Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸਰਹੱਦੀ ਇਲਾਕੇ ਦੇ ਕਿਸਾਨਾਂ ਲਈ ਵੱਡੀ ਰਾਹਤ

Share this story

ਕਿਸਾਨਾਂ ਦੀ ਫਸਲ ਬਿਨ੍ਹਾਂ ਕਿਸੇ ਦੇਰੀ ਦੇ ਖ੍ਰੀਦਣ ਲਈ ਵਿਸ਼ੇਸ਼ ਅਧਿਕਾਰੀਆਂ ਦੀ ਤਾਇਨਾਤੀ

parkash-singh-badal_25 ਛੀਨਾ ਬਿਧੀਚੰਦ/ਖਾਲੜਾ/ ਖੇਮਕਰਨ (ਤਰਨਤਾਰਨ), 1 ਅਕਤੂਬਰ- ਹਿੰਦ-ਪਾਕਿ ਸਰਹੱਦ ਦੇ 10 ਕਿਲੋਮੀਟਰ ਘੇਰੇ ਅੰਦਰ ਆਉਂਦੇ ਭਾਰਤੀ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਬਿਨ੍ਹਾਂ ਕਿਸੇ ਦੇਰੀ ਅਤੇ ਖੱਜਲ ਖੁਆਰੀ ਦੇ ਖ੍ਰੀਦ ਕਰਨ ਲਈ ਵਿਸ਼ੇਸ਼ ਅਧਿਕਾਰੀਆਂ ਦੀ ਤਾਇਨਾਤੀ ਕਰਨ ਦਾ ਐਲਾਨ ਕੀਤਾ ਹੈ।ਪੰਜਾਬ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਸਮੇਤ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਛੀਨਾ ਬਿਧੀ ਚੰਦ, ਖਾਲੜਾ ਅਤੇ ਮਹਿੰਦੀਪੁਰ (ਖੇਮਕਰਨ) ਦਾ ਦੌਰਾ ਕਰਨ ਸਮੇਂ ਲੋਕਾਂ ਦੇਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਸਰਹੱਦੀ ਕਿਸਾਨਾਂ ਨੂੰ ਖੇਤੀ ਕਰਨ ਅਤੇ ਫਸਲ ਦੀ ਕਟਾਈ ਸਮੇਂ ਦਰਪੇਸ਼ ਮੁਸ਼ਕਲਾਂ ਤੋਂ ਪੰਜਾਬ ਸਰਕਾਰ ਚੰਗੀ ਤਰ੍ਹਾਂ ਜਾਣੂ ਹੈ ਅਤੇ ਸਰਹੱਦ ‘ਤੇ ਪੈਦਾ ਹੋਏ ਤਨਾਅ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਇਥੋਂ ਦੇ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖ੍ਰੀਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਕਿਸਾਨਾਂ ਦੀ ਫਸਲ ਦੀ ਬਿਨ੍ਹਾਂ ਕਿਸੇ ਦੇਰੀ ਖ੍ਰੀਦ ਅਤੇ ਲਿਫਟਿੰਗ ਕਰਨ ਲਈ ਪਹਿਲਾਂ ਹੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਵਿਸ਼ੇਸ਼ ਅਧਿਕਾਰੀਆਂ ਦੀ ਤਾਇਨਾਤੀ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਰਤੀ ਫੌਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਪਾਕਿਸਤਾਨ ਨੂੰ ਉਸਦੀਆਂ ਨਾ-ਪਾਕ ਕਾਰਵਾਈਆਂ ਦੀ ਢੁੱਕਵੀ ਸਜ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦਲੇਰਾਨਾ ਤੇ ਸ਼ਾਨਦਾਰ ਕੰਮ ਦੀ ਮਿਸਾਲ ਦੁਨੀਆਂ ਭਰ ਵਿੱਚ ਹੋਰ ਕਿਤੇ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ਵਿਰੱਧ ਅੱਤਵਾਦੀ ਕਾਰਵਾਈਆਂ ਨੂੰ ਉਤਸ਼ਾਹਤ ਕਰਕੇ ਕਦੇ ਮੁਬੰਈ, ਕਦੇ ਸੰਸਦ ਭਵਨ ਅਤੇ ਭਾਰਤ ਦੇ ਹੋਰ ਹਿੱਸਿਆਂ ‘ਚ ਹਮਲੇ ਕਰਉਂਦਾ ਰਿਹਾ ਹੈ ਪਰ ਉੜੀ ਵਿਖੇ ਹੋਏ ਹਮਲੇ ਤੋਂ ਬਾਅਦ ਭਾਰਤ ਦੇ ਸਬਰ ਦਾ ਪਿਆਲਾ ਭਰ ਗਿਆ, ਜਿਸ ਕਾਰਨ ਮੋਦੀ ਨੇ ਇਸਦਾ ਢੁਕਵਾਂ ਜੁਆਬ ਦਿੰਦੇ ਹੋਏ ਪਾਕਿਸਤਾਨ ਵਿਚਾਲੇ ਅੱਤਵਾਦੀ ਟਿਕਾਣਿਆਂ ਨੂੰ ਢਹਿ-ਢੇਰੀ ਕਰ ਦਿੱਤਾ ਜੋ ਕਿ ਕਾਬਲੇ ਤਰੀਫ ਹੈ। ਸਰਹੱਦਾਂ ‘ਤੇ ਰਹਿੰਦੇ ਲੋਕਾਂ ਨੂੰ ਸੱਚੇ ਦੇਸ਼ ਭਗਤ ਕਹਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਦੇ ਉਹ ਪੁੱਤਰ ਹਨ, ਜਿੰਨ੍ਹਾਂ ਨੂੰ ਹਰ ਰੋਜ਼ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ । ਉਨ੍ਹਾਂ ਕਿਹਾ ਕਿ ਇੰਨ੍ਹਾਂ ਮੁਸ਼ਕਲਾਂ ਦੇ ਬਾਵਜੂਦ ਇੰਨ੍ਹਾਂ ਬਹਾਦਰ ਅਤੇ ਮਿਹਨਤੀ ਲੋਕਾਂ ਨੇ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਵੱਡਮੁਲਾ ਯੋਗਦਾਨ ਪਾਇਆ । ਸ. ਬਾਦਲ ਨੇ ਕਿਹਾ ਕਿ ਇਹ ਬਹਾਦਰ ਲੋਕ ਹਰ ਦਿਨ ਦੁਸ਼ਮਣ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਆਪਣੀ ਮਾਤਰਭੂਮੀ ਦੀ ਸੱਚੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪੰਜਾਬ ਸੂਬਾ ਹੀ ਨਹੀਂ ਬਲਕਿ ਪੂਰਾ ਦੇਸ਼ ਇੰਨ੍ਹਾਂ ਦੀ ਮਿਸ਼ਾਲੀ ਹੌਂਸਲੇ ਅਤੇ ਦੇਸ਼ ਭਗਤੀ ਦਾ ਰਿਣੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਇਹ ਜਿੰਮੇਵਾਰੀ ਕਿ ਇੰਨ੍ਹਾਂ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇ, ਜੋ ਭਾਰਤ-ਪਾਕਿਸਤਾਨ ਦਰਮਿਆਨ ਬਣੇ ਤਨਾਅ ਤੋਂ ਬਾਅਦ ਆਪਣੇ ਘਰ ਬਾਹਰ ਛੱਡ ਕੇ ਆਏ ਹਨ। ਸ. ਬਾਦਲ ਨੇ ਕਿਹਾ ਕਿ ਉਹ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਉਪਲਬੱਧ ਕਰਵਾਈਆਂ ਸਹੂਲਤਾਂ ਅਤੇ ਪ੍ਰਬੰਧਾਂ ਦੀ ਨਿਗਰਾਨੀ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਕੇਂਦਰ ਸਰਕਾਰ ਦੀ ਸਲਾਹ ਤੋਂ ਬਾਅਦ ਸਰਹੱਦੀ ਖੇਤਰਾਂ ‘ਚ ਵਸੇ ਲੋਕਾਂ ਨੂੰ ਬਾਹਰ ਕੱਢ ਕੇ ਰਾਹਤ ਕੈਂਪ ਵਿੱਚ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ ਅਤੇ ਮਾਲ ਦੇ ਵੱਡੇ ਨੁਕਸਾਨ ਤੋਂ ਬੱਚਣ ਲਈ ਅਜਿਹਾ ਕੀਤਾ ਗਿਆ ਹੈ। ਸ. ਬਾਦਲ ਨੇ ਕਿਹਾ ਕਿ ਰਾਜ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇੰਨ੍ਹਾਂ ਰਾਹਤ ਕੈਂਪਾਂ ਨੂੰ ਸਥਾਪਿਤ ਕਰਨ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਲੋਕਾਂ ਨੂੰ ਸੇਵਾਵਾਂ ਮੁਹਈਆ ਕਰਵਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਧੀਆ ਤਰੀਕੇ ਨਾਲ ਜਿੰਮੇਵਾਰੀ ਨਿਭਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਸ ਸਕੰਟ ਵਿਚੋਂ ਕੱਢਣ ਲਈ ਪੂਰਾ ਸਹਿਯੋਗ ਦੇਵੇਗੀ। ਸ. ਬਾਦਲ ਨੇ ਅੱਗੇ ਕਿਹਾ ਕਿ ਇਸ ਮੌਕੇ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਬਹਾਦਰ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ, ਸ. ਹਰਮੀਤ ਸਿੰਘ ਸੰਧੂ ਵਿਧਾਇਕ ਤਰਨਤਾਰਨ, ਪ੍ਰੋ. ਵਿਰਸਾ ਸਿੰਘ ਵਲਟੋਹਾ ਵਿਧਾਇਕ ਖੇਮਕਰਨ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੌਰਵਦੀਪ ਸਿੰਘ ਵਲਟੋਹਾ, ਚੇਅਰਮੈਨ ਸ. ਹਰਵੰਤ ਸਿੰਘ ਝਬਾਲ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਡਾ. ਐਸ. ਕਰਨਾਰਾਜੂ, ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ, ਐਸ.ਐਸ.ਪੀ. ਸ੍ਰੀ ਮਨਮੋਹਨ ਕੁਮਾਰ ਸ਼ਰਮਾ, ਐਸ.ਡੀ.ਐਮ. ਸ. ਅਮਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

WRITTEN BY