ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਕੱਤਰ ਸ. ਹਰਚਰਨ ਸਿੰਘ ਦਾ ਅਸਤੀਫਾ ਪ੍ਰਵਾਨ

ਅੰਤ੍ਰਿੰਗ ਕਮੇਟੀ ਵੱਲੋਂ ਡਾਇਰੈਕਟੋਰੇਟ ਸਿੱਖਿਆ ਦਾ ਪੁਰਾਣਾ ਢਾਂਚਾ ਭੰਗ-ਪੁਨਰ ਸਥਾਪਨਾ ਨੂੰ ਮਨਜ਼ੂਰੀ

ਸ੍ਰੀ ਫਤਹਿਗੜ੍ਹ ਸਾਹਿਬ, 28 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤੁਰੰਤ ਪ੍ਰਵਾਨ ਕਰ ਲਿਆ ਹੈ। 31 ਜੁਲਾਈ ਨੂੰ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਇਕ ਅਹਿਮ ਤੇ ਸਖਤ ਫੈਸਲਾ ਲੈਂਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਵਿਚ ਅਨੈਤਿਕ ਹਰਕਤ ਕਰਨ ਵਾਲੇ ਮੁਅੱਤਲ ਮੁਲਾਜ਼ਮਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੇ ਪੁਲਿਸ ਥਾਣੇ ਵਿਚ ਜਾ ਕੇ ਦੋਸ਼ੀਆਂ ਦੀ ਮਦਦ ਕੀਤੀ ਉਨ੍ਹਾਂ ਵਿਰੁੱਧ ਵੀ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇੱਕ ਵਾਇਰਲ ਹੋਈ ਵੀਡੀਓ ਵਿਚ ਸ਼ਰਾਬ ਪੀਂਦੇ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਵਿਹਲਾ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤੀ। ਮੀਟਿੰਗ ਤੋਂ ਬਾਅਦ ਗੱਲ ਕਰਦੇ ਹੋਏ ਉਨ੍ਹਾਂ ਸਖਤ ਸ਼ਬਦਾਂ ਵਿਚ ਕਿਹਾ ਕਿ ਗੁਰਦੁਆਰਾ ਸੇਵਾ ਵਿਚ ਮਾੜੇ ਚਰਿੱਤਰ ਵਾਲੇ ਮੁਲਾਜ਼ਮਾਂ ਲਈ ਕੋਈ ਥਾਂ ਨਹੀਂ ਅਤੇ ਅਜਿਹੀਆਂ ਹਰਕਤਾਂ ਵਾਲੇ ਮੁਲਾਜ਼ਮਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਵਾਦਿਤ ਹੱਥ ਲਿਖਤ ਸਰੂਪ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਵਿਰੁੱਧ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਕਾਰਵਾਈ ਕਰਨ ਦੇ ਆਦੇਸ਼ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬਲਦੇਵ ਸਿੰਘ ਸੜਕਨਾਮਾ ਦੀ ਪੁਸਤਕ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਬਾਰੇ ਗਲਤ ਟਿੱਪਣੀਆਂ ਕਰਨ ਦੀਆਂ ਮਿਲੀਆਂ ਰਿਪੋਰਟਾਂ ਨੂੰ ਦੁੱਖਦਾਈ ਦੱਸਦਿਆਂ ਕਿਹਾ ਕਿ ਇਸ ਪੁਸਤਕ ਨੂੰ ਵਾਚਣ ਲਈ ਇੱਕ 3 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੁਲਤਾਨਪੁਰ ਲੋਧੀ ਵਿਖੇ ਇੱਕ ਨਰਸਰੀ ਤਿਆਰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਗਈ ਵਾਤਾਵਰਣ ਸੰਭਾਲ ਲਹਿਰ ਨੂੰ ਲੋਕ ਲਹਿਰ ਵਜੋਂ ਸਥਾਪਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸੇ ਤਹਿਤ ਹੀ 2 ਏਕੜ ਰਕਬੇ ਵਿਚ ਨਰਸਰੀ ਸਥਾਪਤ ਕਰਕੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਤਿਆਰ ਕੀਤੇ ਜਾਣਗੇ। ਇੱਕ ਹੋਰ ਅਹਿਮ ਫੈਸਲੇ ਬਾਰੇ ਦੱਸਿਆ ਕਿ ਧਰਮੀ ਫੌਜੀਆਂ ਦੀਆਂ ਪੁੱਜੀਆਂ ਮੰਗਾਂ ਨੂੰ ਵਿਚਾਰਨ ਲਈ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਧਰਮੀ ਫੌਜੀਆਂ ਦੀ ਇਕ ਯਾਦਗਾਰ ਸਥਾਪਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਢਾਂਚੇ ਨੂੰ ਭੰਗ ਕਰਨ ਦਾ ਐਲਾਨ ਕਰਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਡਾਇਰੈਕਟੋਰੇਟ ਦੇ ਪੁਨਰ ਲਈ ਸਬ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 2002 ਵਿਚ ਸਥਾਪਤ ਕੀਤੇ ਗਏ ਇਸ ਸਿੱਖਿਆ ਡਾਇਰੈਕਟੋਰੇਟ ਵਿਚ ਹੁਣ ਤਕ ਪ੍ਰਿੰਸੀਪਲਾਂ ਨੂੰ ਡਾਇਰੈਕਟਰਾਂ ਤੌਰ ’ਤੇ ਨਿਯੁਕਤ ਕੀਤਾ ਜਾਂਦਾ ਸੀ ਪਰੰਤੂ ਹੁਣ ਨਵੇਂ ਨਿਯਮਾਂ ਤੇ ਸ਼ਰਤਾਂ ਅਨੁਸਾਰ ਵੱਖਰੇ ਡਾਇਰੈਕਟਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀਆਂ ਸਿੱਖਿਆ ਤਰਜੀਹਾਂ ਅਨੁਸਾਰ ਕੀਤਾ ਗਿਆ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ 1965 ਦੀ ਜੰਗ ਦੌਰਾਨ ਪੰਜਾਬ ਦੀ ਰਖਵਾਲੀ ਲਈ ਡੱਟਣ ਵਾਲੇ ਸਿੱਖ ਜਨਰਲ ਸ. ਹਰਬਖਸ਼ ਸਿੰਘ ਦੇ ਸਤਿਕਾਰ ਵਜੋਂ 9 ਸਤੰਬਰ ਨੂੰ ਪਿੰਡ ਆਸਲ ਉਤਾੜ (ਖੇਮਕਰਨ) ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੱਬੀ ਨੂਰ ਅੱਗੇ ਸੀਸ ਝੁਕਾਉਣ ਵਾਲੇ ਰਾਇ ਬੁਲਾਰ ਜੀ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਡਿਪਲੋਮੈਟਿਕ ਪੱਧਰ ’ਤੇ ਇਸ ਸਬੰਧ ਵਿਚ ਯਤਨ ਕੀਤੇ ਜਾਣ ਅਤੇ ਇਸ ਨਾਲ ਸਬੰਧਤ ਦਸਤਾਵੇਜ਼ ਤੁਰੰਤ ਜਨਤਕ ਕਰਾਉਣ ਲਈ ਬਰਤਾਨੀਆ ਸਰਕਾਰ ’ਤੇ ਜ਼ੋਰ ਪਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰਾਨ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਕੁਲਵੰਤ ਸਿੰਘ ਮੰਨਣ, ਬੀਬੀ ਜੋਗਿੰਦਰ ਕੌਰ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਚਾਨਣ ਸਿੰਘ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਗੁਰਦੀਪ ਸਿੰਘ ਮੈਨੇਜਰ ਆਦਿ ਹਾਜ਼ਰ ਸਨ।

Send this to a friend