ਜਲੰਧਰ, 29 ਨਵੰਬਰ (ਪੀ. ਟੀ.)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਤਵਾਦ ਨੂੰ ਵਿਸ਼ਵ ਭਰ ਵਿਚ ਸਭ ਤੋਂ ਵੱਡੀ ਚੁਣੌਤੀ ਦੱਸਦਿਆਂ ਕਿਹਾ ਹੈ ਕਿ ਸਾਰੇ ਦੇਸ਼ਾਂ ਨੂੰ ਮਿਲਕੇ ‘ਵਿਸ਼ਵ ਅੱਤਵਾਦ ਵਿਰੋਧੀ ਫੋਰਮ’ ਦਾ ਗਠਨ ਕਰਨਾ ਚਾਹੀਦਾ ਹੈ ਤਾਂ ਜੋ ਹਰ ਤਰ੍ਹਾਂ ਦੇ ਅੱਤਵਾਦ ਨੂੰ ਭਾਂਜ ਦਿੱਤੀ ਜਾ ਸਕੇ। ਅੱਜ ਇੱਥੇ ਇਕ ਅਖਬਾਰ ਸਮੂਹ ਦੇ ਸਮਾਗਮ ਦੌਰਾਨ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅੱਤਵਾਦ ਨੂੰ ਕਿਸੇ ਧਰਮ ਨਾਲ ਨਹੀਂ ਜੋੜਿਆ ਜਾ ਸਕਦਾ ਕਿਉਂਕਿ ਅੱਤਵਾਦੀਅ੍ਯਾਂ ਦਾ ਕੋਈ ਧਰਮ ਹੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਅੱਤਵਾਦ ਦੇ ਟਾਕਰੇ ਲਈ ਪਹਿਲ ਕਰਨੀ ਚਾਹੀਦੀ ਹੈ ਅਤੇ ਅੱਤਵਾਦ ਦਾ ਕਿਸੇ ਵੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਸਮਰਥਨ ਕਰਨ ਵਾਲੇ ਦੇਸ਼ ਦਾ ਬਾਈਕਾਟ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਯੂਰਪੀਨ ਦੇਸ਼ਾਂ ਨੂੰ ਜਦ ਹੁਣ ਖੁਦ ਨੂੰ ਅੱਤਵਾਦ ਦਾ ਸੇਕ ਲੱਗਾ ਹੈ ਤਾਂ ਉਨਾਂ ਵਲੋਂ ਅੱਤਵਾਦ ਨੂੰ ਖਤਮ ਕਰਨ ਦੀ ਦੁਹਾਈ ਦਿੱਤੀ ਜਾ ਰਹੀ ਹੈ ਜਦਕਿ ਪਹਿਲਾਂ ਇਨ੍ਹਾਂ ਦੇਸ਼ਾਂ ਵਲੋਂ ਦੂਜੇ ਦੇਸ਼ਾਂ ਵਿਚਲੇ ਅੱਤਵਾਦ ਬਾਰੇ ਜ਼ਿਕਰ ਵੀ ਨਹੀਂ ਕੀਤਾ ਜਾਂਦਾ ਸੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਦੇਸ਼ ਤੇ ਪੰਜਾਬ ਵਿਰੋਧੀ ਤੱਤਾਂ ਵਲੋਂ ਕਾਂਗਰਸੀ ਆਗੂਆਂ ਦੇ ਖੁੱਲੇ ਸਮਰਥਨ ਨਾਲ ਕੀਤੇ ਗਏ ‘ਸਰਬੱਤ ਖਾਲਸੇ’ ਵਿਚ ਭਾਗ ਲੈਣ ਵਾਲੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਸਤਾ ਦਿਖਾਉਣਾ ਚਾਹੀਦਾ ਹੈ। ਸ. ਬਾਦਲ ਨੇ ਇਹ ਵੀ ਕਿਹਾ ਕਿ ਸਾਰੇ 137 ਸ਼ਹਿਰਾਂ ਵਿਚ ਸੀਵਰੇਜ਼ ਦੀ ਸਹੂਲਤ ਲਈ 4000 ਕਰੋੜ ਰੁਪੈ ਦੇ ਟੈਂਡਰ ਪਹਿਲਾਂ ਹੀ ਜਾਰੀ ਹੋ ਚੁੱਕੇ ਹਨ।



