ਜਲੰਧਰ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ : ਡੀ.ਸੀ.

ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਅਮਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ

ਜਲੰਧਰ, 25 ਅਗਸਤ- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਸ੍ਰੀ ਪਰਵੀਨ ਕੁਮਾਰ ਸਿਨਹਾ ਨੇ ਕਿਹਾ ਹੈ ਕਿ ਜਲੰਧਰ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਮਾਹੌਲ ਆਮ ਵਾਂਗ ਬਰਕਰਾਰ ਹੈ। ਡੇਰਾ ਸੱਚਾ ਸੌਦਾ ਮੁੱਖੀ ਨੂੰ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸਥਾਨਕ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਵੱਲੋਂ ਵੱਡੀ ਗਿਣਤੀ ਵਿੱਚ ਫੋਰਸ ਸਮੇਤ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਬਾਜ਼ਾਰਾਂ ਅਤੇ ਚੌਕਾਂ ਜਿਵੇਂ ਕਿ ਗੁਰੂ ਨਾਨਕ ਮਿਸ਼ਨ ਚੌਕ, ਕਪੂਰਥਲਾ ਚੌਕ, ਪਟੇਲ ਚੌਕ, ਮਾਈ ਹੀਰਾ ਗੇਟ, ਟਾਂਡਾ ਰੋਡ, ਹੁਸ਼ਿਆਰਪੁਰ ਅੱਡਾ, ਰੇਲਵੇ ਸਟੇਸ਼ਨ, ਨਹਿਰੂ ਗਾਰਡਨ ਰੋਡ ਅਤੇ ਹੋਰ ਖੇਤਰਾਂ ਵਿੱਚ ਦੌਰਾ ਕਰਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਆਪਣੇ ਕੰਮ-ਧੰਦੇ ਰੋਜ਼ਾਨਾਂ ਦੀ ਤਰ੍ਹਾਂ ਚਲਾਉਣ। ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਦੇ ਦਾਖਲਾ ਪੁਆਇੰਟਾਂ ਵਿਖੇ ਸਖਤ ਨਾਕਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ ਆਉਣ ਵਾਲੇ ਹਰ ਵਾਹਨ ‘ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਜ਼ਿਲ੍ਹੇ ਨੂੰ ਵਿਸ਼ੇਸ਼ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਨੇ ਸਮਾਜ ਵਿਰੋਧੀ ਤੱਤਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਤੇ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਡਿਵੀਜ਼ਨ ਪੱਧਰ ‘ਤੇ ਉਪ-ਮੰਡਲ ਮੈਜਿਸਟ੍ਰੇਟਾਂ ਅਤੇ ਡੀ.ਐਸ.ਪੀ ਦੀਆਂ ਟੀਮਾਂ ਵੱਲੋਂ ਸਥਿਤੀ ‘ਤੇ ਕਰੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਅਤੇ ਸ੍ਰੀ ਗੁਰਮੀਤ ਸਿੰਘ ਮੁਲਤਾਨੀ, ਡਿਪਟੀ ਕਮਿਸ਼ਨਰ ਪੁਲੀਸ ਸ੍ਰੀ ਰਾਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Send this to a friend