Skip to content
Independent perspectives. Global stories.
BREAKING

ਵਿਕਾਸ ਕਾਰਜਾਂ ਦੀ ਗੁਣਵੱਤਾ ਤੇ ਮਾਪਦੰਡਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ : ਤ੍ਰਿਪਤ ਰਾਜਿੰਦਰ ਬਾਜਵਾ

Share this story

image ਚੰਡੀਗੜ੍ਹ, 7 ਅਪਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਵਿਕਾਸ ਕੰਮਾਂ ਦੀ ਗੁਣਵੱਤਾ ਅਤੇ ਮਾਪਦੰਡਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਜੋ ਵਿਭਾਗ ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ’ਤੇ ਜੁੜਿਆ ਹ੍ਯੋਇਆ ਹੈ। ਇੱਥੇ ਕਿਸਾਨ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਅਸਿੱਧੇ ਤਰੀਕਿਆਂ ’ਚ ਗ਼ਲਤਾਨ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਉਚੇਚੇ ਤੌਰ ’ਤੇ ਕਿਹਾ, ‘‘ਆਪਣੇ ਨਿੱਜੀ ਮੁਫ਼ਾਦਾਂ ਲਈ ਮੇਰੇ ਨਾਂ ਦੀ ਵਰਤੋਂ ਕਰਨ ਵਾਲੇ ਅਧਿਕਾਰੀ ਵੀ ਅਜਿਹਾ ਕਰਨ ਤੋਂ ਗੁਰੇਜ਼ ਕਰਨ।’’ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ‘‘ਲੋਕਾਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਸਭ ਤੋਂ ਵੱਡੀ ਸੇਵਾ ਹੈ। ਇਸ ਲਈ ਇਸ ਪੁੰਨ ਦੇ ਕਾਰਜ ਵਿੱਚ ਢਿੱਲਮੱਠ ਨਾ ਵਰਤੀ ਜਾਵੇ।’’ ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਗ੍ਰਾਂਟਾਂ ਅਤੇ ਲੋਕਾਂ ਦੇ ਪੈਸੇ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਵਿਭਾਗ ਵੱਲੋਂ ਆਰੰਭੇ ਪ੍ਰਾਜੈਕਟਾਂ ਦਾ ਸੰਖੇਪ ਵੇਰਵਾ ਦਿੱਤਾ। ਮੀਟਿੰਗ ਦੌਰਾਨ ਸ੍ਰੀ ਵਿਭਾਗ ਦੇ ਮੁਖੀ ਸ੍ਰੀ ਬੀ.ਐਸ. ਰਾਏ, ਚੀਫ਼ ਇੰਜੀਨੀਅਰ ਸ੍ਰੀ ਡੀ.ਕੇ. ਬਾਂਸਲ, ਡਾਇਰੈਕਟਰ ਸੈਨੀਟੇਸ਼ਨ ਜਨਾਬ ਮੁਹੰਮਦ ਇਸ਼ਫ਼ਾਕ ਸਮੇਤ ਨਿਗਰਾਨ ਇੰਜੀਨੀਅਰ ਅਤੇ ਐਕਸੀਅਨ ਹਾਜ਼ਰ ਸਨ।

WRITTEN BY