ਚੰਡੀਗੜ੍ਹ, 18 ਅਪ੍ਰੈਲ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਟਾ-ਦਾਲ ਸਕੀਮ ਨੂੰ ਹੋਰ ਅਸਰਦਾਇਕ ਅਤੇ ਵਿਆਪਕ ਬਣਾਉਣ ਲਈ ਨੀਲਾ ਕਾਰਡ ਲਾਭਪਾਤਰੀਆਂ ਦੀ ਸੂਚੀ ਦੀ ਮੁੜ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲਾਭਪਾਤਰੀਆਂ ਨੂੰ ਆਧਾਰ ਕਾਰਡ ਨਾਲ ਜੋੜਨ ਦਾ ਫੈਸਲਾ ਵੀ ਕੀਤਾ ਹੈ। ਇਸ ਸਕੀਮ ਦੇ ਘੇਰੇ ਵਿੱਚ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਵੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਵਿਭਾਗ ਦੀ ਹੋਈ ਜਾਇਜ਼ਾ ਮੀਟਿੰਗ ਵਿੱਚ ਲਿਆ ਗਿਆ। ਮੌਜੂਦਾ ਨੀਲੇ ਕਾਰਡਾਂ ਨੂੰ ਸਮਾਰਟ ਰਾਸ਼ਨ ਕਾਰਡਾਂ ਵਿੱਚ ਤਬਦੀਲ ਕਰਕੇ ਇਸ ਸਕੀਮ ਨੂੰ ਹੋਰ ਜ਼ਿਆਦਾ ਬਿਹਤਰ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਮੌਜੂਦਾ ਕਾਰਡਾਂ ਨੂੰ ਸਿਆਸੀ ਨੇਤਾਵਾਂ ਨਾਲ ਜੋੜਨ ਤੋਂ ਛੁਟਕਾਰਾ ਦਿਵਾਉਣ ਦਾ ਵੀ ਫੈਸਲਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਿਛਲੇ 6-7 ਮਹੀਨਿਆਂ ਵਿੱਚ ਹੀ ਇਸ ਸਕੀਮ ਹੇਠ ਸੱਤ ਲੱਖ ਲਾਭਪਾਤਰੀਆਂ ਨੂੰ ਜੋੜਿਆ ਸੀ। ਇਕ ਅਨੁਮਾਨ ਅਨੁਸਾਰ 1.39 ਕਰੋੜ ਲਾਭਪਾਤਰੀਆਂ ਵਿੱਚੋਂ 2-3 ਫੀਸਦੀ ਲਾਭਪਾਤਰੀ ਯੋਗ ਨਹੀਂ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ ਸਿਆਸੀ ਮੁਫਾਦਾਂ ਕਾਰਨ ਇਸ ਸੂਚੀ ਵਿੱਚ ਸ਼ਾਮਲ ਕੀਤਾ ਸੀ।
ਆਟਾ-ਦਾਲ ਲਾਭਪਾਤਰੀਆਂ ਬਾਰੇ ਮੁੜ ਪੜਤਾਲ ਕਰਨ ਦੇ ਹੁਕਮ



