ਸੰਗਰੂਰ, 16 ਮਈ (ਹਰਜੀਤ ਸਿੰਘ ਹਸਨਪੁਰੀ)- ਜ਼ਿਲ੍ਹੇ ਅੰਦਰ ਸੰਭਾਵੀ ਹੜਾ ਦੀ ਸਥਿਤੀ ਨੂੰ ਨਜਿੱਠਣ ਅਤੇ ਹੜ ਰੋਕੂ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਸ. ਵਿਰਕ ਨੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਬਲਾਕ ਵਿਕਾਸ ਪੰਚਾਇਤ ਅਫ਼ਸਰਾਂ, ਡਰੇਨਜ਼ ਵਿਭਾਗ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ-ਪਹਿਲਾਂ ਆਪਣੇ ਅਧਿਕਾਰ ਖੇਤਰ ’ਚ ਛੱਪੜਾਂ, ਡਰੇਨਜ਼ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਮੁਕੰਮਲ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਲੋੜ ਪੈਣ ‘ਤੇ ਆਪਣੇ ਅਧਿਕਾਰ ਖੇਤਰ ਵਿੱਚ ਜੇ.ਸੀ.ਬੀ. ਮਸ਼ੀਨਾਂ ਦਾ ਪ੍ਰਬੰਧ ਰੱਖਣ। ਉਨਾਂ ਸਮਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਅਧਿਕਾਰੀ ਸੰਭਾਵਿਤ ਹੜਾ ਦੀ ਨਾਜੁਕ ਸਥਿਤੀ ‘ਚ ਆਪਣੀ ਡਿਊਟੀ ਪ੍ਰਤੀ ਲਾਪਰਵਾਹੀ ਨਾ ਦਿਖਾਵੇ। ਉਨਾ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਜ਼ਿਲੇ ਅੰਦਰ ਸੰਭਾਵਿਤ ਹੜਾਂ ਦੀ ਸਥਿਤੀ ਵਿੱਚ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੀ ਸੂਚੀ ਤਿਆਰ ਕੀਤੀ ਜਾਵੇ। ਉਨਾ ਕਿਹਾ ਕਿ ਰੋਜ਼ਾਨਾ ਘੱਗਰ ਦੇ ਪਾਣੀ ਦੇ ਮਾਪਦੰਡਾਂ ਨੂੰ ਧਿਆਨ ‘ਚ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਹੜਾ ਦੀ ਸੰਭਾਵੀ ਸਥਿਤੀ ਲਈ ਮੈਡੀਕਲ ਸਹੂਲਤਾਂ, ਖਾਣ ਪੀਣ ਦੀਆਂ ਵਸਤਾਂ ਦੇ ਭੰਡਾਰ, ਪਸ਼ੂਆਂ ਦੇ ਚਾਰੇ ਅਤ/ ਡਾਕਟਰੀ ਸਹੂਲਤਾ, ਬਿਜਲੀ ਸਪਲਾਈ, ਸੜਕਾਂ ਦੀ ਆਵਾਜਾਈ ਚਾਲੂ ਰੱਖਣ, ਟਰਾਂਸਪੋਰਟ ਸਬੰਧੀ, ਪੁਲਿਸ ਗਸ਼ਤ, ਟੈਲੀਫੋਨ ਸੇਵਾਵਾਂ ਚਾਲੂ ਰੱਖਣ ਅਤੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਅਤੇ ਜਰੂਰੀ ਵਸਤੂਆਂ ਦੇ ਪ੍ਰਬੰਧਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਇਸ ਮੌਕੇ ਐਸ.ਡੀ.ਐਮ ਸੰਗਰੂਰ ਸ੍ਰੀਮਤੀ ਸੋਨਮ ਚੌਧਰੀ, ਐਸ.ਡੀ.ਐਮ ਸੁਨਾਮ ਸ. ਰਾਜਦੀਪ ਸਿੰਘ ਬਰਾੜ, ਜ਼ਿਲਾ ਟਰਾਂਸਪੋਰਟ ਅਫ਼ਸਰ ਸ੍ਰੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ. ਧੂਰੀ ਸ. ਅਮਰਿੰਦਰ ਸਿੰਘ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ. ਅਹਿਮਦਗੜ ਹਰਕੀਰਤ ਕੌਰ, ਜ਼ਿਲਾ ਮਾਲ ਅਫ਼ਸਰ ਸ. ਗਗਨਦੀਪ ਸਿੰਘ, ਡੀ.ਐਸ.ਪੀ. ਸ .ਨਾਹਰ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸਮੂਹ ਅਧਿਕਾਰੀ ਸੰਭਾਵੀ ਹੜਾ ਨਾਲ ਨਜਿੱਠਣ ਲਈ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ : ਡੀਸੀ ਸੰਗਰੂਰ



