ਬਾਬਾ ਬਕਾਲਾ ਸਾਹਿਬ/ ਅੰਮ੍ਰਿਤਸਰ, 7 ਅਗਸਤ- ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਬੀਤੇ ਕੱਲ੍ਹ ਤੋਂ ਆਰੰਭ ਹੋਏ ਇਸ ਜੋੜ ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਸਜੇ ਦੀਵਾਨਾਂ ਵਿਚ ਸਿੱਖ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਜ਼ਿਕਰਯੋਗ ਹੈ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਹਿਲੀ ਵਾਰ ਬਾਬਾ ਬਕਾਲਾ ਸਾਹਿਬ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਦੇ ਸੰਦਰਭ ਵਿਚ ਇਸ ਦਿਨ ਨੂੰ ‘ਸਾਚਾ ਗੁਰੂ ਲਾਧੋ ਰੇ’ ਵਜੋਂ ਮਨਾਉਣ ਦੀ ਪਹਿਲਕਦਮੀ ਕੀਤੀ ਗਈ ਹੈ। ਸਾਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ 10 ਸਤੰਬਰ ਨੂੰ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਸ਼ਾਲ ਪੱਧਰ ਤੇ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਵੀ ਪੰਥ ਸਾਹਮਣੇ ਪਾਖੰਡੀਆਂ ਦੀ ਵੱਡੀ ਚੁਣੌਤੀ ਹੈ, ਜਿਸ ਤੋਂ ਸਾਵਧਾਨ ਹੋਣ ਦੀ ਲੋੜ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਕੁਰੀਤੀਆਂ ਤੋਂ ਬਚਣ ਲਈ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਵਸ਼ੱਕਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਪ੍ਰੋ: ਬਡੂੰਗਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਹੈਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਵੀ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੈਂਬਰ ਸ. ਬਲਜੀਤ ਸਿੰਘ ਜਲਾਲ ਉਸਮਾਂ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਿਕਰਮਜੀਤ ਸਿੰਘ ਕੋਟਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਮੇਜਰ ਸਿੰਘ ਮੈਨੇਜਰ, ਸ. ਮੋਹਣ ਸਿੰਘ ਮੀਤ ਮੈਨੇਜਰ, ਸ. ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਸ. ਰਾਜਿੰਦਰ ਸਿੰਘ ਰੂਬੀ ਸੁਪਰਵਾਈਜ਼ਰ, ਸ. ਸਤਨਾਮ ਸਿੰਘ ਤੇ ਸ. ਨਰਿੰਦਰ ਸਿੰਘ ਐਡੀ:ਮੈਨੇਜਰ, ਸ. ਮੁਖਤਿਆਰ ਸਿੰਘ, ਬਾਬਾ ਅਵਤਾਰ ਸਿੰਘ ਕਾਰਸੇਵਾ ਵਾਲੇ, ਡਾ. ਜਗਜੀਤ ਕੌਰ ਮਸਾਣੀਆਂ ਆਦਿ ਹਾਜ਼ਰ ਸਨ।