ਸੰਗਰੂਰ, 7 ਅਪ੍ਰੈਲ (ਹਰਜੀਤ ਸਿੰਘ ਹਸਨਪੁਰੀ)- ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨ ਗਦਰ ਭਵਨ ਇਕੱਠੇ ਹੋਏ ਅਤੇ ਸ਼ਹਿਰ ਵਿੱਚ ਦੀ ਮਾਰਚ ਕਰਦੇ ਹੋਏ ਡੀ.ਸੀ.ਦਫ਼ਤਰ ਅੱਗੇ ਧਰਨਾ ਲਾਇਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮਲੌਦ ਤੇ ਜ਼ਿਲ੍ਹਾ ਆਗੂ ਪਰਮਜੀਤ ਕੌਰ ਨੇ ਦੱਸਿਆ ਕਿ ਕਿਸਾਨਾਂ ਦਾ ਆਰਥਿਕ ਸੰਕਟ ਦਿਨੋ ਦਿਨ ਵਧਦਾ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨ ਦਾ ਜਨਰਲ ਹਿੱਸਾ ਛੋਟੇ ਕਿਸਾਨਾਂ ਲਈ ਘੱਟ ਰੇਟ ‘ਤੇ ਦੇਣ ਲਈ ਰਿਜ਼ਰਵ ਕੀਤਾ ਜਾਵੇ, ਜਨਰਲ ਹਿੱਸੇ ਵਿੱਚ ਦਰੱਖਤ ਲਗਾਉਣ ਦਾ ਸਰਕਾਰ ਦਾ ਫ਼ੈਸਲਾ ਰੱਦ ਕੀਤਾ ਜਾਵੇ, ਮਜ਼ਦੂਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਅਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦਿੱਤੇ ਜਾਣ, ਛੋਟੇ ਕਿਸਾਨਾਂ ਦੀ ਜ਼ਮੀਨ ਮੁੜ੍ਹ ਚੱਕਰਬੰਦੀ ਕਰਕੇ ਇਕ ਪਾਸੇ ਕੀਤੀ ਜਾਵੇ ਅਤੇ ਉਸ ਵਿੱਚ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਗੜ੍ਹੇਮਾਰੀ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾਵੇ ਅਤੇ ਅਵਾਰਾ ਪਸ਼ੂਆਂ ਦਾ ਪੱਕਾ ਪ੍ਰਬੰਧ ਕੀਤਾ ਜਾਵੇ।ਇਸ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਧਰਨੇ ਨੂੰ ਸੰਘਰਸ਼ ਕਮੇਟੀ ਦੇ ਪ੍ਰਿਥੀ ਲੌਂਗੋਵਾਲ, ਬਲਵਿੰਦਰ ਝਲੂਰ, ਕਰਮਾ ਘਰਾਚੋਂ, ਰਾਮਪਾਲ ਬਾਦਲ ਕਲਾਂ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਆਗੂ ਬਹਾਲ ਬੇਨੜਾ ਆਦਿ ਨੇ ਸੰਬੋਧਨ ਕੀਤਾ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡੀਸੀ ਕੰਪਲੈਕਸ ਅੱਗੇ ਧਰਨਾ



