Skip to content
Independent perspectives. Global stories.
BREAKING

ਭਾਜਪਾ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਅਤੇ ਹੋਰ ਜਨਤਕ ਮਸਲਿਆਂ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਹਿਯੋਗ ਦੀ ਪੇਸ਼ਕਸ਼

Share this story

ਕੇਂਦਰੀ ਮੰਤਰੀ ਅਤੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਵੱਲੋਂ ਵਫਦ ਸਮੇਤ ਮੁੱਖ ਮੰਤਰੀ ਨਾਲ ਮੁਲਾਕਾਤ
image ਚੰਡੀਗੜ੍ਹ, 27 ਅਪ੍ਰੈਲ- ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਸਤੁਲਜ ਯਮੁਨਾ ਲਿੰਕ ਨਹਿਰ ਦੇ ਨਾਜ਼ੁਕ ਮਸਲੇ ਅਤੇ ਸੂਬੇ ਦੇ ਹਿੱਤ ਨਾਲ ਜੁੜੇ ਹੋਰਨਾਂ ਮੁੱਦਿਆਂ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ। ਸਮਾਜਿਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾਈ ਪ੍ਰਧਾਨ ਵਿਜੇ ਸਾਂਪਲਾ, ਪਾਰਟੀ ਦੇ ਸੂਬਾ ਉਪ ਪ੍ਰਧਾਨ ਹਰਜੀਤ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਸੂਬੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਵਿਚਾਰ-ਚਰਚਾ ਕਰਨ ਲਈ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਾਜਪਾ ਲੀਡਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਖਿਆ ਕਿ ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਸਾਰੀਆਂ ਪਾਰਟੀਆਂ ਦਾ ਇਕੱਠੇ ਹੋਣਾ ਬਹੁਤ ਮਹੱਤਵਪੂਰਨ ਹੈ। ਭਾਜਪਾ ਨੇਤਾਵਾਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਕੈਂਸਰ ਹਸਪਤਾਲ ਦੀ ਸਥਾਪਨਾ ਦਾ ਮੁੱਦਾ ਵੀ ਸ਼ਾਮਲ ਸੀ। ਇਸ ਹਸਪਤਾਲ ਲਈ ਜ਼ਮੀਨ ਅਲਾਟ ਕੀਤੀ ਜਾ ਚੁੱਕੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਲੋੜੀਂਦੇ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਪ੍ਰਾਜੈਕਟ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਸਪਤਾਲ ਦੇ ਕੰਮ ਦੀ ਗਤੀ ਤੇਜ਼ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੈਂਸਰ ਦੀ ਸਮੱਸਿਆ ਬਹੁਤ ਗੰਭੀਰ ਹੈ ਜਿਸ ਕਰਕੇ ਇਸ ਪ੍ਰਾਜੈਕਟ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਣੀ ਚਾਹੀਦੀ। ਭਾਜਪਾ ਦੇ ਵਫ਼ਦ ਨੇ ਤਲਵਾੜਾ (ਹੁਸ਼ਿਆਰਪੁਰ) ਦੇ ਸਰਕਾਰੀ ਹਸਪਤਾਲ ਵਿੱਚ ਟੈਲੀਮੈਡੀਸਨ ਸੇਵਾਵਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਤਾਂ ਕਿ ਇਸ ਖੇਤਰ ਵਿੱਚ ਡਾਕਟਰਾਂ ਦੀ ਘਾਟ ਨਾਲ ਨਜਿੱਠਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੁਝਾਅ ਦਾ ਸਵਾਗਤ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸੇਵਾਵਾਂ ਸ਼ੁਰੂ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਦੀ ਹਦਾਇਤ ਕੀਤੀ। ਇਸ ਸਬੰਧ ਵਿੱਚ ਭਾਜਪਾ ਦੀ ਅਪੀਲ ’ਤੇ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗ ਨੂੰ ਆਦਮਪੁਰ ਹਵਾਈ ਅੱਡੇ ਦੇ ਸਿਵਲ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਇਸ ਹਵਾਈ ਅੱਡੇ ਨੂੰ ਜਿੰਨੀ ਛੇਤੀ ਸੰਭਵ ਹੋਵੇ, ਚਾਲੂ ਕੀਤਾ ਜਾਵੇ ਜਿਸ ਨਾਲ ਸੂਬੇ ਦੀ ਇਸ ਮਹੱਤਵਪੂਰਨ ਜ਼ਿਲ੍ਹੇ ਦੇ ਮੁਸਾਫਰਾਂ ਨੂੰ ਸਫਰ ਦੀ ਸਹੂਲਤ ਹਾਸਲ ਹੋ ਸਕੇ।
ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਵਿੱਚ ਇਕ ਆਟੋ ਇੰਡਸਟਰੀ ਸਥਾਪਤ ਕਰਨ ਲਈ ਦਿੱਤੇ ਸੁਝਾਅ ’ਤੇ ਮੁੱਖ ਮੰਤਰੀ ’ਤੇ ਇਸ ਉਪਰ ਗੌਰ ਕਰਨ ਦਾ ਵਾਅਦਾ ਕਰਦਿਆਂ ਸੂਬਾ ਭਰ ਵਿੱਚ ਅਤਿ ਲੋੜੀਂਦੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਆਪਣੀ ਪ੍ਰਤੀਬੱਧਤਾ ਜ਼ਾਹਰ ਕੀਤੀ। ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੇ ਕੇਂਦਰੀ ਫੰਡਾਂ ਦੀ ਵੰਡ ਬਾਰੇ ਵਫ਼ਦ ਵੱਲੋਂ ਉਠਾਏ ਇਕ ਹੋਰ ਮੰਗ ਉਠਾਈ ਗਈ।
ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮੰਤਵ ਲਈ ਅਲਾਟ ਹੋਏ ਫੰਡਾਂ ਨੂੰ ਛੇਤੀ ਤੋਂ ਛੇਤੀ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

WRITTEN BY