ਘਰੇਲੂ ਉਡਾਣਾ ਦੀ ਸ਼ੁਰੂਆਤ ਨਿਸ਼ਚਿਤ ਸਮੇਂ ‘ਤੇ ਕਰਨ ਸਬੰਧੀ ਪੰਜਾਬ ਸਰਕਾਰ ਦੀ ਪ੍ਰਤੀਬੱਧਤਾ ਦਹੁਰਾਈ
ਆਦਮਪੁਰ (ਜਲੰਧਰ) 8 ਸਤੰਬਰ- ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਘਰੇਲੂ ਉਡਾਣਾ ਦੀ ਸ਼ੁਰੂਆਤ ਨਿਰਧਾਰਿਤ ਸਮੇਂ ਤੋਂ ਕਰਨ ਸਬੰਧੀ ਪੰਜਾਬ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਦੀ ਉਸਾਰੀ ਦੇ ਚੱਲ ਰਹੇ ਕੰਮ ਨੂੰ 10 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ। ਅੱਜ ਘਰੇਲੂ ਹਵਾਈ ਅੱਡੇ ਦੇ ਉਸਾਰੀ ਕੰਮ ਦਾ ਜਾਇਜ਼ਾ ਲੈਣ ਲਈ ਪੁੱਜੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਦੇ ਚੱਲ ਰਹੇ ਕੰਮ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਭਾਵੇਂ ਉਸਾਰੀ ਕੰਮ ਵਿੱਚ ਥੌੜੀ ਦੇਰੀ ਹੋਈ ਹੈ ਪਰ ਤਾਂ ਵੀ ਇਸ ਪ੍ਰਾਜੈਕਟ ਨੂੰ ਤੈਅ ਮਿਤੀ 25 ਸਤੰਬਰ ਤੋਂ ਹੀ ਆਸਾਨੀ ਨਾਲ ਸ਼ੁਰੂ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪ੍ਰਾਜੈਕਟ ਦੇ ਕੰਮ ਦੇ ਮਿਆਰ ਨੂੰ ਯਕੀਨੀ
ਬਣਾਉਂਦੇ ਹੋਏ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਪ੍ਰਾਜੈਕਟ ਵਾਲੀ ਥਾਂ ’ਤੇ ਆਪਣੀ ਵੱਧ ਤੋਂ ਵੱਧ ਮੌਜੂਦਗੀ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਇਸ ਪ੍ਰਾਜੈਕਟ ਦੇ ਉਸਾਰੀ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਰੋਜ਼ਾਨਾ ਅਧਾਰ ’ਤੇ ਲੈਣਗੇ। ਇਸ ਪ੍ਰਾਜੈਕਟ ਦੀ ਸਮੇਂ ਸਿਰ ਸ਼ੁਰੂਆਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਮਪੁਰ ਘਰੇਲੂ ਹਵਾਈ ਅੱਡੇ ਦੀ ਸ਼ੁਰੂਆਤ ਨਾਲ ਦੁਆਬਾ ਖੇਤਰ ਤੇ ਖਾਸਕਰ ਜਲੰਧਰ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਘਰੇਲੂ ਹਵਾਈ ਅੱਡੇ ਸਦਕਾ ਪ੍ਰਵਾਸੀ ਪੰਜਾਬੀਆਂ ਦਾ ਆਪਣੇ ਪਿਛੋਕੜ ਵਾਲੇ ਪਿੰਡਾਂ ਨਾਲ ਰਾਬਤਾ ਵਧੇਗਾ। ਉਨ੍ਹਾਂ ਕਿਹਾ ਕਿ ਦੁਆਬਾ ਖੇਤਰ ਦੇ ਲੋਕਾਂ ਨੂੰ ਹੋਰ ਮੁਲਕਾਂ ਤੇ ਭਾਰਤ ਦੇ ਦੂਜੇ ਹਿੱਸਿਆਂ ਵਿੱਚ ਜਾਣ ਲਈ ਇਹ ਹਵਾਈ ਅੱਡਾ ਨਰੌਆ ਜ਼ਰੀਆ ਬਣੇਗਾ।
ਇਸੇ ਦੌਰਾਨ ਡਿਪਟੀ ਕਮਿਸਨਰ ਨੇ ਐਲਾਨ ਕੀਤਾ ਕਿ ਕੰਧੋਲਾ ਪਿੰਡ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਇਸ ਪਿੰਡ ਵਿਖੇ ਵਾਟਰ ਵਰਕਸ ਬਣਾਉਣ ਲਈ 57.26 ਲੱਖ ਰੁਪਏ ਦੇ ਪ੍ਰਾਜੈਕਟ ਨੂੰ ਮੰਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ। ਇਸ ਮੌਕੇ
ਏਅਰ ਪੋਰਟ ਅਥਾਰਿਟੀ ਆਫ ਇੰਡੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



