ਰੂਪਨਗਰ/ਸ਼੍ਰੀ ਚਮਕੌਰ ਸਾਹਿਬ 23 ਅਗਸਤ- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਖੁੱਲ੍ਹੇ ਚ ਸਾੜਨ ਤੇ ਲਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਰੋਲੂਮਾਜਰਾ,ਸਲੇਮਪੁਰ ਅਤੇ ਡਹਿਰ ਵਿਖੇ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਟਰੇਨਿੰਗ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਮਤੀ ਗੁਰਨੀਤ ਤੇਜ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਕੇਸਰ ਰਾਮ ਬੰਗਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਦੀਆਂ ਹਦਾਇਤਾਂ ਦੀ ਪਾਲਣਾ ਅਤੇ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ। ਸ੍ਰੀ ਰਣਜੀਤ ਸਿੰਘ ਬੈਂਸ ਖੇਤੀਬਾੜੀ ਅਫਸਰ ਰੂਪਨਗਰ ਨੇ ਕਿਸਾਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨ ,ਅੱਗ ਨਾਲ ਪੈਦਾ ਹੋਣ ਵਾਲੀਆਂ ਜ਼ਹਿਰੀਆਂ ਗੈਸਾਂ,ਜ਼ਮੀਨ ਦੀ ਸਿਹਤ ਅਤੇ ਮਿੱਤਰ ਕੀੜਿਆਂ ਦੇ ਨੁਕਸਾਨ ਬਾਰੇ ਚਾਨਣਾ ਪਾਇਆ ਸ੍ਰੀ ਅਮਰੀਕ ਸਿੰਘ ਖੇਤੀਬਾੜੀ ਅਫਸਰ ਰੂਪਨਗਰ ਵੱਲੋਂ ਫਸਲਾਂ ਦੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਗਈ ਸ੍ਰੀ ਕੁਲਵਿੰਦਰ ਸਿੰਘ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਸੁਨੇਹਾ ਦਿੱਤਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਸਤੁਲਿਤ ਖੁਰਾਕ ਦੀ ਜ਼ਰੂਰਤ ਹੈ। ਜ਼ਮੀਨ ਨੂੰ ਸੰਤੁਲਿਤ ਖੁਰਾਕ ਦੀ ਪੂਰਤੀ ਦੇਸੀ ਖਾਦਾਂ, ਹਰੀਆਂ ਖਾਦਾਂ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਰਲਾ ਕੇ ਹੁੰਦੀ ਹੈ। ਅਜਿਹਾ ਕਰਨ ਨਾਲ ਖੇਤੀ ਖਰਚੇ ਘਟਦੇ ਹਨ ਅਤੇ ਫਸਲ ਦਾ ਝਾੜ ਵਧਦਾ ਹੈ।ਸ੍ਰੀ ਪਰਮਿੰਦਰ ਸਿੰਘ ਚੀਮਾ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕਦੀ ਹੈ ਅਤੇ ਜ਼ਮੀਨ ਦੀ ਪਾਣੀ ਸੰਭਾਲਣ ਦੀ ਸਮਰੱਥਾ ਨੂੰ ਵਧਾਇਆ ਜਾ ਸਕਦਾ ਹੈ। ਸ੍ਰੀ ਵਿਕ੍ਰਾਤ ਧਵਨ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਪਰਾਲੀ ਨੂੰ ਸਾਭਣ ਲਈ ਵਰਤੀ ਜਾ ਰਹੀ ਖੇਤੀ ਮਸ਼ੀਨਰੀ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਸੋਹਣ ਸਿੰਘ ਟੈਕਨੀਸ਼ੀਅਨ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਨ੍ਹਾਂ ਟਰੇਨਿੰਗ ਕੈਂਪਾਂ ਵਿੱਚ ਪਿੰਡ ਮੁੰਡੀਆ,ਗਧਰਾਮ ਕਲ੍ਹਾਂ,ਤਾਲਾਪੁਰ,ਦੁੱਗਰੀ ਕੋਟਲੀ ਅਤੇ ਸ਼ਾਂਤਪੁਰ ਪਿੰਡਾਂ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।