June 23, 2026 12:51 am

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ : ਸਿੱਖਸ ਫਾਰ ਜਸਟਿਸ

ਫਰੈਂਕਫਰਟ (ਜਰਮਨੀ), 22 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਮਨਾਈ ਗਈ। ਇਸ ਸ਼ਹੀਦੀ ਸਮਾਗਮ ਵਿੱਚ ਸਿੱਖਸ ਫਾਰ ਜਸਟਿਸ ਦੇ ਆਗੂ ਭਾਈ ਅਵਤਾਰ ਸਿੰਘ ਪੰਨੂੰ, ਭਾਈ ਜਸਵਿੰਦਰ ਸਿੰਘ ਠਾਣਾ ਅਤੇ 1984 ਨੂੰ ਦਿੱਲੀ ਵਿੱਚ ਹੋਏ ਸਿੱਖਾਂ ਦੇ ਸਮੂਹਿਕ ਕਤਲ ਦੇ ਚਸ਼ਮਦੀਦ ਗਵਾਹ ਭਾਈ ਜਸਵੀਰ ਸਿੰਘ ਦਿੱਲੀ ਵਾਲੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ। ਭਾਈ ਜਸਵੀਰ ਸਿੰਘ ਵੱਲੋਂ ਆਪਣੇ ਭਾਸ਼ਣ ਦੌਰਾਨ 1984 ਵਿੱਚ ਵਿਉਂਤਬੱਧ ਤਰੀਕੇ ਨਾਲ ਸਿੱਖਾਂ ਦੀ ਕਤਲੋਗਾਰਤ ਅਤੇ ਧੀਆਂ ਭੈਣਾਂ ਦੀ ਹੋਈ ਬੇ-ਪਤੀ ਦਾ ਵਰਣਨ ਸੁਣਾ ਕੇ ਸੰਗਤਾਂ ਦੀਆਂ ਅੱਖਾਂ ਸੇਜਲ ਹੋਣ ਤੋਂ ਰਹਿ ਨਾ ਸਕੀਆਂ। ਇਸ ਸਮੇਂ ਬੋਲਦਿਆਂ ਭਾਈ ਅਵਤਾਰ ਸਿੰਘ ਪੰਨੂੰ ਅਤੇ ਭਾਈ ਜਸਵਿੰਦਰ ਸਿੰਘ ਠਾਣਾ ਨੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਲਾਸਾਨੀ ਕੁਰਬਾਨੀ ਅਤੇ ਕੌਮੀ ਜਜ਼ਬੇ ਨੂੰ ਸਿਜਦਾ ਕੀਤਾ ਉਨ੍ਹਾਂ ਹੋਰ ਕਿਹਾ ਕਿ ਅੱਜ ਫਿਰ ਅਜਿਹੇ ਜੋਸ਼ੀਲੇ ਤੇ ਅੱਣਕੀ ਮਰਦ ਦਲੇਰਾਂ ਦੀ ਸਿੱਖ ਕੌਮ ਨੂੰ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 1 ਨਵੰਬਰ ਸ਼ੁੱਕਰਵਾਰ ਨੂੰ ਜਨੇਵਾ (ਸਵਿਟਜ਼ਰਲੈਂਡ) ਵਿਖੇ ਹੋਣ ਵਾਲੀ ਇਨਸਾਫ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਸਭ ਸੰਗਤਾਂ ਨੂੰ ਅਪੀਲ ਕੀਤੀ। ਇਸ ਮੌਕੇ ਜਰਮਨ ਦੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਭਾਈ ਗੁਰਦਿਆਲ ਸਿੰਘ ਲਾਲੀ ਨੇ ਸ਼ਹੀਦ ਭਾਈ ਜਿੰਦਾ ਅਤੇ ਭਾਈ ਸੁੱਖਾ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਈ ਕੁਲਵਿੰਦਰ ਸਿੰਘ ਨੇ ਕਥਾ ਰਾਹੀਂ ਸ਼ਹੀਦਾਂ ਦੇ ਜੀਵਨ ਇਤਿਹਾਸ ਬਾਰੇ ਰੌਸ਼ਨੀ ਪਾਈ। ਸਟੇਜ ਦੇ ਸੇਵਾ ਭਾਈ ਨਰਿੰਦਰ ਸਿੰਘ ਘੋਤੜਾ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ। ਅਖੀਰ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਦਵਿੰਦਰ ਸਿੰਘ ਘਲੋਟੀ ਨੇ ਸਿੱਖਸ ਫਾਰ ਜਸਟਿਸ ਦੇ ਆਗੂਆਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵੱਲੋਂ ਭਾਈ ਅਮਰੀਕ ਸਿੰਘ ਕਠਿਆਲੀ ਨੇ ਸਿੱਖਸ ਫਾਰ ਜਸਟਿਸ ਦੇ ਆਗੂਆਂ ਨੂੰ ਇੱਕ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ।

Send this to a friend