ਡੀ.ਸੀ. ਵੱਲੋਂ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਦੌਰਾ

ਸੰਭਾਵੀ ਹੜ੍ਹਾਂ ਦੇ ਟਾਕਰੇ ਲਈ ਜ਼ਿਲ੍ਹਾ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

image ਤਰਨਤਾਰਨ, 24   ਜੂਨ  (ਆਹਲੂਵਾਲੀਆ, ਰਵਿੰਦਰ ਕਕੜ)-ਤਰਨਤਾਰਨ ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਦੇ ਟਾਕਰੇ ਲਈ ਫਲੱਡ ਕੰਟਰੋਲ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਜਾਇਜਾ ਲੈਣ ਲਈ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਦਰਿਆ ਬਿਆਸ ਦੇ ਪਿੰਡ ਜਲਾਲਾਬਾਦ, ਵੈਰੋਂਵਾਲ, ਖੱਖ ਮਿਆਣੀ, ਧੂੰਦਾ, ਮੁੰਡਾਪਿੰਡ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਦੇ ਨਾਜੁਕ ਪੁਆਇੰਟਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਵਿਸ਼ਵਾਸ ਵੀ ਦਵਾਇਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੇ ਬਾਰਸ਼ ਦਾ ਮੌਸਮ ਨੂੰ ਧਿਆਨ ਵਿਚ ਰੱਖਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਬਿਆਸ ਅਤੇ ਸਤਲੁਜ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਰੋਕੂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਟਾਕਰੇ ਲਈ ਜ਼ਿਲ੍ਹੇ ਅੰਦਰ ਬਚਾਅ ਸੈਂਟਰ ਅਤੇ ਰਾਹਤ ਕੇਂਦਰ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਕ ਕੰਟਰੋਲ ਰੂਮ ਜਿਸਦਾ ਨੰਬਰ 01852-224107 ਵੀ ਸਥਾਪਿਤ ਕੀਤਾ ਗਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਭਾਵਿਤ ਹੜ੍ਹਾ ਦੀ ਸਥਿਤੀ ਨਾਲ ਨਿਬੜਣ ਲਈ ਡਰੇਨਜ, ਸਿਹਤ, ਪਸ਼ੂ ਪਾਲਣ, ਖੇਤੀਬਾੜੀ, ਨਹਿਰੀ, ਖੁਰਾਕ ਤੇ ਸਿਵਲ ਸਪਲਾਈ, ਜਨ-ਸਿਹਤ, ਬਿਜਲੀ  ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਵੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਨ ਸਿਹਤ ਵਿਭਾਗ ਦੇ ਅਧਿਕਾਰੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਪਲਾਈ ਦੇਣ ਲਈ ਵਾਟਰ ਟੈਂਕਾਂ ਦਾ ਅਗੇਤਾ ਪ੍ਰਬੰਧ ਕਰਨ, ਖੁਰਾਕ ਅਤੇ ਸਪਲਾਈ ਵਿਭਾਗ ਨੂੰ ਜਰੂਰੀ ਖਾਣ-ਪੀਣ ਵਾਲੀਆਂ ਵਸਤਾਂ ਅਤੇ ਮਿੱਟੀ ਦੇ ਤੇਲ ਦਾ ਪ੍ਰਬੰਧ ਕਰਨ, ਖੇਤੀਬਾੜੀ ਤੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਚਾਰਾ ਅਤੇ ਵੈਕਸੀਨੇਸ਼ਨ, ਸਿਹਤ ਵਿਭਾਗ ਨੂੰ ਲੋਕਾਂ ਲਈ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਡਾਕਟਰੀ ਟੀਮਾਂ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ। ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਡਰੇਨਜ਼ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤੀ ਮੌਸਮ ਦੌਰਾਨ ਨੀਵੀਆਂ ਥਾਵਾਂ ਵਿੱਚੋਂ ਪਾਣੀ ਕੱਢਣ ਲਈ ਪੰਪਿੰਗ ਸੈਟਾਂ ਨੂੰ ਠੀਕ ਕਰਕੇ ਵਰਕਿੰਗ ਕੰਡੀਸ਼ਨ ਵਿੱਚ ਰੱਖਣ ਲਈ ਵੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਰਕਾਰ ਦਾ ਫਰਜ ਬਣਦਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਹਰ ਪ੍ਰਬੰਧ ਕੀਤੇ ਗਏ ਹਨ। ਪਿੰਡ ਮੁੰਡਾ ਪਿੰਡ ਦੇ ਦੌਰੇ ਦੌਰਾਨ ਪਿੰਡ ਦੇ ਲੋਕਾਂ ਵਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਦਰਿਆ ਦੇ ਪਾਣੀ ਦੀ ਮਾਰ ਕਾਰਨ ਉਨ੍ਹਾਂ ਦੀ ਹਰ ਸਾਲ ਫਸਲ ਬਰਬਾਦ ਹੋ ਜਾਂਦੀ ਹੈ। ਜਿਸ ’ਤੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਲਿਆਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੰਡਾ ਪਿੰਡ ਨੂੰ ਦਰਿਆਈ ਪਾਣੀ ਦੀ ਮਾਰ ਤੋਂ ਬਚਾਉਣ ਲਈ ਬੰਨ ਦੀ ਉਸਾਰੀ ਕਰਵਾਉਣ ਲਈ 31 ਕਰੋੜ ਰੁਪਏ ਦਾ ਪ੍ਰਜੈਕਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ।

Send this to a friend