ਸਾਦਾ ਸਮਾਗਮ ਵਿੱਚ 9 ਮੰਤਰੀ ਵੀ ਲੈਣਗੇ ਅਹੁਦੇ ਦਾ ਹਲਫ
ਚੰਡੀਗੜ੍ਹ, 15 ਮਾਰਚ (ਬਲਜੀਤ ਸਿੰਘ ਬਰਾੜ)- ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਥੇ ਵੀਰਵਾਰ 16 ਮਾਰਚ ਨੂੰ ਦੂਸਰੀ ਵਾਰ ਸੂਬੇ ਦੀ ਵਾਗਡੋਰ ਸੰਭਾਲਣ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਇਸ ਤੋਂ ਪਹਿਲਾਂ ਸਾਲ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਾਲ 7 ਤੋਂ 9 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।
ਇਹ ਸਹੁੰ ਚੁੱਕ ਸਮਾਗਮ ਸਵੇਰੇ 10 ਵਜੇ ਪੰਜਾਬ ਰਾਜ ਭਵਨ ਵਿਖੇ ਸਮਾਗਮ ਹੋ ਰਿਹਾ ਹੈ ਜਿਥੇ ਕਿ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦੌਨਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀ ਮੰਤਰੀਆਂ ਨੂੰ ਸਹੁੰ ਚੁਕਾਉਣਗੇ।
ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ’ਚ ਪਹਿਲੇ ਪੜਾਅ ਦੌਰਾਨ ਸੱਤ ਕੈਬਨਿਟ ਤੇ ਦੋ ਰਾਜ ਮੰਤਰੀਆਂ ਸ਼ਾਮਿਲ ਕੀਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਆਪਣੇ ਵਜ਼ਾਰਤੀ ਸਾਥੀਆਂ ਦੀ ਸੂਚੀ ਸੌਂਪ ਦਿੱਤੀ ਹੈ। ਨੰਗਲ ਤੋਂ ਵਿਧਾਇਕ ਸ੍ਰੀ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ ਬਣਾਉਣ ਦੀ ਤਿਆਰੀ ਹੈ। ਇਸ ਸੂਚੀ ਵਿੱਚ ਕਾਂਗਰਸ ਮੀਤ ਪ੍ਰਧਾਨ ਨਾਲ ਚਰਚਾ ਪਿੱਛੋ ਅੰਮ੍ਰਿਤਸਰ ਜ਼ਿਲ੍ਹੇ ਤੋਂ ਨਵਜੋਤ ਸਿੱਧੂ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲੇ ਇਹ ਪਤਾ ਨਹੀਂ ਲੱਗਾ ਕਿ ਉਹ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ ਜਾਂ ਉਪ ਮੁੱਖ ਮੰਤਰੀ ਵਜੋਂ। ਬਠਿੰਡਾ ਤੋਂ ਵਿਧਾਇਕ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵਜ਼ਾਰਤ ‘ਚ ਅਹਿਮ ਸਥਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸੂਬੇ ਦਾ ਵਿੱਤ ਮੰਤਰੀ ਬਣਾਇਆ ਜਾਵੇਗਾ। ਪਟਿਆਲਾ ਤੋਂ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੰਨੀ ਨੂੰ ਕੈਬਿਨਟ ‘ਚ ਸ਼ਾਮਲ ਕਰਨ ਦੀ ਤਿਆਰੀ ਹੈ।ਇਨ੍ਹਾਂ ਤੋਂ ਇਲਾਵਾ ਦੋ ਰਾਜ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾ ਰਹੀ ਹੈ। ਇਨ੍ਹਾਂ ‘ਚ ਸੰਗਰੂਰ ਜ਼ਿਲ੍ਹੇ ਤੋਂ ਰਜ਼ੀਆ ਸੁਲਤਾਨਾ ਤੇ ਗੁਰਦਾਸਪੁਰ ਜ਼ਿਲ੍ਹੇ ਤੋਂ ਅਰੁਣਾ ਚੌਧਰੀ ਸ਼ਾਮਲ ਹਨ। ਦੂਜੇ ਗੇੜ ਵਿੱਚ ਹੋਰ ਮੰਤਰੀਆਂ ਤੇ ਇੱਕ ਡਿਪਟੀ ਸਪੀਕਰ ਨੂੰ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ।
ਕੈਪਟਨ ਅਮਰਿੰਦਰ ਸਿੰਘ ਅੱਜ ਸੰਭਾਲਣਗੇ ਪੰਜਾਬ ਦੀ ਵਾਗਡੋਰ



