Skip to content
Independent perspectives. Global stories.
BREAKING

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮਾਂ ਦੀ ‘ਵਿਦਿਆਰਥੀ ਉਤਸਵ’ ਨਾਲ ਸ਼ੁਰੂਆਤ

Share this story

image ਲੁਧਿਆਣਾ, 20 ਅਕਤੂਬਰ-ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸੰਬੰਧੀ ਮਨਾਏ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ‘ਪੰਜਾਬੀ ਸੂਬਾ ਵਿਦਿਆਰਥੀ ਉਤਸਵ’ ਸਮਾਗਮ ਨਾਲ ਕੀਤੀ। ਇਹ ਇੱਕ ਦਿਨਾਂ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਖੁੱਲ੍ਹੀ ਜੀਪ ਵਿੱਚ ਸਿੱਖਿਆ ਮੰਤਰੀ ਨਾਲ ਖਚਾਖਚ ਭਰੇ ਸਟੇਡੀਅਮ ਦਾ ਦੌਰਾ ਕੀਤਾ ਅਤੇ ਰਸਮੀਂ ਮਿਸ਼ਾਲ ਵਿਦਿਆਰਥੀਆਂ ਨੂੰ ਸੌਂਪੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸੱਭਿਆਚਾਰਕ, ਆਰਥਿਕ ਅਤੇ ਸਮਾਜਿਕ ਪੱਖਾਂ ਨੂੰ ਉਜਾਗਰ ਕਰਦੀ ਪੁਸਤਕ ‘ਧਰਤ ਪੰਜਾਬ’ ਨੂੰ ਵੀ ਜਾਰੀ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਅਮੀਰੀ ਨੂੰ ਪੇਸ਼ ਕਰਦੀਆਂ ਰੰਗਾਰੰਗ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਨੂੰ ਪੰਜਾਬ ਦਾ ਭਵਿੱਖ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਭਵਿੱਖ ਨੂੰ ਸੰਵਾਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਆਜ਼ਾਦੀ ਅੰਦੋਲਨ ਵਿੱਚ ਪੰਜਾਬੀਆਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦਿੱਤੀਆਂ। ਇਸ ਉਪਰੰਤ ਪੱਤਰਕਾਰਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਇਆ ਕਿ ਉਹ ਕਰਜ਼ਾ ਮੁਆਫੀ ਦੇ ਨਾਮ ’ਤੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰ. ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਸ਼ੁਰੂ ਹੋਵੇ ਵਿਸ਼ਵ ਕਬੱਡੀ ਮੁਕਾਬਲਿਆਂ ਨਾਲ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦਾ ਮੁਕਾਮ ਬਹੁਤ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਅਥਾਹ ਉਪਰਾਲਿਆਂ ਦੇ ਸਦਕਾ ਅੱਜ ਪੰਜਾਬ ਸਿੱਖਿਆ ਸੁਧਾਰਾਂ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ’ਤੇ ਹੈ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ ਖੁੱਲ੍ਹੀ ਜੀਪ ਵਿੱਚ ਸਵਾਰ ਹੋ ਕੇ ਖਚਾਖਚ ਭਰੇ ਸਟੇਡੀਅਮ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਰਸਮੀਂ ਮਿਸ਼ਾਲ ਸੌਂਪੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਵੱਖ-ਵੱਖ ਰੰਗਾਂ ਨੂੰ ਰੂਪਮਾਨ ਕਰਦੀ ਰਿਵਾਇਤੀ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਵਿਸ਼ਵ ਪ੍ਰਸਿੱਧ ਪਹਿਲਵਾਨ ‘ਦ ਗਰੇਟ ਖਲੀ’ ਨੇ ਵੀ ਹਾਜ਼ਰੀ ਭਰੀ ਅਤੇ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਮੰਤਰੀ ਸ੍ਰ. ਤੋਤਾ ਸਿੰਘ, ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਮੁਹੰਮਦ ਸਦੀਕ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਫ਼ਸਰ ਸ੍ਰ ਪਰਮਿੰਦਰ ਸਿੰਘ ਬਰਾੜ, ਉੱਪ ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਨਜਿੰਦਰ ਸਿੰਘ ਸਿਰਸਾ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸਾਬਕਾ ਮੰਤਰੀ ਸ੍ਰ. ਹੀਰਾ ਸਿੰਘ ਗਾਬੜੀਆ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਤਿਵਾੜੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਦਨ ਲਾਲ ਬੱਗਾ, ਸੀਨੀਅਰ ਅਕਾਲੀ ਆਗੂ ਸ੍ਰ. ਜਤਿੰਦਰ ਪਾਲ ਸਿੰਘ ਸਲੂਜਾ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਮਨਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।

WRITTEN BY