ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਸੰਗਤਾਂ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ-ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ

ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

sri-akal ਅੰਮ੍ਰਿਤਸਰ, 2 ਜੁਲਾਈ  -ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ  ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗੰਰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਉਪਰੰਤ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਲਿਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕਰਵਾ ਕੇ ਭਗਤੀ ਅਤੇ ਸ਼ਕਤੀ ਦਾ ਸੁਮੇਲ ਕਰਵਾਇਆ। ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਸੁਸ਼ੋਭਿਤ ਮਾਨ ਹੋ ਕੇ ਸਜ ਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਕਰਾਉਂਦੇ ਰਹੇ ਹਨ। ਇਸ ਅਸਥਾਨ ‘ਤੇ ਹਮੇਸ਼ਾਂ ਹੀ ਕੌਮ ਦੇ ਭਲੇ ਵਾਸਤੇ ਫ਼ੈਸਲੇ ਲਏ ਜਾਂਦੇ ਹਨ। ਉਨ•ਾਂ ਕਿਹਾ ਕਿ ਖ਼ਾਲਸਾ ਪੰਥ ਨੇ ਇਸੇ ਹੀ ਅਸਥਾਨ ‘ਤੇ ਗੁਰਮਤਾ ਕਰਕੇ ਖ਼ਾਲਸਾ ਪੰਥ ਨੂੰ 25 ਜਥਿਆਂ ‘ਚ ਵੰਡਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 11 ਮਿਸਲਾਂ ਨੂੰ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ। ਅਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਸੇਵਾਵਾਂ ਕਰਨ ਵਾਲੇ ਗੁਰਮੁਖ ਪਿਆਰੇ ਸਨਮਾਨਿਤ ਕੀਤੇ ਜਾਂਦੇ ਹਨ, ਪਰ ਜੋ ਪੰਥ ਵਿਚ ਦੁਬਧਾ ਪਾਉਣ ਵਾਲੇ, ਗੁਰਬਾਣੀ ਗੁਰ-ਇਤਿਹਾਸ ਨੂੰ ਵਿਗਾੜਨ ਵਾਲੇ, ਬੇਅਦਬੀ ਕਰਨ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾਵਾਂ ਵੀ ਲਗਾਈਆਂ ਜਾਂਦੀਆਂ ਹਨ। ਉਨ•ਾਂ ਇਸ ਪਵਿਤਰ ਦਿਹਾੜੇ ਤੇ ਸਮੂਹ ਦੇਸ਼-ਵਿਦੇਸ਼ ਸਿਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਵੇ ਤੇ ਹਰ ਹੁਕਮਨਾਮੇ, ਆਦੇਸ਼ ਤੇ ਸੰਦੇਸ਼ ਦੀ ਪਾਲਣਾ ਕਰਦਿਆਂ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ। ਇਸ ਮੌਕੇ ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਸ. ਹਰਚਰਨ ਸਿੰਘ ਮੁਖ ਸਕਤਰ, ਸ. ਸੁਲਖਣ ਸਿੰਘ ਭੰਗਾਲੀ ਮੈਨੇਜਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ ਤੇ ਸ. ਲਖਬੀਰ ਸਿੰਘ ਸਾਰੇ ਐਡੀ: ਮੈਨੇਜਰ ਅਤੇ ਵਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Send this to a friend