ਜਲੰਧਰ, 2 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿਚ ਹੀ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ ਜਿਸ ਸਬੰਧੀ ਸਿੱਖਿਆ ਵਿਭਾਗ ਵਲੋਂ ਮੁੱਢਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅੱਜ ਇੱਥੇ ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ ਤੇ ਹਿੰਦ ਸਮਾਚਾਰ ਗਰੁੱਪ ਦੇ ਮੁੱਖ ਸੰਪਾਦਕ ਸ੍ਰੀ ਵਿਜੈ ਚੋਪੜਾ ਦੀ ਹਾਜ਼ਰੀ ਵਿਚ ਰਾਮਨੌਵੀਂ ਕਮੇਟੀ ਜਲੰਧਰ ਵਲੋਂਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਜ਼ੀਫਾ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 70 ਹਜ਼ਾਰ ਤੋਂ ਵੱਧ ਅਧਿਆਪਕ ਭਰਤੀ ਕੀਤੇ ਗਏ ਹਨ, ਜਦਕਿ 8 ਹਜ਼ਾਰ ਹੋਰ ਅਧਿਆਪਕਾਂ ਨੂੰ ਅਗਲੇ 15 ਦਿਨ ਤੱਕ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਮੌਕੇ ਬੋਲਦਿਆਂ ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ ਨੇ ਕਿਹਾ ਕਿ ਰਾਮਨੌਵੀਂ ਕਮੇਟੀ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤਾ ਜਾ ਰਿਹਾ ਕੰਮ ਸ਼ਲਾਘਾਯੋਗ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 1700 ਬੱਚਿਆਂ ਨੂੰ ਵਜ਼ੀਫਾ ਦਿੱਤਾ ਜਾਣਾ ਵੱਡਾ ਕਦਮ ਹੈ। ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਨੀਲ ਜਾਖੜ , ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਦਿ ਹਾਜ਼ਰ ਸਨ।
ਸਰਕਾਰੀ ਸਕੂਲਾਂ ’ਚ ਵੀ ਸ਼ੁਰੂ ਹੋਣਗੀਆਂ ਪ੍ਰੀ-ਪ੍ਰਾਇਮਰੀ ਕਲਾਸਾਂ : ਡਾ. ਚੀਮਾ



