ਸੁਲਤਾਨਪੁਰ ਲੋਧੀ ਦੇ ਸੁੰਦਰੀਕਰਨ ਦੀ ਸ਼ੁਰੂਆਤ ਗੁਰਪੁਰਬ ਤੋਂ: ਸਿੱਧੂ

ਚੰਡੀਗੜ੍ਹ, 10 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਅਤੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਬਾਬਾ ਸੁਖਜੀਤ ਸਿੰਘ ਨੂੰ ਨਾਲ ਲੈ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਉਪਰੰਤ ਸ. ਸਿੱਧੂ ਨੇ ਐਲਾਨ ਕੀਤਾ ਕਿ ਗੁਰਪੁਰਬ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ ਕੀਤੀ ਜਾਵੇਗੀ ਅਤੇ ਬਾਬਾ ਸੀਚੇਵਾਲ ਵੱਲੋਂ ਪਾਇਲਟ ਪ੍ਰਾਜੈਕਟ ਵਜੋਂ ਸੀਵਰੇਜ ਟਰੀਟਮੈਂਟ ਪਲਾਂਟ ਲਗਾ ਕੇ ਸ਼ਹਿਰ ਦੀ ਸਫਾਈ ਕੀਤੀ ਜਾਵੇਗੀ। ਵਿਧਾਇਕ ਸ੍ਰੀ ਚੀਮਾ ਨੇ ਕਿਹਾ ਕਿ 2019 ਵਿੱਚ ਮਨਾਏ ਜਾਣ ਵਾਲੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Send this to a friend