ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਤੇ ਹਿਮਾਚਲ ਖੇਤਰ ’ਚ ਧਰਮ ਪ੍ਰਚਾਰ ਲਹਿਰ ਅੱਜ ਤੋਂ

ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏਗਾ ਆਰੰਭਤਾ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 30 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਤਹਿਤ ਪੰਜਾਬ ਦੇ ਦੁਆਬਾ ਖੇਤਰ ਅਤੇ ਨਾਲ ਲੱਗਦੇ ਸੂਬੇ ਹਿਮਾਚਲ ਵਿਚ ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦਾ ਆਗਜ਼ ਅੱਜ 31 ਜੁਲਾਈ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਦੇਸ਼ ਭਰ ਅੰਦਰ ਧਰਮ ਪ੍ਰਚਾਰ ਲਹਿਰ ਦੁਆਰਾ ਸੰਗਤਾਂ ਅਤੇ ਖਾਸਕਰ ਸਿੱਖ ਨੌਜਵਾਨੀ ਨੂੰ ਗੁਰਮਤਿ ਫਲਸਫੇ, ਸਿੱਖ ਇਤਿਹਾਸ ਅਤੇ ਸਿੱਖ ਰਹਿਣੀ ਨਾਲ ਜੋੜਨ ਲਈ ਯਤਨ ਤੇਜ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਦੀ ਦੁਆਬੇ ਵਿਚ ਆਰੰਭਤਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਆਰੰਭਤਾ ਸਮਾਗਮ ਇਤਿਹਾਸਿਕ ਹੋਏਗਾ, ਜਿਸ ਵਿਚ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ਤੇ ਪੁੱਜਣਗੇ।

Send this to a friend