ਤਲਵੰਡੀ ਸਾਬੋ, 30 ਮਾਰਚ (ਰਾਮ ਰੇਸ਼ਮ ਨਥੇਹਾ)- ਡਿਪਟੀ ਕਮਿਸ਼ਨਰ ਸ਼੍ਰੀ ਦੀਪਰਵਾ ਲਾਕਰਾ ਨੇ 13 ਅਪ੍ਰੈਲ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੇਲੇ ਨਾਲ ਸਬੰਧਤ ਵੱਖ-ਵੱਖ ਤਿਆਰੀਆਂ ਦੀ ਵਿਸਥਾਰਤ ਜਾਣਕਾਰੀ 3 ਅਪ੍ਰੈਲ ਤੱਕ ਦੇਣ ਤਾਂ ਜੋ ਸ਼ਰਧਾਲੂਆਂ ਦੀ ਸਹੂਲਤ ਦੇ ਮੱਦੇਨਜ਼ਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਸਕਣ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਦਿਆਂ ਸ਼੍ਰੀ ਲਾਕਰਾ ਨੇ ਕਿਹਾ ਕਿ ਮੇਲੇ ਦੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਮੌਜੂਦਾ ਸਥਿਤੀ ਬਾਰੇ ਸਬੰਧਤ ਵਿਭਾਗ 3 ਅਪ੍ਰੈਲ ਤੱਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ ਦੇ ਦਫ਼ਤਰ ਵਿਚ ਪੁੱਜਦੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਮੇਲੇ ਵਾਲੀ ਥਾਂ ਅਤੇ ਇਸ ਦੇ ਆਲੇ-ਦੁਆਲੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੇਲੇ ਵਾਲੀ ਥਾਂ ’ਤੇ ਕੰਟਰੋਲ ਰੂਮ ਅਤੇ ਮੇਲਾ ਹੈਲਪ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ ਜੋ ਸ਼ਰਧਾਲੂਆਂ ਨੂੰ ਲੋੜੀਂਦੀ ਜਾਣਕਾਰੀ ਜਾਂ ਮਦਦ ਕਰਵਾਉਣ ਵਿਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ ਵੀ ਲੋਕਾਂ ਦੀ ਸਹੂਲਤ ਲਈ ਮੇਲੇ ਤੋਂ ਪਹਿਲਾਂ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਨੂੰ ਆਉਂਦੀਆਂ ਵੱਖ-ਵੱਖ ਸੜਕਾਂ ਦਾ ਟ੍ਰੈਫਿਕ ਪਲਾਨ ਬਣਾਇਆ ਜਾਵੇ ਤਾਂ ਜੋ ਮੇਲੇ ’ਚ ਆਉਣ ਵਾਲੀ ਸੰਗਤ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਮੌੜ ਸ਼੍ਰੀ ਲਤੀਫ ਅਹਿਮਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਰੂਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਤਲਵੰਡੀ ਸਾਬੋ ’ਚ ਹੋਣ ਵਾਲੇ ਵਿਸਾਖੀ ਮੇਲੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ



