ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਨੂੰ ਸੈਰ ਸਪਾਟਾ ਨਕਸ਼ੇ ’ਤੇ ਉਭਾਰਨ ਲਈ ਮਾਹਿਰਾਂ ਨਾਲ ਮੀਟਿੰਗ

ਅੰਮ੍ਰਿਤਸਰ ਬਣੇਗਾ ਸੈਰ ਸਪਾਟੇ ਦਾ ਧੁਰਾ

image ਚੰਡੀਗੜ੍ਹ, 29 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸੂਬੇ ਨੂੰ ਸੈਰ ਸਪਾਟਾ ਨਕਸ਼ੇ ’ਤੇ ਉਭਾਰਨ ਲਈ ਅੱਜ ਮਾਹਿਰਾਂ ਨਾਲ ਮੈਰਾਥਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਧਾਰਮਿਕ, ਵਿਰਾਸਤੀ, ਸ਼ਾਹੀ ਅਤੇ ਹੋਰ ਇਤਿਹਾਸਕ ਸਥਾਨਾਂ ਦੀ ਸ਼ਨਾਖਤ ਕਰ ਕੇ ਇਨ੍ਹਾਂ ਥਾਵਾਂ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਵਿਆਪਕ ਸੈਰ ਸਪਾਟਾ ਨੀਤੀ ਬਣਾਉਣ ’ਤੇ ਵੀ ਵਿਚਾਰ ਹੋਇਆ ਜਿਸ ਵਿੱਚ ਪੰਜਾਬ, ਦੇਸ਼ ਅਤੇ ਦੇਸ਼ ਤੋਂ ਬਾਹਰ ਦੇ ਸੈਲਾਨੀਆਂ ਨੂੰ ਸੂਬੇ ਵਿੱਚ ਖਿੱਚਣ ਲਈ ਇਕ ਯੋਜਨਾ ਬਣਾਈ ਜਾਵੇਗੀ। ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਸੁਫਨਾ ਹੈ ਕਿ ਪੰਜਾਬ ਨੂੰ ਸੈਰ ਸਪਾਟਾ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਜਿਸ ਕਾਰਨ ਇਸ ਵਾਰ ਪਹਿਲੀ ਵਾਰ ਬਜਟ ਵਿੱਚ ਵਿਭਾਗ ਨੂੰ ਵੱਖਰੀ ਰਾਸ਼ੀ ਅਲਾਟ ਹੋਈ। ਅੰਮ੍ਰਿਤਸਰ ਨੂੰ ਸੈਰ ਸਪਾਟਾ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ। ਸ. ਸਿੱਧੂ ਨੇ ਮੌਕੇ ’ਤੇ ਹਾਜ਼ਰ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਸਾਰੇ ਸੁਝਾਵਾਂ ਨੂੰ ਇਕੱਠਾ ਕਰ ਕੇ ਨੀਤੀ ਦਾ ਹਿੱਸਾ ਬਣਾਇਆ ਜਾਵੇ।

Send this to a friend