ਚੰਡੀਗੜ੍ਹ, 25 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਮੀਡੀਆ ਦੇ ਇਕ ਹਿੱਸੇ ਵਿਚ ਛਪੀ ਖਬਰ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਕੰਪਨੀ-ਰਾਣਾ ਸ਼ੂਗਰ ਲਿਮਟਡ ਦੀ ਰੇਤ ਖਣਨ ਉਦਯੋਗ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਵਿੱਤੀ ਜਾਂ ਹੋਰ ਕਿਸੇ ਕਿਸਮ ਦੀ ਕੋਈ ਹਿੱਸੇਦਾਰੀ ਨਹੀਂ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੀ ਕੰਪਨੀ ਦੇ ਮੁਲਾਜ਼ਮ ਦਾ ਰੇਤ ਖਣਨ ਉਦਯੋਗ ਨਾਲ ਕੋਈ ਸਬੰਧ ਨਹੀ ਹੈ। ਉਨ੍ਹਾਂ ਕੰਪਨੀ ਦੇ ਦੋ ਮੁਲਾਜ਼ਮਾਂ ਵੱਲੋਂ ਰੇਤੇ ਦੀਆਂ ਖੱਡਾਂ ਦੀ ਸਫਲਤਾਪੂਰਵਕ ਬੋਲੀ ਦੇਣ ਬਾਰੇ ਮੀਡੀਆ ਦੇ ਇਕ ਹਿੱਸੇ ਵਿੱਚ ਛਪੀ ਰਿਪੋਰਟ ਨੂੰ ਗਲਤ ਕਰਾਰ ਦਿੱਤਾ।