ਮਾਨਸਾ, 8 ਅਕਤੂਬਰ (ਅਮਰਜੀਤ ਸਿੰਘ)- ਚਿੱਟੀ ਮੱਖੀ ਕਾਰਨ ਖਰਾਬ ਹੋਈ ਫਸਲ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ ਵੱਲੋਂ ਜ਼ਿਲ੍ਹੇ ਦੇ ਪਿੰਡ ਅਸਪਾਲ ਵਿਖੇ 54 ਕਿਸਾਨਾਂ ਨੂੰ ਕਰੀਬ ਸਾਢੇ 6 ਲੱਖ ਰੁਪਏ ਦੇ ਮੁਆਵਜ਼ੇ ਦੇ ਚੈਕ ਵੰਡੇ ਗਏ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਹੱਕਾਂ ਨੂੰ ਸਾਹਮਣੇ ਰੱਖਕੇ ਉਨ੍ਹਾਂ ਦੇ ਭਲੇ ਲਈ ਸਕੀਮਾਂ ਚਲਾਈਆਂ ਹਨ ਅਤੇ ਉਨ੍ਹਾਂ ਦੇ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਦੇ ਹਮਲੇ ਨਾਲ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ, ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਵਿਧਾਇਕ ਸ਼੍ਰੀ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਫਸਲਾਂ ਦੀ ਗਿਰਦਾਵਰੀ ਕੀਤੀ ਗਈ ਸੀ ਅਤੇ ਉਸ ਤਹਿਤ ਆਪਣੀਇਕ ਰਿਪੋਰਟ ਤਿਆਰ ਕਰ ਕੇ ਪੰਜਾਬ ਸਰਕਾਰ ਨੂੰ ਭੇਜੀ ਸੀ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੌਰਾਨ ਜਿਹੜੇ ਕਿਸਾਨਾਂ ਦੀ ਫਸਲ ਚਿੱਟੀ ਮੱਖੀ ਦੇ ਹਮਲੇ ਕਾਰਨ ਖਰਾਬ ਹੋ ਗਈ ਸੀ, ਉਨ੍ਹਾਂ ਕਿਸਾਨਾਂ ਲਈ ਸਰਕਾਰ ਵੱਲੋਂ ਰਕਬੇ ਦੇ ਹਿਸਾਬ ਨਾਲ ਰਾਸ਼ੀ ਭੇਜੀ ਗਈ ਹੈ, ਜਿਸ ਤਹਿਤ ਇਹ ਮੁਆਵਜ਼ੇ ਦੇ ਚੈਕ ਪ੍ਰਭਾਵਿਤ ਕਿਸਾਨਾਂ ਨੂੰ ਵੰਡੇ ਜਾ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮੁਆਵਜ਼ਾ ਚੈਕ ਵੰਡੇ ਜਾ ਰਹੇ ਹਨ ਅਤੇ ਜਲਦੀ ਹੀ ਸਾਰੇ ਕਿਸਾਨਾਂ ਨੂੰ ਇਹ ਮੁਆਵਜ਼ੇ ਦੇ ਚੈਕ ਵੰਡ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਭਾਵਿਤ ਕਿਸਾਨ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਚੈਕ ਵੰਡਣ ਸਮੇਂ ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ਼੍ਰੀ ਰਕੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।



