ਰੂਪਨਗਰ, 4 ਜੁਲਾਈ (ਗੁਰਸ਼ਰਨ ਸਿੰਘ ਗੁਲਸ਼ਨ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਦਿਵਿਆਂਗ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ/ਅਪਡੇਟ ਕਰਨ/ਪੈਨਸ਼ਨ ਫਾਰਮ ਭਰਨ, ਰੇਲਵੇ ਅਤੇ ਬੱਸ ਸਹੂਲਤਾਂ ਸਬੰਧੀ ਸਕੀਮਾਂ ਦੇ ਲਾਭ ਦੇਣ ਲਈ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀਮਤੀ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਇਹ ਸਪੈਸ਼ਲ ਕੈਂਪ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਬਲਾਕ ਪੱਧਰ ਤੇ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਿਰ ਰਹਿਣਗੇ। ਇਹ ਕੈਂਪ 7 ਜੁਲਾਈ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ, 14 ਜੁਲਾਈ ਨੂੰ ਸਰਕਾਰੀ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਅਤੇ 21 ਜੁਲਾਈ ਨੂੰ ਸਰਕਾਰੀ ਸਿਵਲ ਹਸਪਤਾਲ ਨੰਗਲ ਵਿਖੇ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾ ਦੌਰਾਨ ਲੋਂੜੀਦੇ ਸਰਟੀਫਿਕੇਟ ਬਨਾਉਂਣ ਲਈ ਸਬੰਧਿਤ ਵਿਅਕਤੀ ਆਪਣੇ ਨਾਲ ਵੋਟਰ ਕਾਰਡ, ਆਧਾਰ ਕਾਰਡ ਅਤੇ 3 ਪਾਸਪੋਰਟ ਸਾਇਜ਼ ਫੋਟੋਆਂ ਨਾਲ ਲੈ ਕੇ ਆਉਂਣ। ਉਨ੍ਹਾਂ ਅੰਗਹੀਣ ਵਿਅਕਤੀਆਂ ਨੂੰ ਪ੍ਰੇਰਨਾ ਕੀਤੀ ਕਿ ਇਸ ਕੈਂਪ ਦਾ ਲਾਭ ਲੈਣ ਲਈ ਆਪਣੇ ਨਜ਼ਦੀਕ ਪੈਦੇ ਸਰਕਾਰੀ ਹਸਪਤਾਲ ਵਿੱਚ ਨਿਸ਼ਚਿਤ ਮਿਤੀਆਂ ਨੂੰ ਜਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾ ਦਾ ਲਾਭ ਲੈਣ।