ਚੰਡੀਗੜ੍ਹ, 29 ਜੂਨ (ਬਲਜੀਤ ਸਿੰਘ ਬਰਾੜ)- ਐਨਡੀਏ ਦੇ ਰਾਸ਼ਟਰਪਤੀ ਉਮੀਦਵਾਰ ਰਾਮਨਾਥ ਕੋਵਿੰਦ ਅੱਜ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਪੁੱਜੇ। ਉਨ੍ਹਾਂ ਵੱਲੋਂ ਹਰਿਆਣਾ ਅਤੇ ਪੰਜਾਬ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਘੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਉਨ੍ਹਾਂ ਦੇ 17 ਜੁਲਾਈ ਨੂੰ ਹੋਣ ਵਾਲੇ ਚੋਣ ਪ੍ਰਚਾਰ ਮੁਹਿੰਮ ਦਾ ਹਿੱਸਾ ਹੈ। ਕੋਵਿੰਦ ਦੇ ਨਾਲ ਇਸ ਮੌਕੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਅਤੇ ਭਾਜਪਾ ਦੇ ਸੀਨੀਅਰ ਲੀਡਰ ਅਨਿਲ ਜੈਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। 71 ਸਾਲਾ ਕੋਵਿੰਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪ੍ਰਕਾਸ਼ ਸਿੰਘ ਬਾਦਲ ਉਪ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਕੱਲ੍ਹ ਯੂਪੀਏ ਦੇ ਉਮੀਦਵਾਰ ਮੀਰਾ ਕੁਮਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਅੱਜ ਕੋਵਿੰਦ ਵੱਲੋਂ ਕੀਤੀ ਗਈ ਇਸ ਮੀਟਿੰਗ ਨੂੰ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ।