ਤਲਵੰਡੀ ਸਾਬੋ, 13 ਅਪ੍ਰੈਲ- ਖਾਲਸਾ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸੇ ਦੀ ਸਾਜਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਕ੍ਰਾਂਤੀਕਾਰੀ ਕਦਮ ਸੀ, ਜਿਸ ਨਾਲ ਜ਼ੁਲਮ ਦੀ ਲਤਾੜੀ ਹੋਈ ਮਨੁੱਖਤਾ ਨੂੰ ਨਵਾਂ ਜੀਵਨ ਰਾਹ ਮਿਲਿਆ। ਉਨ੍ਹਾਂ ਸਮੁੱਚੇ ਖਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਦਸਵੇਂ ਪਾਤਸ਼ਾਹ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਸੁਚੱਜੀ ਜੀਵਨ ਜਾਚ ਦੇ ਪਾਂਧੀ ਬਣਨ ਲਈ ਪ੍ਰੇਰਨਾ ਕੀਤੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਕੁਝ ਪੰਥ ਵਿਰੋਧੀ ਸ਼ਕਤੀਆਂ ਕੋਝੀਆਂ ਚਾਲਾਂ ਚੱਲ ਕੇ ਪੰਥ ਵਿਚ ਦੁਫੇੜ ਪਾਉਣ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। ਡੇਰਾ ਸਿਰਸਾ ਸਬੰਧੀ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪ ਦਿੱਤੀ ਹੈ, ਹੁਣ ਅਗਲੀ ਕਾਰਵਾਈ ਸਿੰਘ ਸਾਹਿਬਾਨ ਨੇ ਕਰਨੀ ਹੈ ਕਿਉਂਕਿ ਇਹ ਉਨ੍ਹਾਂ ਦਾ ਕਾਰਜ ਖੇਤਰ ਹੈ। ਕੈਨੇਡਾ ਸਰਕਾਰ ਦੀ ਸਿੱਖ ਮਾਮਲਿਆਂ ਪ੍ਰਤੀ ਹਾਂ-ਪੱਖੀ ਪਹੁੰਚ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਓਂਟਾਰੀਓ ਸੂਬੇ ਦੀ ਸਰਕਾਰ ਵੱਲੋਂ ਸਿੱਖਾਂ ਦੀ ਮੰਗ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਮਤੇ ਨੂੰ ਪ੍ਰਵਾਨ ਕਰਨ ਅਤੇ ਕੈਨੇਡਾ ਸਰਕਾਰ ਵੱਲੋਂ ਕਾਮਾਗਾਟਾ ਮਾਰੂ ਦੀ ਘਟਨਾ ਲਈ ਸੰਸਦ ਵਿਚ ਮੁਆਫੀ ਮੰਗਣ ਨਾਲ ਸਿੱਖਾਂ ਵਿਚ ਕੈਨੇਡਾ ਸਰਕਾਰ ਪ੍ਰਤੀ ਸਤਿਕਾਰ ਦੀ ਭਾਵਨਾ ਵਧੀ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਕਿ ਕੈਨੇਡਾ ਦੀ ਤਰ੍ਹਾਂ ਭਾਰਤੀ ਸੰਸਦ ਵਿਚ ਵੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਗੁਰਸਿੱਖ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ’ਤੇ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਜੋਗਿੰਦਰ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਸ. ਮੋਹਣ ਸਿੰਘ ਬੰਗੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਰਾਮਪਾਲ ਸਿੰਘ ਬਹਿਣੀਵਾਲਾ, ਸ. ਮਿੱਠੂ ਸਿੰਘ ਕਾਨੇਕੇ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਅਵਤਾਰ ਸਿੰਘ ਵਣਵਾਲਾ ਤੇ ਸ. ਮਨਜੀਤ ਸਿੰਘ ਬਪੀਆਣਾ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਚਾਨਣ ਸਿੰਘ, ਸ. ਜਗਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਸ. ਸ਼ਮਸ਼ੇਰ ਸਿੰਘ ਚੱਠਾ ਐਡੀ: ਮੈਨੇਜਰ ਤੇ ਹੋਰ ਹਾਜ਼ਰ ਸਨ।
ਖਾਲਸੇ ਦੀ ਸਾਜਨਾ ਦੁਨੀਆਂ ਦੇ ਇਤਿਹਾਸ ’ਚ ਇਕ ਕ੍ਰਾਂਤੀਕਾਰੀ ਕਦਮ : ਪ੍ਰੋ. ਕਿਰਪਾਲ ਸਿੰਘ ਬਡੂੰਗਰ



