ਜਲੰਧਰ, 4 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਭਗਵਾਨ ਸ੍ਰੀ ਰਾਮ ਜੀ ਦੇ ਜਨਮ ਦਿਹਾੜੇ ਨੂੰ ਸਮਰਿਪਤ ਇੱਕ ਵਿਸ਼ਾਲ ਸ਼ੋਭਾ ਯਾਤਰਾ ਅਤੇ ਧਾਰਮਿਕ ਸਮਾਗਮ ਸ੍ਰੀ ਰਾਮਨੌਮੀ ਉਤਸਵ ਕਮੇਟੀ ਜਲੰਧਰ ਵੱਲੋਂ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਵੀ ਸ਼ਿਰਕਤ ਕੀਤੀ। ਰਾਮ ਨੌਮੀ ਉਤਸਵ ਕਮੇਟੀ ਦੇ ਪ੍ਰਧਾਨ ਅਤੇ ਹਿੰਦ ਸਮਾਚਾਰ ਗਰੁੱਪ ਦੇ ਮੁੱਖ ਸੰਪਾਦਕ ਸ੍ਰੀ ਵਿਜੇ ਚੋਪੜਾ ਵੱਲੋਂ ਮੁੱਖ ਮਹਿਮਾਨ ਰਾਣਾ ਕੇ.ਪੀ. ਸਿੰਘ ਤੇ ਹੋਰਨਾਂ ਮੰਤਰੀਆਂ ਅਤੇ ਧਾਰਮਿਕ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵਰਤਮਾਨ ਸਮੇਂ ਵੀ ਭਗਵਾਨ ਸ੍ਰੀ ਰਾਮ ਜੀ ਦੀਆਂ ਸਿੱਖਿਆਵਾਂ ਪੂਰੀ ਤਰ੍ਹਾਂ ਸਾਰਥਕ ਹਨ ਅਤੇ ਸਾਨੂੰ ਭਗਵਾਨ ਸ੍ਰੀ ਰਾਮ ਜੀ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਨੇ ਰਾਮਨੌਮੀ ਕਮੇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਭਾਰਤ ਦੀ ਅਮੀਰ ਵਿਰਾਸਤ ਨਾਲ ਜੋੜਨ ਲਈ ਅਜਿਹੇ ਯਤਨ ਬਹੁਤ ਜਰੂਰੀ ਹਨ। ਇਸ ਮੌਕੇ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੇ ਰਾਣਾ ਗੁਰਜੀਤ ਸਿੰਘ ਵੱਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਮਨੁੱਖਤਾ ਲਈ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਇਕ ਟੁਕੜੀ ਵੱਲੋਂ ਸਪੀਕਰ ਰਾਣਾ ਕੇ.ਪੀ ਸਿੰਘ, ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਲਾਮੀ ਦਿੱਤੀ ਗਈ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਪੀ.ਕੇ. ਸਿਨਹਾ ਤੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੰਤਰੀਆਂ ਦਾ ਸਵਾਗਤ ਕੀਤਾ ਗਿਆ। ਸ਼ੋਭਾ ਯਾਤਰਾ ਵਿੱਚ ਵਿਧਾਇਕ ਪ੍ਰਗਟ ਸਿੰਘ, ਸ਼ੁਸੀਲ ਕੁਮਾਰ ਰਿੰਕੂ, ਰਜਿੰਦਰ ਬੇਰੀ, ਸਾਬਕਾ ਮੰਤਰੀ ਅਵਤਾਰ ਹੈਨਰੀ, ਅਮਰਜੀਤ ਸਿੰਘ ਸਮਰਾ ਨੇ ਵੀ ਸ਼ਿਰਕਤ ਕੀਤੀ।
ਰਾਮ ਨੌਮੀ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ



