Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਖਾਲਸਾ ਕਾਲਜ ਦੀ 125 ਵਰ੍ਹੇ ਪੁਰਾਣੀ ਵਿਰਾਸਤ ਨੂੰ ਬਚਾਉਣ ਲਈ ਖਾਲਸਾ ਯੂਨੀਵਰਸਿਟੀ ਕਾਨੂੰਨ ਰੱਦ

Share this story

ਮੰਤਰੀ ਮੰਡਲ ਵੱਲੋਂ ਨਿੱਜੀ ਸਕੂਲਾਂ ਦੁਆਰਾ ਵੱਧ ਫੀਸ ਵਸੂਲਣ ’ਤੇ ਰੋਕ ਲਈ ਨਵੇਂ ਨਿਯਮ ਪ੍ਰਵਾਨ
image ਚੰਡੀਗੜ੍ਹ, 19 ਅਪ੍ਰੈਲ- ਪੰਜਾਬ ਸਰਕਾਰ ਨੇ ਅੱਜ 125 ਵਰ੍ਹੇ ਪੁਰਾਣੇ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦਾ ਨਿੱਜੀਕਰਨ ਹੋ ਜਾਣ ’ਤੇ ਇਸ ਦੇ ਵਿਰਾਸਤ ਰੁਤਬੇ ਦੇ ਖੁਸ ਜਾਣ ਤੋਂ ਬਚਾਉਣ ਲਈ ਵਿਵਾਦਪੂਰਨ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਕਾਲਜ ਦੀ ਸ਼ਾਨਦਾਰ ਵਿਰਾਸਤ ਦੀ ਰਾਖੀ ਕਰਨ ਦਾ ਵਾਅਦਾ ਕੀਤਾ ਜੋ ਵਿਰਾਸਤੀ ਦਰਜੇ ਵਾਲੀ ਮੁਲਕ ਦੀ ਸਭ ਤੋਂ ਪੁਰਾਣੀਆਂ ਵਿਦਿਅਕ ਸੰਸਥਾਵਾਂ ਵਿੱਚੋਂ ਇੱਕ ਹੈ।
       ਮੰਤਰੀ ਮੰਡਲ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਕਦਮ ਨਾਲ ਖਾਲਸਾ ਯੂਨੀਵਰਸਿਟੀ ਵਿੱਚ ਪਹਿਲਾਂ ਹੀ ਦਾਖਲਾ ਲੈ ਚੁੱਕੇ 300 ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇੱਛਾ ਮੁਤਾਬਕ ਉਨ੍ਹਾਂ ਨੂੰ ਜਾਂ ਤਾਂ ਖਾਲਸਾ ਕਾਲਜ ਜਾਂ ਫਿਰ ਕਿਸੇ ਹੋਰ ਕਾਲਜ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਖਾਲਸਾ ਕਾਲਜ ਸੁਸਾਇਟੀ ਵੱਲੋਂ ਇਸ ਵੱਕਾਰੀ ਸੰਸਥਾ ਨੂੰ ਯੂਨੀਵਰਸਿਟੀ ਵਿੱਚ ਤਬਦੀਲ ਕਰਕੇ ਇਸ ਦੇ ਵਿਰਾਸਤੀ ਦਰਜੇ ਨੂੰ ਤਹਿਸ-ਨਹਿਸ ਕਰਨ ਵਾਲਾ ਕਦਮ ਦੱਸਿਆ ਹੈ। ਮੰਤਰੀ ਮੰਡਲ ਨੇ ਇਹ ਪੱਖ ਵੀ ਵਿਚਾਰਿਆ ਕਿ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਵਾਸੀਆਂ, ਸੂਬੇ ਦੇ ਬੁੱਧੀਜੀਵੀ ਵਰਗ ਅਤੇ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਸਖਤ ਵਿਰੋਧਤਾ ਦੇ ਬਾਵਜੂਦ ਖਾਲਸਾ ਯੂਨੀਵਰਸਿਟੀ ਐਕਟ 2016 ਰਾਹੀਂ ਅੰਮ੍ਰਿਤਸਰ ਵਿੱਚ ਖਾਲਸਾ ਯੂਨੀਵਰਸਿਟੀ ਸਥਾਪਤ ਕੀਤੀ ਗਈ।
ਵੱਧ ਫੀਸ ਵਸੂਲਣ ’ਤੇ ਰੋਕ ਲਾਉਣ ਲਈ ਨਵੇਂ ਨਿਯਮਾਂ ਨੂੰ ਪ੍ਰਵਾਨਗੀ- ਮੰਤਰੀ ਮੰਡਲ ਵੱਲੋਂ ਪੰਜਾਬ ਸਟੇਟ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਰੂਲਜ਼-2017 ਨੂੰ ਸਹਿਮਤੀ ਦਿੱਤੇ ਜਾਣ ਨਾਲ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲਾਂ ਦੀ ਫੀਸ ਨੂੰ ਨਿਯਮਤ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ।ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਇਨ੍ਹਾਂ ਨਿਯਮਾਂ ਨਾਲ ਨਿੱਜੀ ਸਕੂਲ ਪਿਛਲੇ ਸਾਲ ਨਾਲੋਂ ਸਾਲਾਨਾ ਫੀਸ ਵਿੱਚ ਅੱਠ ਫੀਸਦੀ ਤੱਕ ਵਾਧਾ ਹੀ ਕਰ ਸਕਣਗੇ।
ਸਕੂਲਾਂ ਵੱਲੋਂ ਲਏ ਜਾਂਦੇ ਹੋਰ ਸਾਰੇ ਫੰਡ ਵੀ ਇਨ੍ਹਾਂ ਨਿਯਮਾਂ ਹੇਠ ਹੀ ਆਉਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ- 2016 ਪਹਿਲਾਂ ਹੀ ਬਣਾਇਆ ਜਾ ਚੁੱਕਾ ਹੈ। ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਦਰੁਸਤ ਕਰਨ ਅਤੇ ਇੱਥੋਂ ਦੀ ਸਿੱਖਿਆ ਦਾ ਪੱਧਰ ਵਿਸ਼ਵ ਪੱਧਰ ਦੇ ਹਾਣ ਦਾ ਬਣਾਉਣ ਵੱਲ ਨੂੰ ਕਦਮ ਵਧਾਉਂਦੇ ਹੋਏ ਮੰਤਰੀ ਮੰਡਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ ਦੇ ਬੋਰਡ ਆਫ਼ ਗਵਰਨਰਜ਼ ਦਾ ਚੇਅਰਮੈਨ ਉਦਯੋਗ, ਤਕਨਾਲੋਜੀ ਜਾ ਤਕਨੀਕੀ ਸਿੱਖਿਆ ਦੇ ਖੇਤਰ ਨਾਲ ਸਬੰਧ ਰੱਖਦਾ ਕੌਮੀ ਪੱਧਰ ਦੀ ਉੱਘੀ ਸ਼ਖਸੀਅਤ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ  ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਬੋਰਡ ਆਫ਼ ਗਵਰਨਰਜ਼ ਦਾ ਚੇਅਰਮੈਨ ਵੀ ਇਸੇ ਤਰੀਕੇ ਨਾਲ ਹੀ ਲਗਾਉਣ ਦਾ ਫੈਸਲਾ ਕੀਤਾ ਹੈ।

WRITTEN BY