‘ਆਪ’ ਪੰਜਾਬ ਦਾ ਕੋਈ ਵਿਧਾਇਕ ਭਾਜਪਾ ਦੇ ਸੰਪਰਕ ’ਚ ਨਹੀਂ

image ਚੰਡੀਗੜ੍ਹ, 20 ਮਈ- ਪੰਜਾਬ ਭਾਜਪਾ ਦੇ ਦਾਅਵਿਆਂ ਦੇ ਉਲਟ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਸਪਸ਼ਟ ਕੀਤਾ ਹੈ ਕਿ ‘ਆਪ’ ਪੰਜਾਬ ਦਾ ਕੋਈ ਵੀ ਵਿਧਾਇਕ ਉਨ੍ਹਾਂ ਦੀ ਪਾਰਟੀ ਦੇ ਸੰਪਰਕ ਵਿੱਚ ਨਹੀਂ ਹੈ। ਪਿਛਲੇ ਦਿਨੀਂ ਪੰਜਾਬ ਭਾਜਪਾ ਦੇ ਇੱਕ ਆਗੂ ਨੇ ਇਹ ਦਾਅਵਾ ਕੀਤਾ ਸੀ ਕਿ ‘ਆਪ’ ਦੇ 11 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ ਅਤੇਉਹ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ। ਇਸ ਸਬੰਧ ਵਿੱਚ ਸ੍ਰੀ ਅਮਿਤ ਸ਼ਾਹ ਦਾ ਬਿਆਨ ਕਾਫੀ ਮਹੱਤਵਪੂਰਨ ਹੈ।
ਸ੍ਰੀ ਸ਼ਾਹ ਸ਼ਨਿੱਚਰਵਾਰ ਨੂੰ ਸਵੇਰੇ ਨਵੀਂ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪਹੁੰਚੇ ਸਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪਾਰਟੀ ਦਫਤਰ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਮੂਰਤੀ ਦਾ ਉਦਘਾਟਨ ਕੀਤਾ। ਫਿਰ ਪਾਰਟੀ ਦਫਤਰ ’ਚ ਲਾਇਬ੍ਰੇਰੀ ਦੀ ਘੁੰਡਚੁਕਾਈ ਕੀਤੀ। ਪਾਰਟੀ ਦੇ ਵੱਖ-ਵੱਖ ਵਿੰਗਾਂ ਦੀ ਮੀਟਿੰਗ ਤੋਂ ਬਾਅਦ ਉਹ ਦੁਪਹਿਰ ਬਾਅਦ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਮਿਲੇ। ਸ਼ਾਮੀ ਲਾਅ ਭਵਨ ਵਿਖੇ ਉਨ੍ਹਾਂ ਨੇ ਬੁੱਧੀਜੀਵੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਦੌਰਾ ਚੰਡੀਗੜ੍ਹ ਭਾਜਪਾ ਦੇ ਸੱਦੇ ਉੱਪਰ ਕੀਤਾ ਗਿਆ। ਇਸ ਮੌਕੇ ’ਤੇ ਪੰਜਾਬ ਭਾਜਪਾ ਦਾ ਕੋਈ ਵੱਡਾ ਆਗੂ ਹਾਜ਼ਰ ਨਹੀਂ ਸੀ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਸਾਫ ਸੁਥਰੀ ਰਾਜਨੀਤੀ ਵਿੱਚ ਯਕੀਨ ਰੱਖਦੀ ਹੈ ਅਤੇ ਉਹ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਜਾਂ ਵਿਧਾਇਕਾਂ ਨੂੰ ਤੋੜਣ ਵਾਲੀ ਸਰਗਰਮੀ ਵਿੱਚ ਸ਼ਾਮਿਲ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਵੱਡੇ ਬਦਲਾਅ ਲਈ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਇਸ ਕਾਰਨ ਹੀ ਪਾਰਟੀ ਨੂੰ ਹਰ ਸੂਬੇ ਵਿੱਚ ਸਿਆਸੀ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਦੀ ਸਿਆਸੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਅਤੇ ਪਾਰਟੀ 400 ਤੋਂ ਵਧ ਸੀਟਾਂ ਉੱਪਰ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਮੌਕੇ ’ਤੇ ਚੰਡੀਗੜ੍ਹ ਭਾਜਪਾ ਦੇ ਇੰਚਾਰਜ ਪ੍ਰਭਾਤ ਝਾਅ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸ੍ਰੀ ਸੰਜੇ ਟੰਡਨ, ਮੀਡੀਆ ਇੰਚਾਰਜ ਸ੍ਰੀ ਰਵਿੰਦਰ ਪਠਾਨੀਆ ਅਤੇ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।

Send this to a friend