ਤਰਨਤਾਰਨ,÷12 ਅਗਸਤ (ਆਹਲੂਵਾਲੀਆ, ਰਵਿੰਦਰ ਕਕੜ)- ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਦਰਿਆ ਬਿਆਸ ਨਾਲ ਲੱਗਦੇ ਪਿੰਡਾਂ ਭੈਲ ਢਾਏ ਵਾਲਾ, ਜੌਹਲ ਢਾਏ ਵਾਲਾ, ਮੁੰਡਾਪਿੰਡ, ਗੁੱਜਰਪੁਰਾ, ਘੜਕਾ ਅਤੇ ਕਰਮੂਵਾਲਾ ਆਦਿ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ’ਤੇ ਪ੍ਰਭਾਵਿਤ ਕਿਸਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ’ਤੇ ਸ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਈਆਂ ਜ਼ਮੀਨਾਂ ਦੀ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਦੇ ਵੱਲੋਂ ਜ਼ਮੀਨੀ ਵਿਵਾਦ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ. ਸਿੱਕੀ ਨੇ ਕਿਹਾ ਕਿ ਉਨ੍ਹਾਂ ਦਾ ਇਸ ਵਿਵਾਦ ਦੇ ਨਾਲ ਕੋਈ ਸੰਬੰਧ ਨਹੀਂ ਹੈ। ਇਹ ਇਕ ਪਰਿਵਾਰਿਕ ਤਕਸੀਮ ਦਾ ਮਸਲਾ ਹੈ, ਜਿਸ ਦੀ ਜਾਂਚ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਨਾਲ ਸੰਬੰਧਤ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸਦਾ ਨੰਬਰ 01852224107 ਹੈ। ਉਨ੍ਹਾਂ ਦੱਸਿਆ ਕਿ ਇਸ ਨੰਬਰ ’ਤੇ 24 ਘੰਟੇ ਸੰਪਰਕ ਕੀਤਾ ਜਾ ਸਕਦਾ ਹੈ।