮੁੜ ਭੁਗਤਾਨ ਕਰਨ ਦੀ ਮੰਗ ਕਰਦੇ ਹੋਏ ਸ. ਬਾਦਲ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਮੁੜ ਭੁਗਤਾਨ ਦੀ ਸ਼ਕਲ ਵਿਚ 2694 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਤੁਰੰਤ ਐਲਾਨ ਕਰਨ। ਮੁੱਖ ਮੰਤਰੀ ਨੇ ਐਸ.ਏ.ਐਸ. ਨਗਰ (ਮੋਹਾਲੀ) ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਦੇ ਨਾਲ ਹੀ ਤੁਰੰਤ ਅੰਤਰਰਾਸ਼ਟਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ। ਇਨ੍ਹਾਂ ਸਾਰੇ ਮੁੱਦਿਆਂ ਉਤੇ ਹਾਂ ਪੱਖੀ ਹੁੰਘਾਰਾ ਭਰਨ ਦਾ ਸ. ਬਾਦਲ ਨੂੰ ਭਰੋਸਾ ਦਵਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪਹਿਲ ਦੇ ਅਧਾਰ ਉਤੇ ਛੇਤੀ ਹੀ ਇਨ੍ਹਾਂ ਦਾ ਹੱਲ ਕਰਨਗੇ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਵੀ ਹਾਜ਼ਰ ਸਨ।



