ਚੰਡੀਗੜ੍ਹ, ਅਪ੍ਰੈਲ 20 (ਪੰਜਾਬ ਟਾਇਮਜ਼ ਬਿਊਰੋ)- ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਵਾ ਕੇ ਅਜੋਕੇ ਦੌਰ ਦੀਆਂ ਵਿਸ਼ਵ ਪੱਧਰੀ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੀ ਇੱਕੋ ਇੱਕ ਮਾਪਦੰਡ ਹੋਵੇਗਾ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦਾ ਸਰਕਾਰ ਦੇ ਭਰੋਸੇ ‘ਤੇ ਖਰਾ ਉਤਰਨ ਲਈ।ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਬਹੁਤ ਹੀ ਸਪੱਸ਼ਟ ਲਫਜਾਂ ਵਿਚ ਨਿੱਜੀ ਅਦਾਰਿਆਂ ਦੇ ਮੁੱਖੀਆਂ ਨਾਲ ਮੀਟਿੰਗ ਕਰਕੇ ਸਾਫ ਕਰ ਦਿੱਤਾ ਹੈ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਕਿਸੇ ਨਾਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਰਿਆਇਤ ਦਿੱ ਤੀ ਜਾਵੇਗੀ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਆਲ ਇੰਡੀਆਂ ਤਕਨੀਕੀ ਸਿੱਖਿਆ ਕਾਉਂਸਲ ਵਲੋਂ ਅਤੇ ਪੰਜਾਬ ਸਰਕਾਰ ਵਲੋਂ ਤੈਅ ਕੀਤੇ ਮਾਪਦੰਡਾਂ ‘ਤੇ ਜੇਕਰ ਕੋਈ ਤਕਨੀਕੀ ਸਿੱਖਿਆ ਅਦਾਰਾ ਖਰਾ ਨਹੀਂ ਉਤਰਦਾ ਤਾਂ ਉਸ ਦੇ ਖਿਲਾਫ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਨਿੱਜੀ ਅਦਾਰਿਆਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਅਦਾਰੇ ਵਿਚ ਕੋਈ ਘਾਟਾਂ ਪਾਈਆਂ ਗਈਆਂ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਮੌਕੇ ‘ਤੇ ਹੀ ਕੀਤੀ ਜਾਵੇਗੀ। ਗੈਰ ਸਹਾਇਤਾ ਪ੍ਰਾਪਤ ਤਕਨੀਕੀ ਸੰਸਥਾਵਾਂ ਦੇ ਮੁੱਖੀਆਂ ਨਾਲ ਮੀਟਿੰਗ ਦੇ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਨੇ ਤਕਨੀਕੀ ਸਿਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਨੁਮਾਇੰਦਿਆਂ ਦੀ ਸਲਾਹਕਾਰ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਵੀ ਕੀਤਾ।
ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਦੀ ਮਾਨਤਾ ਰੱਦ ਕੀਤੀ ਜਾਵੇਗੀ : ਚੰਨੀ



