ਮਾਨਸਾ, 10 ਅਕਤੂਬਰ (ਅਮਰਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਖੋਲ੍ਹੇ ਗਏ ਸਾਂਝ ਕੇਂਦਰਾਂ ਵਿਚ ਜ਼ਿਲ੍ਹਾ ਵਾਸੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਰਘਬੀਰ ਸਿੰਘ ਸੰਧੂ ਨੇ ਦੱਸਿਆ ਕਿ ਸਾਂਝ ਕੇਂਦਰਾਂ ਦੀ ਆਮ ਜਨਤਾ ਨਾਲ ਸਾਂਝ ਕਾਇਮ ਹੈ ਅਤੇ ਲੋਕ ਹਰ ਮਹੀਨੇ ਵੱਡੀ ਗਿਣਤੀ ਵਿਚ ਸਾਂਝ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਵਿਚ 5250 ਵਿਅਕਤੀਆਂ ਨੂੰ ਇਨ੍ਹਾਂ ਸਾਂਝ ਕੇਂਦਰਾਂ ਵਲੋਂ ਮਿੱਥੇ ਸਮੇਂ ’ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸ਼੍ਰੀ ਸੰਧੂ ਨੇ ਦੱਸਿਆ ਕਿ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਾਂਝ ਕੇਂਦਰ (ਸੀ.ਪੀ.ਆਰ.ਸੀ) ਅਤੇ ਸਬ ਡਵੀਜ਼ਨ ਪੱਧਰ ਵਿਖੇ ਸਥਾਪਿਤ 4 ਸਾਂਝ ਕੇਂਦਰਾਂ ਸਮੇਤ 9 ਥਾਣਿਆਂ ਵਿੱਚਸਥਾਪਿਤ ਆਉਟਰੀਚ ਸੈਂਟਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਾਫੀ ਲਾਭਦਾਇਕ ਸਾਬਿਤ ਹੋ ਰਹੇ ਹਨ। ਐਸ.ਐਸ.ਪੀ. ਸ਼੍ਰੀ ਸੰਧੂ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਇਹਨਾਂ ਸਾਂਝ ਕੇਂਦਰਾਂ ਵਿਖੇ ਪੰਜਾਬ ਸੇਵਾ ਅਧਿਕਾਰ ਐਕਟ 2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ।ਐਸ.ਐਸ.ਪੀ. ਮਾਨਸਾ ਸ਼੍ਰੀ ਸੰਧੂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਹੀ ਸਾਂਝ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ ਇਸ ਲਈ ਉਹ ਇਨ੍ਹਾਂ ਸਾਂਝ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਜ਼ਿਲ੍ਹਾ ਪੁਲਿਸ ਵਿਭਾਗ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।



