‘ਸੰਗਰੂਰ, 6 ਮਈ (ਹਰਜੀਤ ਸਿੰਘ ਹਸਨਪੁਰੀ)- ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਵਿੱਚ ਪ੍ਰਸ਼ਾਸਨ ਦੀਆਂ ਮਨਮਾਨੀਆਂ ਖ਼ਿਲਾਫ਼ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਲਿਤ ਵਰਗ ਦੇ ਲੋਕਾਂ ਵੱਲੋਂ ਜ਼ਿਲ੍ਹਾ ਭਰ ਦੇ ਵੱਖ-ਵੱਖ ਪਿੰਡਾਂ ਵਿੱਚ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ। ਮੁਜ਼ਾਹਰਾਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਪ੍ਰਸ਼ਾਸਨ ਵੱਲੋਂ ਬੋਲੀਆਂ ਸਬੰਧੀ ਦਲਿਤਾਂ ਦੀ ਸੁਣਵਾਈ ਨਾ ਕੀਤੀ ਗਈ ਤਾਂ ਪਿੰਡਾਂ ਵਿੱਚ ਬੋਲੀਆਂ ਦਾ ਬਾਈਕਾਟ ਕੀਤਾ ਜਾਵੇਗਾ।ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸੱਤ ਬਲਾਕਾਂ ਦੇ ਦਰਜਨਾਂ ਪਿੰਡਾਂ ਵਿੱਚ ਸਿਵਲ ਪ੍ਰਸ਼ਾਸਨ ਦੀਆਂ ਮਨਮਾਨੀਆਂ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤਾਂ ਦੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਰੇਟ ਘੱਟ ਕਰਨ, ਬੋਲੀ ਸਬੰਧਤ ਪਿੰਡ ਦੀ ਦਲਿਤ ਧਰਮਸ਼ਾਲਾ ਵਿੱਚ ਕਰਵਾਉਣ ਅਤੇ ਸਾਂਝੀ ਖੇਤੀ ਲਈ ਜ਼ਮੀਨ ਲੈਣ ਵਾਲੇ ਦਲਿਤਾਂ ਨੂੰ ਪਹਿਲ ਦੇਣ ਦੀਆਂ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਨੂੰ ਲਾਗੂ ਕਰਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 28 ਅਪਰੈਲ ਨੂੰ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਵੀ ਲਗਾਇਆ ਸੀ ਪਰ ਪ੍ਰਸ਼ਾਸਨ ਵੱਲੋਂ ਵਿਸ਼ਵਾਸ ਦਿਵਾਉਣ ਤੋਂ ਬਾਅਦ ਵੀ ਨਾ ਤਾਂ ਜ਼ਮੀਨਾਂ ਦਾ ਰੇਟ ਘੱਟ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਬੋਲੀਆਂ ਐਸ.ਸੀ.ਧਰਮਸ਼ਾਲਾ ਵਿੱਚ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੋਲੀਆਂ ਸਬੰਧੀ ਬਿਨਾਂ ਕਿਸੇ ਇਸ਼ਤਿਹਾਰ ਸੂਚਨਾ ਦਿੱਤੇ ਚੁੱਪ-ਚਪੀਤੇ ਬੋਲੀਆਂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਦਲਿਤਾਂ ਦੀ ਸੁਣਵਾਈ ਨਾ ਕੀਤੀ ਗਈ ਤਾਂ ਪਿੰਡਾਂ ਵਿੱਚ ਬੋਲੀਆਂ ਦਾ ਬਾਈਕਾਟ ਕੀਤਾ ਜਾਵੇਗਾ। ਲਹਿਰਾਗਾਗਾ (ਪੱਤਰ ਪ੍ਰੇਰਕ): ਪਿੰਡ ਜਲੂਰ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਸੰਘਰਸ਼ ਕਮੇਟੀ ਦੇ ਇਲਾਕਾ ਕਨਵੀਨਰ ਬਲਵਿੰਦਰ ਸਿੰਘ ਜਲੂਰ ਨੇ ਮੰਗ ਕੀਤੀ ਕਿ ਦਲਿਤ ਕੋਟੇ ਦੀ ਜ਼ਮੀਨ ਦੀ ਬੋਲੀ ਮਜ਼ਦੂਰਾਂ ਦਲਿਤਾਂ ਦੀ ਧਰਮਸ਼ਾਲਾ ਵਿੱਚ ਕਰਵਾਈ ਜਾਵੇ। ਭਵਾਨੀਗੜ੍ਹ (ਪੱਤਰ ਪ੍ਰੇਰਕ): ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜ਼ਿਲ੍ਹਾ ਪੱਧਰੀ ਸੱਦੇ ਤਹਿਤ ਸੰਗਰੂਰ ਸਿਵਲ ਪ੍ਰਸ਼ਾਸਨ ਦੀ ਮਨਮਾਨੀਆਂ ਖ਼ਿਲਾਫ਼ ਭਵਾਨੀਗੜ੍ਹ ਬਲਾਕ ਦੇ ਕਈ ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਮਨਪ੍ਰੀਤ ਭੱਟੀਵਾਲ ਤੇ ਕਰਮਜੀਤ ਘਰਾਚੋਂ ਨੇ ਦੱਸਿਆ ਕਿ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਸਾਂਝੀ ਖੇਤੀ ਲਈ ਦਲਿਤਾਂ ਨੂੰ ਪਹਿਲ ਦੇਣ ਦੀ ਬਜਾਏ ਸੰਗਰੂਰ ਦੇ ਸਿਵਲ ਪ੍ਰਸ਼ਾਸਨ ਵੱਲੋਂ ਚੁੱਪ ਚੁਪੀਤੇ ਬੀ.ਡੀ.ਓ. ਦਫਤਰ ਵਿੱਚ ਬੋਲੀ ਕਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਦਲਿਤਾਂ ਵਿਰੁੱਧ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਸ਼ਾਸਨ ਖ਼ਿਲਾਫ਼ ਦਲਿਤਾਂ ਵੱਲੋਂ ਅਰਥੀ ਫ਼ੂਕ ਮੁਜ਼ਾਹਰੇ



