ਫ਼ਿਰੋਜ਼ਪੁਰ/ਮਮਦੋਟ/ਗੁਰੂਹਰਸਹਾਏ, 3 ਅਕਤੂਬਰ (ਮਨੋਹਰ ਲਾਲ, ਜਗਦੀਪ ਸਿੰਘ ਸੈਣੀ)- ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੰਤਰਰਾਸ਼ਟਰੀ ਹਿੰਦ-ਪਾਕਿ ਸਰਹੱਦ ਤੇ ਪੈਦਾ ਹੋਏ ਤਣਾਅ ਦੀ ਸਥਿਤੀ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਕੌਮੀ ਹਿੱਤਾਂ ਤੇ ਕੌਮੀ ਸੁਰੱਖਿਆ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਾਜ਼ੁਕ ਮੌਕਿਆਂ ਤੇ ਰਾਸ਼ਟਰੀ ਹਿੱਤਾਂ ਨੂੰ ਵੇਖਦਿਆਂ ਸਿਆਸੀ ਪਾਰਟੀਆਂ ਨੂੰ ਅਜਿਹੀ ਘਟੀਆ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ । ਮੁੱਖ ਮੰਤਰੀ ਅੱਜ ਫ਼ਿਰੋਜ਼ਪੁਰ ਜ਼ਿਲ੍ਹੇਦੇ ਪਿੰਡ ਟੇਂਡੀ ਵਾਲਾ, ਹਜ਼ਾਰਾ ਸਿੰਘ ਵਾਲਾ ਅਤੇ ਗ਼ਜ਼ਨੀ ਵਾਲਾ ਵਿਖੇ ਸਰਹੱਦੀ ਲੋਕਾਂ ਨੂੰ ਮਿਲੇ। ਉਨ੍ਹਾਂ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੁੱਝ ਰਾਜਨੀਤਿਕ ਪਾਰਟੀਆਂ ਅਜਿਹੇ ਨਾਜ਼ੁਕ ਮਸਲਿਆਂ ’ਤੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਆੜ ਵਿੱਚ ਰਹਿੰਦੀਆਂ ਹਨ। ਇਹੀ ਕਾਰਨ ਹੈ ਕਿ ਕਈ ਰਾਜਨੀਤਿਕ ਆਗੂ ਕੌਮੀ ਸੁਰੱਖਿਆ ਵਰਗੇ ਨਾਜ਼ੁਕ ਮਸਲਿਆਂ ਤੇ ਵੀ ਗ਼ਲਤ ਤੇ ਵਿਵਾਦਿਤ ਬਿਆਨਬਾਜ਼ੀ ਕਰ ਰਹੇ ਹਨ, ਜਦੋਂ ਕਿ ਦੇਸ਼ ਦੀਆਂ ਸਰਹੱਦਾਂ ਤੇ ਜੰਗ ਵਰਗੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ ਤੇ ਰਾਜਨੀਤਿਕ ਪਾਰਟੀਆਂ ਨੂੰ ਕੌਮੀ ਹਿੱਤਾਂ ਤੇ ਪੰਜਾਬ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਪਿਛਲੇ 2 ਦਿਨਾਂ ਤੋਂ ਰਾਜ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦਾ ਮਕਸਦ ਮੌਜੂਦਾ ਤਣਾਅ ਵਾਲੀ ਸਥਿਤੀ ਵਿੱਚ ਜਿੱਥੇ ਸਰਹੱਦੀ ਲੋਕਾਂ ਦੀਆਂ ਮੁਸ਼ਕਿਲਾਂ ਸੁਨਣਾ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਦਰਦ ਵੰਡਾਉਣਾ ਅਤੇ ਅਧਿਕਾਰੀਆਂ ਨੂੰ ਇਸ ਮੌਕੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਨਿਰਦੇਸ਼ ਜਾਰੀ ਕਰਨਾ ਹੈ। ਪਿੰਡ ਟੇਂਡੀ ਵਾਲਾ, ਹਜ਼ਾਰਾ ਸਿੰਘ ਵਾਲਾ ਤੇ ਗ਼ਜ਼ਨੀ ਵਾਲਾ ਵਿਖੇ ਸਰਹੱਦੀ ਲੋਕਾਂ ਦੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੇ ਝੂਠੇ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਦੀ ਸੁਰੱਖਿਆ ਰਾਜ ਤੇ ਕੇਂਦਰ ਦੀ ਪਹਿਲ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਸਰਹੱਦ ਤੇ ਅਸ਼ਾਂਤੀ ਫੈਲਾਉਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ। ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦੀ ਮੰਗ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਨੇ ਝੋਨੇ ਦੀ ਖ਼ਰੀਦ ਲਿਫ਼ਟਿੰਗ ਅਤੇ ਅਦਾਇਗੀ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਰਹੱਦੀ ਪਿੰਡਾ ਦੇ ਲੋਕਾਂ ਦੀ ਮੰਗ ’ਤੇ 2 ਵੱਡੇ ਬੇੜੇ ਦਰਿਆ ਤੋ ਪਾਰ-ਆਉਣ ਜਾਣ ਲਈ 10 ਦਿਨਾਂ ਵਿਚ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਸ੍ਰ.ਜਨਮੇਜਾ ਸਿੰਘ ਸੇਖੋਂ, ਮੈਂਬਰ ਲੋਕ ਸਭਾ ਸ੍ਰ.ਸ਼ੇਰ ਸਿੰਘ ਘੁਬਾਇਆ, ਸ੍ਰ. ਜੋਗਿੰਦਰ ਸਿੰਘ ਜਿੰਦੂ ਐਮ.ਐਲ.ਏ., ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਸ੍ਰੀ ਕਮਲ ਸ਼ਰਮਾ, ਸੀਨੀਅਰ ਅਕਾਲੀ ਆਗੂ ਸ੍ਰ.ਵਰਦੇਵ ਸਿੰਘ ਨੋਨੀ ਮਾਨ, ਸ੍ਰ.ਸੁਖਪਾਲ ਸਿੰਘ ਨੰਨੂ ਚੇਅਰਮੈਨ ਕਿਸਾਨ ਮੋਰਚਾ ਪੰਜਾਬ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਡਾ.ਐਸ.ਕਰਨਾ ਰਾਜੂ, ਸ੍ਰੀ ਆਰ. ਵੈਨਕਟਰਤਨਮ ਪਿੰ੍ਰਸੀਪਲ ਸਕੱਤਰ ਪੰਜਾਬ ਸਰਕਾਰ, ਸ੍ਰੀ ਵੀ.ਕੇ ਮੀਨਾ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ, ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ , ਸ੍ਰੀ ਆਰ.ਐਸ. ਖੱਟੜਾ ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ, ਸ੍ਰੀ.ਆਰ.ਕੇ.ਬਖ਼ਸ਼ੀ ਐਸ.ਐਸ.ਪੀ ਫ਼ਿਰੋਜ਼ਪੁਰ, ਸ੍ਰੀ ਡੀ.ਪੀ. ਚੰਦਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ. ਸੁਰਿੰਦਰ ਸਿੰਘ ਬੱਬੂ ਉੱਪ ਪ੍ਰਧਾਨ ਕੈਂਟ ਬੋਰਡ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਰਾਜਨੀਤਕ ਪਾਰਟੀਆਂ ਨੂੰ ਰਾਸ਼ਟਰੀ ਹਿੱਤਾਂ ਤੇ ਕੌਮੀ ਸੁਰੱਖਿਆ ਸਬੰਧੀ ਰਾਜਨੀਤੀ ਨਾ ਕਰਨ ਦੀ ਸਲਾਹ



