ਦਿੱਲੀ ਵਿੱਚ ਦਿੱਲੀ ਸਿੱਖ ਪ੍ਰਬੰਧਕ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਭਾਈਚਾਰੇ ਦੀ ਦੂਜੀ ਵੱਡੀ ਧਾਰਮਿਕ ਸੰਸਥਾ ਹੈ। ਇਸ ਸੰਸਥਾ ਨੇ ਪਿਛਲੇ ਕੁਝ ਸਮੇਂ ਵਿੱਚ ਧਾਰਮਿਕ ਅਤੇ ਭਾਈਚਾਰਕ ਖੇਤਰ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਦਿੱਲੀ ਕਮੇਟੀ ਦੀ ਇਸ ਵਾਰ ਸਹੀ ਸਮੇਂ ’ਤੇ ਚੋਣ ਹੋਣ ਜਾ ਰਹੀ ਹੈ। 26 ਫਰਵਰੀ ਨੂੰ ਕਮੇਟੀ ਦੇ ਕੁੱਲ 46 ਵਾਰਡਾਂ ਲਈ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ 2 ਦਿਨਾਂ ਬਾਅਦ 1 ਮਾਰਚ ਨੂੰ ਆਉਣਗੇ। ਦਿੱਲੀ ਗੁਰਦੁਆਰਾ ਐਕਟ ਮੁਤਾਬਿਕ ਕਮੇਟੀ ਦੀਆਂ ਚੋਣਾਂ ਹਰ ਚਾਰ ਸਾਲਾਂ ਬਾਅਦ ਹੋਣੀਆਂ ਚਾਹੀਦੀਆਂ ਹਨ। ਇਹ ਪਹਿਲਾ ਮੌਕਾ ਹੈ ਜਦੋਂ ਸਹੀ ਸਮੇਂ ’ਤੇ ਪੂਰੇ ਚਾਰ ਸਾਲਾਂ ਬਾਅਦ ਵੋਟਾਂ ਪੈ ਰਹੀਆਂ ਹਨ। ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਦੀ ਨਿਗਰਾਨੀ ਹੇਠ ਹੋ ਰਹੀਆਂ ਇਨ੍ਹਾਂ ਚੋਣਾਂ ਲਈ ਬੋਰਡ ਕੋਲ ਰਜਿਸਟਰਡ ਪੰਜ ਦਲਾਂ ਦੇ 151 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ 46-46, ਪੰਥਕ ਸੇਵਾ ਦਲ ਦੇ 39, ਅਕਾਲ ਸਹਾਇ ਸਿੱਖ ਵੈੱਲਫੇਅਰ ਸੁਸਾਇਟੀ ਦੇ 11 ਤੇ ਆਮ ਅਕਾਲੀ ਦਲ ਦੇ 9 ਉਮੀਦਵਾਰ ਮੈਦਾਨ ਵਿੱਚ ਹਨ। ਆਜ਼ਾਦ ਉਮੀਦਵਾਰਾਂ ਦੀ ਗਿਣਤੀ 184 ਹੈ। ਇਸ ਤਰ੍ਹਾਂ ਕੁੱਲ 335 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ। ਦਿੱਲੀ ਵਿੱਚ ਕੁੱਲ 3.80 ਲੱਖ ਸਿੱਖ ਵੋਟਰ ਹਨ ਜਦਕਿ 2013 ਵਿੱਚ ਇਹ ਅੰਕੜਾ 4.5 ਲੱਖ ਸੀ।ਇਸ ਤੋਂ ਪਤਾ ਲੱਗਦਾ ਹੈ ਕਿ ਵੱਡੀ ਗਿਣਤੀ ਵਿੱਚ ਸਿੱਖ ਸਮੇਂ ਸਿਰ ਵੋਟਰ ਨਹੀਂ ਬਣ ਸਕੇ। ਫਿਰ ਵੀ ਇਨ੍ਹਾਂ ਚੋਣਾਂ ਦਾ ਮਹੱਤਵ ਓਨਾ ਹੀ ਵੱਡਾ ਹੈ। ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਸਮੇਂ ਦੀ ਲੋੜ ਹੈ। ਗੁਰਦੁਆਰਾ ਕਮੇਟੀ ਦੀਆਂ ਇਨ੍ਹਾਂ ਚੋਣਾਂ ਵਿੱਚ ਸਿੱਖ ਭਾਈਚਾਰੇ ਨੂੰ ਬਹੁਤ ਹੀ ਸੂਝਬੂਝ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਤਾਂ ਜੋ ਵਧੀਆ ਪ੍ਰਬੰਧਕ ਚੁਣ ਕੇ ਅੱਗੇ ਆਉਣ। ਕਿਸੇ ਤਰ੍ਹਾਂ ਦੀ ਧਾਰਮਿਕ ਅਵੱਗਿਆ ਕਰਨ ਵਾਲਿਆਂ ਨੂੰ ਵੋਟ ਨਹੀਂ ਦਿੱਤੀ ਜਾਣੀ ਚਾਹੀਦੀ। ਸਿੱਖ ਵੋਟਰ ਨੂੰ ਹੁਣ ਇਸ ਗੱਲ ਦੀ ਸਮਝ ਆ ਚੁੱਕੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਕਿਸ ਤਰ੍ਹਾਂ ਦਰੁਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਦਿਲਚਸਪੀ ਵੀ ਇਸ ਗੱਲ ਵਿੱਚ ਵਧੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਸਿਆਸਤ ਤੋਂ ਮੁਕਤ ਕੀਤਾ ਜਾਵੇ। ਇਸੇ ਤਰ੍ਹਾਂ ਗੁਰਦੁਆਰਾ ਪ੍ਰਬੰਧ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਵੀ ਇਕ ਵੱਡਾ ਮੁੱਦਾ ਹੈ। ਗੋਲਕ ਦੀ ਸਾਰੀ ਮਾਇਆ ਵੀ ਗੁਰਦੁਆਰਾ ਪ੍ਰਬੰਧਾਂ ਉੱਪਰ ਹੀ ਖਰਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਿੱਖ ਭਾਈਚਾਰੇ ਦੀਆਂ ਦੂਸਰੀਆਂ ਲੋੜਾਂ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਿੱਖ ਵਿਦਿਅਕ ਸੰਸਥਾਵਾਂ ਅਤੇ ਹੋਰ ਅਦਾਰਿਆਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਦਿੱਲੀ ਵਿੱਚ ਸਿੱਖਾਂ ਦੀ ਨਿਆਰੀ ਹਸਤੀ ਨੂੰ ਕਾਇਮ ਰੱਖਣ ਲਈ ਵੀ ਵੱਡੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਉਮੀਦ ਕਰਦੇ ਹਾਂ ਕਿ ਸਿੱਖ ਭਾਈਚਾਰੇ ਵੱਲੋਂ ਨਵੀਂ ਚੁਣੀ ਜਾਣ ਵਾਲੀ ਦਿੱਲੀ ਕਮੇਟੀ ਦੀ ਟੀਮ ਇਸ ਦਿਸ਼ਾ ਵੱਲ ਵਧੇਰੇ ਵੱਡੇ ਉੱਦਮ ਕਰੇਗੀ।
– ਬਲਜੀਤ ਸਿੰਘ ਬਰਾੜ



