ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ।ਇਹ ਇਕੱਤਰਤਾ ਮੌਜੂਦਾ ਪੰਥਕ ਹਾਲਾਤਾਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ’ਤੇ ਹੀ ਕੇਂਦਰਿਤ ਸੀ। ਇਸ ਇਕੱਤਰਤਾ ਵਿੱਚ ਜਥੇਦਾਰ ਅਵਤਾਰ ਸਿੰਘ ਤੋਂ ਇਲਾਵਾ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਕਰਨੈਲ ਸਿੰਘ ਪੰਜੋਲੀ, ਸ. ਸੁਰਜੀਤ ਸਿੰਘ ਗੜ੍ਹੀ, ਸ. ਨਿਰਮੈਲਸਿੰਘ ਜੌਲਾਂ, ਸ. ਮੋਹਨ ਸਿੰਘ ਬੰਗੀਂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਹਰਭਜਨ ਸਿੰਘ ਸ਼ੇਰ ਗਿੱਲ ਤੇ ਸ. ਮੰਗਲ ਸਿੰਘ ਆਦਿ ਸ਼ਾਮਿਲ ਹੋਏ। ਇਕੱਤਰਤਾ ਦੀ ਜਾਣਕਾਰੀ ਦੇਂਦਿਆਂ ਹੋਇਆ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੀਟਿੰਗ ਦੀ ਅਰੰਭਤਾ ਸਮੂਹ ਅੰਤ੍ਰਿੰਗ ਮੈਂਬਰਾਂ ਵੱਲੋਂ ਮੂਲ ਮੰਤਰ ਦੇ ਪੰਜ ਪਾਠ ਕਰਕੇ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਰੋਜ਼ਮਰਾ ਏਜੰਡੇ ਨੂੰ ਲਾਂਭੇ ਰੱਖ ਕੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਹੀ ਮਾਮਲਾ ਵਿਚਾਰਿਆ ਗਿਆ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਮੁੱਚੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਾਲਾਤ ਬਹੁਤ ਹੀ ਦੁੱਖਦਾਈ ਅਤੇ ਚਿੰਤਾਜਨਕ ਬਣੇ ਹੋਏ ਹਨ। ਸਮੁੱਚਾ ਪੰਥ, ਪੰਥ ਵਿਰੋਧੀ ਕਾਰਵਾਈਆਂ ਤੋਂ ਦੁਖਦ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀਆਂ ਘਟਨਾਵਾਂ ਵਾਪਰਨ ਤੇ ਚਿੰਤਾ ਗ੍ਰਸਤ ਹੈ ਤੇ ਕਿਸੇ ਵੀ ਕੀਮਤ ਤੇ ਸ਼ਬਦ ਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੀ। ਮਤੇ ਵਿੱਚ ਕਿਹਾ ਗਿਆ ਹੈ ਕਿ 2 ਜੂਨ 2015 ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ਕੁਝ ਪੰਥ ਦੋਖੀਆਂ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਸਰੂਪ ਚੋਰੀ ਕਰਨ ਦੀ ਵਾਪਰੀ ਘਟਨਾ ਉਪਰੰਤ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਅਤੇ ਬੀਤੇ ਦਿਨੀ ਪੰਥ ਦੋਖੀਆਂ ਵੱਲੋਂ ਪਾਵਨ ਸਰੂਪ ਦੇ ਅੰਗ (ਪੱਤਰੇ) ਪਿੰਡ ਬਰਗਾੜੀ ਦੀਆਂ ਗਲ੍ਹੀਆਂ ਸੜਕਾਂ ਤੇ ਖਿਲਾਰ ਕੇ ਸਿੱਧੇ ਰੂਪ ਵਿੱਚ ਸਿੱਖ ਪੰਥ ਨੂੰ ਖੁੱਲ੍ਹਾ ਚੈਲੰਜ ਕੀਤਾ ਹੋਇਆ ਜੋ ਪਿੰਡ ਵਿੱਚ ਧਮਕੀ ਭਰੇ ਨੋਟਿਸ ਲਗਾਏ ਗਏ ਉਸ ਸਬੰਧੀ ਪੰਜਾਬ ਸਰਕਾਰ, ਖੁਫੀਆ ਤੰਤਰ ਅਤੇ ਪੁਲੀਸ ਪ੍ਰਸ਼ਾਸਨ ਵਲੋਂ ਦਿਖਾਈ ਗਈ ਅਣਗਹਿਲੀ ਤੇ ਲਾਪ੍ਰਵਾਹੀ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਭਾਰੀ ਠੇਸ ਪੁੱਜੀ ਹੈ, ਇਸ ਨਾਲ ਪੰਥ ਦਰਦੀਆਂ, ਹਿਤੈਸ਼ੀਆਂ ਤੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।ਅੱਜ ਹਰ ਗੁਰੂ ਨਾਨਕ ਨਾਮ ਲੇਵਾ ਪੰਥ ਦਰਦੀ ਤੇ ਹਰੇਕ ਹਿਤੈਸ਼ੀ ਦਾ ਹਿਰਦਾ ਦੁਖੀ ਤੇ ਪੀੜ੍ਹਤ ਹੈ। ਸ. ਬੇਦੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਕੱਤਰਤਾ ਦੌਰਾਨ ਅੰਤ੍ਰਿੰਗ ਕਮੇਟੀ ਦੇ ਸਮੂੇਹ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਪਿੰਡ ਬਰਗਾੜੀ, ਬਹਿਬਲ, ਤੇ ਕੋਟ ਕਪੂਰਾ ਚੌਂਕ ਵਿੱਚ ਸ਼ਾਂਤ ਮਈ ਤਰੀਕੇ ਨਾਲ ਰੋਸ ਧਰਨੇ ਸਮੇਂ ਨਿਤਨੇਮ ਕਰ ਰਹੀਆਂ ਸੰਗਤਾਂ ‘ਤੇ ਜਿਸ ਢੰਗ ਨਾਲ ਪੁਲੀਸ ਵੱਲੋਂ ਅੰਨ੍ਹੇ ਵਾਹ ਭਾਰੀ ਲਾਠੀ ਚਾਰਜ, ਅੱਥਰੂ ਗੈਸ, ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆਂ ਅਤੇ ਬਿਨਾ ਵਜ੍ਹਾ ਗੋਲੀਆਂ ਚਲਾਈਆਂ ਗਈਆਂ ਹਨ, ਇਹ ਸਿੱਧੇ ਰੂਪ ਵਿੱਚ ਅਣਮਨੁੱਖੀ ਕਾਰਵਾਈ ਹੈ। ਇਕੱਤਰਤਾ ਇਹ ਵੀ ਮੰਗ ਕਰਦੀ ਹੈ ਕਿ ਜਿਹੜੇ ਪੁਲੀਸ ਅਧਿਕਾਰੀਆ, ਕਰਮਚਾਰੀਆਂ ਨੇ ਇਹ ਕਾਰਾ ਕੀਤਾ ਹੈ ਉਨ੍ਹਾਂ ਵਿਰੁੱਧ ਪਰਚੇ ਦਰਜ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਹੜੇ ਸਿੰਘ ਇਨ੍ਹਾਂ ਰੋਸ ਧਰਨਿਆਂ ਵਿੱਚ ਪੁਲੀਸ ਤਸ਼ੱਦਦ ਕਾਰਣ ਸ਼ਹੀਦ ਹੋ ਗਏ ਹਨ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਪਹਿਲ ਦੇ ਅਧਾਰ ਤੇ ਯੋਗ ਮੁਆਵਜਾ ਦੇਵੇ ਅਤੇ ਜਖਮੀਆਂ ਦੇ ਇਲਾਜ ਲਈ ਤੁਰੰਤ ਅੱਗੇ ਆਵੇ। ਸ.ਦਿਲਜੀਤ ਸਿੰਘ ਬੇਦੀ ਨੇ ਇਹ ਵੀ ਦੱਸਿਆ ਕਿ ਇਕੱਤਰਤਾ ਵਿੱਚ ਮੌਜੂਦਾ ਹਾਲਤ ਤੇ ਦੀਰਘ ਵਿਚਾਰ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 23-24 ਅਕਤੂਬਰ ਨੂੰ ਰੱਖੇ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਨੂੰ 1 ਮਹੀਨੇ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਨਿਮਰਤਾ ਸਹਿਤ ਇਹ ਵੀ ਅਪੀਲ ਕੀਤੀ ਗਈ ਕਿ ਉਹ ਇਸ ਬਹੁਤ ਹੀ ਨਾਜ਼ੁਕ ਮੌਕੇ ਆਪਣੇ ਜਜ਼ਬਾਤਾਂ ’ਤੇ ਕਾਬੂ ਰੱਖਦਿਆਂ ਪੰਜਾਬ ਵਿੱਚ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਤਾਂ ਕਿ ਪੰਥ ਵਿਰੋਧੀ ਸ਼ਕਤੀਆਂ ਇਸ ਸਥਿਤੀ ਨੂੰ ਆਪਣੇ ਮਨੋਰਥ ਖਾਤਰ ਨਾ ਵਰਤ ਸਕਣ। ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ, ਸ.ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਆਦਿ ਹਾਜ਼ਰ ਸਨ।



