ਬਠਿੰਡਾ, 24 ਅਗਸਤ (ਇੰਦਰਜੀਤ ਨਥਾਣਾ)- ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਸਬੰਧੀ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਦੀਪਰਵਾ ਲਾਕਰਾ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਬਠਿੰਡਾ ਸ੍ਰੀ ਨਵੀਨ ਸਿੰਗਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਮਨ ਕਾਨੂੰਨ ਕਾਇਮ ਰੱਖਣ ਦੀ ਅਪੀਲ ਕੀਤੀ। ਸ੍ਰੀ ਲਾਕਰਾ ਨੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਸੰਭਾਵੀ ਫੈਸਲੇ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸੇ ਵੀ ਤਰ੍ਹਾਂ ਨਾਲ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਬਲਕਿ ਆਪਣਾ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਕਿਸੇ ਵੀ ਪ੍ਰਕਾਰ ਦੀ ਸਥਿਤੀ ਨੂੰ ਨਜਿਠੱਨ ਲਈ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀਆਂ ਅਫਵਾਹਾਂ ਤੋਂ ਬਚਨ ਅਤੇ ਸਦਭਾਵਨਾ ਦਾ ਮਾਹੌਲ ਕਾਇਮ ਰੱਖਣ। ਸ੍ਰੀ ਲਾਕਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ 39 ਅਫਸਰਾਂ ਨੂੰ ਡਿਊਟੀ ਮੈਜਿਸਟਰੇਟ ਵਜੋਂ ਵੱਖ-ਵੱਖ ਥਾਵਾਂ ਤੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ’ਚ 2 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ਦੇ ਫੋਨ ਨੰਬਰ 0164-2214006, 75080-18100, 98784-21400 ਅਤੇ ਫੈਕਸ ਨੰਬਰ 0164-2219300, 0164-2240935 ਹਨ। ਉਨਾਂ ਕਿਹਾ ਕਿ ਇਹ ਕੰਟਰੋਲ 24 ਘੰਟੇ ਕੰਮ ਕਰਨਗੇ। ਜ਼ਿਲ੍ਹਾ ਮਾਲ ਅਫਸਰ ਅਤੇ ਸਹਾਇਕ ਕਮਿਸ਼ਨਰ ਜਨਰਲ ਇਸ ਦੇ ਨੋਡਲ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਸਾਰੇ ਵਿਦਿਅਕ ਅਦਾਰਿਆਂ ’ਚ ਅਗਸਤ 25 ਅਤੇ ਅਗਸਤ 26 ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੀ ਲਾਕਰਾ ਨੇ ਕਿਹਾ ਕਿ ਸੰਭਾਵੀ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 31 ਅਗਸਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਸਿਹਤ ਵਿਭਾਗ ਨੂੰ ਐਮਰਜੈਂਸੀ ’ਚ ਦਵਾਈਆਂ ਅਤੇ ਐਂਬੂਲੈਂਸ ਦਾ ਸੁਚੱਜਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਸਿਹਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਗਈਆ ਹਨ ਕਿ ਸਰਕਾਰੀ ਹਸਪਤਾਲਾਂ ਦੇ ਬਰਨ ਯੂਨਿਟਾਂ ਨੂੰ ਅਲਰਟ ਕਰ ਦਿੱਤਾ ਜਾਵੇ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਫਾਇਰ ਬ੍ਰਿਗੇਡ ਵਿਭਾਗ ਨੂੰ ਅੱਗ ਬੁਝਾਉ ਗੱਡੀਆਂ ਨੂੰ ਤਿਆਰ ਕਰਨ ਰੱਖਣ ਲਈ ਵੀ ਕਿਹਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਮੁੱਖੀ ਬਠਿੰਡਾ ਸ੍ਰੀ ਨਵੀਨ ਸਿੰਗਲਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਪੈਰਾ ਮਿਲਟਰੀ ਦੀਆਂ 11 ਕੰਪਨੀਆਂ ਸਮੇਤ ਵੱਡੀ ਤਾਦਾਦ ਵਿੱਚ ਲੋੜ ਅਨੁਸਾਰ ਪੁਲਿਸ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਬਠਿੰਡਾ ’ਚ ਮੌਜੂਦ ਡੇਰਾ ਸੱਚਾ ਸੌਦਾ ਦੇ ਨਾਮ ਚਰਚਾ ਘਰਾਂ ਉੱਤੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਅਤੇ ਸੁਰੱਖਿਆ ਬਲ ਵੱਲੋਂ ਜ਼ਿਲ੍ਹੇ ਅੰਦਰ ਫਲੈਗ ਮਾਰਚ ਵੀ ਕੀਤਾ ਗਿਆ।