ਸਿੱਖਾਂ ਦੇ ਅਹਿਮ ਮਸਲਿਆਂ ਸਬੰਧੀ ਸਲਾਹਕਾਰ ਕਮੇਟੀ ਅਹਿਮ ਰਾਏ ਸਿੰਘ ਸਾਹਿਬਾਨ ਤੱਕ ਪਹੁੰਚਾਏਗੀ : ਪ੍ਰੋ. ਬਡੂੰਗਰ
ਬਹਾਦਰਗੜ੍ਹ/ਪਟਿਆਲਾ, 13 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਦੇ ਪੰਥਕ ਮਸਲਿਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ 11 ਮੈਂਬਰੀ ਸਲਾਹਕਾਰ ਕਮੇਟੀ ਦੀ ਪਲੇਠੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਹੋਈ।
ਮੀਟਿੰਗ ਦੌਰਾਨ ਮੈਂਬਰਾਂ ਅਤੇ ਬੁੱਧੀਜੀਵੀਆਂ ਨੇ ਕਮੇਟੀ ਦੇ ਕਾਰਜ ਖੇਤਰ ਅਤੇ ਅਧਿਕਾਰਾਂ ਨੂੰ ਲੈ ਕੇ ਆਪੋ-ਆਪਣੇ ਸੁਝਾਅ ਦਿੱਤੇ ਜਿਹਨਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੰਭੀਰਤਾ ਨਾਲ ਸੁਣਨ ਉਪਰੰਤ ਕਿਹਾ ਕਿ ਅੱਜ ਕੌਮਾਂਤਰੀ ਪੱਧਰ ਉਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸੰਦਰਭ ਵਿਚ ਕਮੇਟੀ ਨੂੰ ਕੰਮ ਕਰਨ ਦੀ ਲੋੜ ਹੈ ਅਤੇ ਅਹਿਮ ਮਸਲੇ ਵੀ ਪੰਜ ਸਿੰਘ ਸਾਹਿਬਾਨ ਤਕ ਪਹੁੰਚਾਏ ਜਾਣੇ ਚਾਹੀਦੇ ਹਨ। ਬੈਠਕ ਦੌਰਾਨ ਸਲਾਹਕਾਰ ਕਮੇਟੀ ਦੇ ਮੈਂਬਰਾਂ ’ਚੋਂ ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਪ੍ਰਭਜੋਤ ਕੌਰ ਚੰਡੀਗੜ੍ਹ, ਡਾ. ਮਲਕਿੰਦਰ ਕੌਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ, ਡਾ. ਹਰਜੀਤ ਸਿੰਘ ਗੁਰਮਤਿ ਕਾਲਜ ਪਟਿਆਲਾ, ਡਾ. ਸਰਬਜੀਤ ਸਿੰਘ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਾਜਦਵਿੰਦਰ ਸਿੰਘ ਸੰਪਾਦਕ ਸੱਚਖੰਡ ਪੱਤਰ, ਡਾ. ਜਸਵੰਤ ਸਿੰਘ ਪੰਜਾਬੀ ਯੂਨੀਵਰਸਿਟੀ ਕਾਲਜ ਢਿੱਲਵਾਂ ਬਰਨਾਲਾ, ਭਗਵਾਨ ਸਿੰਘ ਜੌਹਲ ਨੇ ਸ਼ਮੂਲੀਅਤ ਕੀਤੀ।



