ਚੰਡੀਗੜ੍ਹ/ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਦਭਾਵਨਾ ਰੈਲੀ ਦੀ ਵੱਡੀ ਕਾਮਯਾਬੀ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਅਤੇ ਸੂਬੇ ਗੜਬੜੀ ਫੈਲਾਉਣ ਵਾਲੇ ਗਰਮਖਿਆਲੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਰੱਦ ਕਰਨ ਲਈ ਵੀ ਸ਼ੁਕਰੀਆ ਕੀਤਾ। ਇੱਥੋਂ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਸਾਂਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਰੇਸ਼ ਗੁਜਰਾਲ ਨੇ ਕਿਹਾ ਕਿ ਰੈਲੀ ਵਿਚ ਹੋਏ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਦਾ ਸਪੱਸ਼ਟ ਸੰਕੇਤ ਹੈ ਕਿ ਉਹ ਸ਼ਾਂਤੀ ਅਤੇ ਤਰੱਕੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰਮਖਿਆਲੀ ਸੋਚ ਰੱਖਣ ਵਾਲਿਆਂ ਨੂੰ ਪੰਜਾਬ ਦੇ ਲੋਕਾਂ ਨੇ ਰੱਦ ਕਰ ਦਿੱਤਾ ਹੈ ਕਿਉਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਦਭਾਵਨਾ ਰੈਲੀ ਵਿਚ ਰੁਕਾਵਟ ਪਾਉਣ ਲਈ ਕੁਝ ਗਰਮਖਿਆਲੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ ਹੈ। ਸਾਂਸਦ ਮੈਂਬਰਾਂ ਨੇ ਕਿਹਾ ਕਿ ਸਾਰੇ ਸੂਬੇ ਦੀਆਂਦੁਕਾਨਾਂ, ਵਪਾਰਕ ਅਦਾਰੇ ਅਤੇ ਵਿੱਦਿਅਕ ਸੰਸਥਾਵਾਂ ਸਾਰਾ ਦਿਨ ਖੁੱਲ੍ਹੀਆਂ ਰਹੀਆਂ ਅਤੇ ਸੜਕੀ ਆਵਾਜਾਈ ਵੀ ਆਮ ਵਰਗੀ ਰਹੀ। ਉਨ੍ਹਾਂ ਕਿਹਾ ਕਿ ਬਠਿੰਡਾ ਦੀ ਸਦਭਾਵਨਾ ਰੈਲੀ ਵਿਚ ਵੀ ਵੱਡੀ ਗਿਣਤੀ ਵਿਚ ਵਾਹਨ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਗੜਬੜੀ ਵਾਲਾ ਮਾਹੌਲ ਰਿਹਾ ਅਤੇ ਸਥਿਤੀ ਨੂੰ ਸੁਧਾਰਨ ਵਿਚ ਇਕ ਦਹਾਕੇ ਦਾ ਸਮਾਂ ਲੱਗਿਆ।ਉਨ੍ਹਾਂ ਕਿਹਾ ਕਿ ਇਕ ਵਾਰ ਫੇਰ ਪੰਜਾਬ ਦੇ ਲੋਕਾਂ ਦੀ ਭਾਈਚਾਰਕ ਸਾਂਝ ਵਿਚ ਵੰਡੀਆਂ ਪਾਉਣ ਲਈ ਪੰਜਾਬ ਵਿਰੋਧੀ ਕਾਂਗਰਸ ਪਾਰਟੀ ਨੇ ਗਰਮਖਿਆਲੀ ਜਿਵੇਂ ਸਿਮਰਨਜੀਤ ਸਿੰਘ ਮਾਨ ਨਾਲ ਹੱਥ ਮਿਲਾਇਆ ਤਾਂ ਜੋ ਵੰਡਪਾਊ ਸ਼ਾਜ਼ਿਸਾਂ ਘੜੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਹੈ ਜਿਸਨੇ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਮਾਹੌਲ ਦੀ ਸਥਾਪਤੀ ਕੀਤੀ ਹੈ ਅਤੇ ਰਾਜ ਨੂੰ ਤਰੱਕੀਆਂ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ।



