ਬਟਾਲਾ, 22 ਅਗਸਤ (ਰਛਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਲੋੜਵੰਦ ਨੂੰ ਸਸਤਾ ਆਟਾ ਦਾਲ ਸਕੀਮ ਦਾ ਲਾਭ ਦਿੱਤਾ ਜਾਵੇਗਾ ਅਤੇ ਕੋਈ ਵੀ ਗਰੀਬ ਇਸ ਸਕੀਮ ਤੋਂ ਵਾਂਝਿਆਂ ਨਹੀਂ ਰਹੇਗਾ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਪਿੰਡ ਸ਼ਾਹਬਾਦ ਵਿਖੇ ਲੋੜਵੰਦਾਂ ਨੂੰ ਸਸਤਾ ਅਨਾਜ ਵੰਡਣ ਮੌਕੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਲੋੜਵੰਦ ਨੂੰ ਉਸਦਾ ਬਣਦਾ ਹੱਕ ਜਰੂਰ ਦੇਵੇਗੀ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਲੋੜਵੰਦ ਨੂੰ ਸਸਤਾ ਅਨਾਜ ਯੋਜਨਾ ਹੇਠ ਲਿਆਉਣ ਲਈ ਦੁਬਰਾ ਸਰਵੇ ਕਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਵੇ ਟੀਮਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਰਵੇ ਦੌਰਾਨ ਹਰ ਗਰੀਬ ਤੇ ਲੋੜਵੰਦ ਨੂੰ ਇਸ ਯੋਜਨਾ ਦੇ ਅਧੀਨ ਲਿਆਂਦਾ ਜਾਵੇ। ਸ. ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕਰਨ ਲਈ ਯਤਨ ਅਰੰਭੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਨੂੰ ਵਧਾ ਕੇ 700 ਰੁਪਏ ਕਰ ਦਿੱਤਾ ਗਿਆ ਹੈ ਅਤੇ ਅਗਲੇ ਸਾਲ ਤੱਕ ਇਸ ਵਿੱਚ ਹੋਰ ਵਾਧਾ ਕਰ ਦਿੱਤਾ ਜਾਵੇਗਾ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਘਰ ’ਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਪੁਹੰਚਾਉਣ ਲਈ ਵਿਸ਼ੇਸ਼ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਇਸ ਸਾਲ ਦੇ ਅੰਤ ਤੱਕ ਹਰ ਘਰ ਵਿੱਚ ਪਖਾਨੇ ਬਣਾ ਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸ. ਲਾਡੀ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹਰਵਿੰਦਰਪਾਲ ਸਿੰਘ, ਵਿਨੋਦ ਕੁਮਾਰ ਬਿੱਟੂ, ਟੀਟਾ ਬਾਜਵਾ, ਮਨਜੀਤ ਸਿੰਘ ਰੰਗੜ, ਪੀ.ਏ. ਗੁਰਦੀਪ ਸਿੰਘ, ਲਖਵਿੰਦਰ ਸਿੰਘ ਸ਼ਾਹਬਾਦ, ਬਾਪੂ ਗੁਰਚਰਨ ਸਿੰਘ, ਸਾਬਕਾ ਸਰਪੰਚ ਗੁਰਦਾਸ ਸਿੰਘ, ਨਿਰਮਲ ਸਿੰਘ, ਲਖਵਿੰਦਰ ਸਿੰਘ ਚਾਹਲ, ਡਾ. ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।