ਬਾਦਲ ਪਰਿਵਾਰ ਦੀ ਰਾਜਨੀਤੀ ਮਤਲਬਪ੍ਰਸਤ : ਧਰਮਸੋਤ

ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

ਲੌਂਗੋਵਾਲ/ਸੰਗਰੂਰ, 20 ਅਗਸਤ- ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਅਨਾਜ ਮੰਡੀ ਵਿਖੇ ਕਰਵਾਇਆ ਗਿਆ ਜਿਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ’ਤੇ ਸ਼ਾਮਿਲ ਹੁੰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸ. ਧਰਮਸੋਤ ਨੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਜਿਸਨੂੰ ਰਹਿੰਦੀ ਦੁਨੀਆਂ ਤੱਕ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ੳਹ ਹਮੇਸ਼ਾ ਜਿਊਦੀਂਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਦੋਂ ਖੂਨ ਦੀ ਲੜ੍ਹਾਈ ਲੜ ਰਿਹਾ ਸੀ, ਉਸ ਸਮੇਂ ਪੰਜਾਬ ਅਤੇ ਪੰਜਾਬੀਆਂ ਦੀ ਰਾਖੀ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰਕੇ ਪੰਜਾਬ ਅਤੇ ਪੰਜਾਬੀਅਤ ਦੇ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ। ਉਨ੍ਹਾਂ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਬਣਾਈ ਰੱਖਣਾ ਸੀ, ਪਰੰਤੂ ਉਸ ਸਮੇਂ ਅਮਨ ਸਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ। ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੰਤ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿਆਸਤ ਕੀਤੀ ਅਤੇ ਆਪਣੇ ਹਿੱਤਾਂ ਨੂੰ ਅੱਗੇ ਰੱਖ ਕੇ ਸ਼ਾਂਤੀ ਦੇ ਮਸੀਹਾ ਨੂੰ ਹਮੇਸ਼ਾ ਪਿੱਛੇ ਰੱਖਣ ਦੀ ਕੋਸ਼ਿਸ ਕੀਤੀ। ਉਨ੍ਹਾਂ ਕਿਹਾ 10 ਸਾਲ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਲੌਂਗੋਵਾਲ ਦੇ ਵਿਕਾਸ ਵੱਲ ਬਿਲਕੁੱਲ ਵੀ ਧਿਆਨ ਨਹੀ ਦਿੱਤਾ। ਉਨ੍ਹਾਂ ਬਾਦਲ ਪਰਿਵਾਰ ’ਤੇ ਵਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੀ ਥਾਂ ’ਤੇ ਮਤਲਬਪ੍ਰਸਤੀ ਵਾਲੀ ਰਾਜਨੀਤੀ ਕਰਕੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲਕਦਮੀ ਨਾਲ ਹਲ ਕੀਤਾ ਜਾਵੇਗਾ। ਇਸ ਤੋਂ ਪਹਿਲਾ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਉਪਰੰਤ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੰਤ ਲੌਂਗੋਵਾਲ ਨੇ ਸਾਰੀ ਜਿੰਦਗੀ ਸਿੱਖੀ ਦੇ ਸਿਧਾਂਤਾਂ ’ਤੇ ਪਹਿਰਾ ਦਿੱਤਾ। ਵਿਧਾਇਕ ਧੂਰੀ ਸ੍ਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਤੋਂ ਲੋਕਾਂ ਨੂੰ ਪ੍ਰੇਰਣਾ ਲੈਣ ਦੀ ਲੋੜ ਹੈ।ਵਿਧਾਇਕ ਸੰਗਰੂਰ ਸ੍ਰੀ ਵਿਜੈ ਇੰਦਰ ਸਿੰਗਲਾ, ਸਾਬਕਾ ਮੰਤਰੀ ਸ. ਸੁਰਿੰਦਰ ਸਿੰਘ ਧੂਰੀ ਨੇ ਵੀ ਸ਼ਰਧਾ ਦੇ ਫੁਲ ਭੇਂਟ ਕੀਤੇ।
ਸਮਾਰੋਹ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਭਤੀਜੇ ਸ. ਰੂਪ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਵੀ ਸਿਰਕਤ ਕੀਤੀ। ਕੈਬਨਿਟ ਮੰਤਰੀ ਅਤੇ ਹੋਰ ਸ਼ਖ਼ਸੀਅਤਾ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਹਰਮਨ ਬਾਜਵਾ, ਸ੍ਰੀਮਤੀ ਗੀਤਾ ਸ਼ਰਮਾ, ਪਰਮਾਨੰਦ ਕਾਂਸਲ, ਸੰਜੇ ਗੋਇਲ, ਵਿਜੈ ਗੋਇਲ, ਬੁੱਧ ਰਾਮ, ਜਗਪਾਲ ਸਿੰਘ ਸੰਮੀ, ਮੇਲਾ ਸਿੰਘ ਸੂਬੇਦਾਰ, ਬਲਵੰਤ ਸਿੰਘ, ਬੱਬਲੂ ਸਿੰਗਲਾ, ਰਾਜੀਵ ਕੁਮਾਰ ਜਿੰਦਲ, ਮੁਲਖਾ ਸਿੰਘ, ਵਲੈਤੀ ਪੁਰੀ, ਡਾ. ਅਮਿਤ, ਜਗਦੇਵ ਸਿੰਘ, ਦਲਜੀਤ ਸਿੰਘ ਬਿੱਟੂ, ਬਲਵੀਰ ਤੌਗੋਵਾਲ,ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਅਵਿਕੇਸ਼ ਗੁਪਤਾ, ਐਸ.ਪੀ. ਹਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ, ਵਰਕਰ ਅਤੇ ਅਧਿਕਾਰੀ ਹਾਜ਼ਰ ਸਨ।

Send this to a friend